ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਅਗਨੀਪਥ ਯੋਜਨਾ ਵਿਰੁੱਧ ਪੰਜਾਬ ਭਰ ਵਿੱਚ ਡੀ ਸੀ/ਐਸ ਡੀ ਐਮ ਦਫ਼ਤਰਾਂ ਅੱਗੇ ਕੀਤੇ ਜਾਣਗੇ ਵਿਸ਼ਾਲ ਰੋਸ ਪ੍ਰਦਰਸ਼ਨ
ਰਾਸ਼ਟਰਪਤੀ ਦੇ ਨਾਂਅ ਸੌਂਪੇ ਜਾਣਗੇ ਮੰਗ ਪੱਤਰ
ਚੰਡੀਗੜ੍ਹ, 23ਜੂਨ(ਵਿਸ਼ਵ ਵਾਰਤਾ)ਕੇਂਦਰੀ ਭਾਜਪਾ ਮੋਦੀ ਸਰਕਾਰ ਦੀ ਬਹੁਚਰਚਿਤ ਫੌਜੀ ਭਰਤੀ ਦੀ ਅਗਨੀਪਥ ਯੋਜਨਾ ਵਿਰੁੱਧ ਦੇਸ਼ ਭਰ ਵਿੱਚ ਹੋ ਰਹੇ ਵਿਸ਼ਾਲ ਜਨਤਕ ਰੋਸ ਪ੍ਰਦਰਸ਼ਨਾਂ ਨੂੰ ਹੋਰ ਬੁਲੰਦੀਆਂ ‘ਤੇ ਲੈ ਜਾਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਭਲਕੇ ਪੰਜਾਬ ਭਰ ਵਿੱਚ ਡੀ ਸੀ/ਐਸ ਡੀ ਐਮ ਦਫ਼ਤਰਾਂ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਜਾਰੀ ਕੀਤੇ ਗਏ ਸਾਂਝੇ ਪ੍ਰੈੱਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਰੋਸ ਪ੍ਰਦਰਸ਼ਨਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਹਰ ਪੱਧਰ ‘ਤੇ ਜਥੇਬੰਦਕ ਆਗੂਆਂ ਰਾਹੀਂ ਸਮੂਹ ਕਿਸਾਨਾਂ, ਖੇਤ ਮਜ਼ਦੂਰਾਂ, ਸਨਅਤੀ ਮਜ਼ਦੂਰਾਂ, ਮੁਲਾਜ਼ਮਾਂ, ਠੇਕਾ ਕਾਮਿਆਂ, ਨੌਜਵਾਨਾਂ, ਵਿਦਿਆਰਥੀਆਂ ਅਤੇ ਜਨਤਕ ਜਮਹੂਰੀ ਕਾਰਕੁਨਾਂ ਨਾਲ ਸੰਪਰਕ ਕਰਕੇ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਪਰਿਵਾਰਾਂ ਸਮੇਤ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਇਹ ਯੋਜਨਾ ਦੇਸ਼ ਦੇ ਕ੍ਰੋੜਾਂ ਬੇਰੁਜ਼ਗਾਰ ਨੌਜਵਾਨਾਂ ਲਈ ਪੱਕੀ ਸਰਕਾਰੀ ਨੌਕਰੀ ਦੀ ਗਰੰਟੀ ਦਾ ਹੱਕ ਵੀ ਖੋਂਹਦੀ ਹੈ ਅਤੇ ਦੇਸ਼ ਦੀ ਸੁਰੱਖਿਆ ਲਈ ਵੀ ਖਤਰਾ ਖੜ੍ਹਾ ਕਰਦੀ ਹੈ। ਉਨ੍ਹਾਂ ਦੱਸਿਆ ਕਿ ਰੋਸ ਪ੍ਰਦਰਸ਼ਨਾਂ ਮੌਕੇ ਸਰਕਾਰੀ ਉੱਚ ਅਧਿਕਾਰੀਆਂ ਨੂੰ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਜਾਵੇਗੀ ਕਿ ਅਗਨੀਪਥ ਯੋਜਨਾ ਨੂੰ ਤੁਰੰਤ ਅਤੇ ਪੂਰੀ ਤਰ੍ਹਾਂ ਰੱਦ ਕਰਕੇ ਇਸ ਯੋਜਨਾ ਤਹਿਤ ਭਰਤੀ ਦਾ ਨੋਟੀਫਿਕੇਸ਼ਨ ਵਾਪਸ ਲਿਆ ਜਾਵੇ। ਫੌਜ ਵਿੱਚ ਪਿਛਲੇ ਦੋ ਸਾਲਾਂ ਤੋਂ ਬੰਦ ਕੀਤੀ ਭਰਤੀ ਕਾਰਨ ਰਹਿੰਦੀਆਂ 1,25,000 ਅਸਾਮੀਆਂ ਅਤੇ ਇਸ ਸਾਲ ਖਾਲੀ ਹੋਣ ਵਾਲੀਆਂ ਲਗਭਗ 60,000 ਅਸਾਮੀਆਂ ਦੀ ਪਹਿਲਾਂ ਵਾਂਗ ਰੈਗੂਲਰ ਭਰਤੀ ਤੁਰੰਤ ਸ਼ੁਰੂ ਕੀਤੀ ਜਾਵੇ, ਜਿੱਥੇ ਭਰਤੀ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਸੀ, ਉਸ ਨੂੰ ਪੂਰਾ ਕੀਤਾ ਜਾਵੇ ਅਤੇ ਪਿਛਲੇ ਦੋ ਸਾਲਾਂ ਤੋਂ ਭਰਤੀ ਨਾ ਹੋਣ ਦੇ ਬਦਲੇ ਆਮ ਭਰਤੀ ਲਈ ਨੌਜਵਾਨਾਂ ਨੂੰ ਉਮਰ ਵਿੱਚ 2 ਸਾਲ ਦੀ ਛੋਟ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਇਨ੍ਹਾਂ ਮੰਗਾਂ ਨੂੰ ਲੈ ਕੇ ਦੇਸ਼ ਭਰ ਵਿੱਚ ਅੰਦੋਲਨ ਕਰ ਰਹੇ ਲੋਕਾਂ ਵਿਰੁੱਧ ਦਰਜ ਕੀਤੇ ਗਏ ਸਾਰੇ ਪੁਲਿਸ ਕੇਸ ਵਾਪਸ ਲਏ ਜਾਣ ਅਤੇ ਦਿੱਲੀ ਵਿਖੇ ਗ੍ਰਿਫ਼ਤਾਰ ਕਰਕੇ ਤਿਹਾੜ ਜੇਲ੍ਹ ਵਿੱਚ ਡੱਕੇ ਗਏ ਸੈਂਕੜੇ ਨੌਜਵਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ।























