ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਜਿਲ੍ਹਾ ਕੇਂਦਰਾਂ ‘ਤੇ ਧਰਨੇ ਆਰੰਭ
ਮਾਨਸਾ, 13 ਫਰਵਰੀ (ਵਿਸ਼ਵ ਵਾਰਤਾ)-ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਭਨਾਂ ਕੈਦੀਆਂ ਦੀ ਤੁਰੰਤ ਬਿਨਾਂ ਸ਼ਰਤ ਰਿਹਾਈ ਖਾਤਰ ਅੱਜ ਜਿਲ੍ਹਾ ਕੇਦਰਾਂ ‘ਤੇ ਧਰਨੇ ਆਰੰਭ ਹੋ ਗਏ ਹਨ ।
ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਪੰਜਾਬ ਸਮੇਤ ਦੇਸ਼ ਭਰ ਦੀਆਂ ਜੇਲ੍ਹਾਂ ‘ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਨੂੰ ਰਿਹਾਅ ਨਾ ਕਰਕੇ ਕੇਂਦਰੀ ਤੇ ਸੂਬਾ ਸਰਕਾਰਾਂ ਵੱਲੋਂ ਉਹਨਾਂ ਦੇ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ। ਇਹਨਾਂ ‘ਚ ਕੁੱਝ ਖਾਲਸਿਤਾਨੀ ਕੈਦੀਆਂ ਸਮੇਤ ਬਹੁਤ ਵੱਡੀ ਗਿਣਤੀ ਵਿੱਚ ਦਲਿਤ, ਆਦਿਵਾਸੀ, ਮੁਸਲਮਾਨ ਤੇ ਸਮਾਜ ਦੇ ਹੋਰ ਦੱਬੇ ਕੁਚਲੇ ਲੋਕ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਹ ਧਰਨੇ ਪੰਜਾਬ ਦੇ 18 ਜ਼ਿਲਿਆਂ ਵਿਚ ਅੱਜ ਜਥੇਬੰਦੀ ਦੇ ਦਿੱਤੇ ਸਮੇਂ ਅਨੁਸਾਰ ਸ਼ੁਰੂ ਹੋ ਗਏ ਹਨ।
ਉਨ੍ਹਾਂ ਦੱਸਿਆ ਕਿ ਜਥੇਬੰਦੀ ਦੀ ਤਹਿਸ਼ੁਦਾ ਸਮਝ ਅਨੁਸਾਰ ਫਿਰਕੂ ਕਤਲਾਂ ਦੇ ਦੋਸ਼ੀ ਖਾਲਿਸਤਾਨੀ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਲਈ ਅਵਾਜ਼ ਉਠਾਉਣਾ ਵੀ ਸਭਨਾਂ ਜਮਹੂਰੀ ਤਾਕਤਾਂ ਦਾ ਸਾਂਝਾ ਕਾਰਜ ਹੈ। ਸਜ਼ਾਵਾਂ ਪੂਰੀਆਂ ਕਰ ਚੁੱਕੇ ਸਭਨਾਂ ਜਾਤਾਂ, ਧਰਮਾਂ ਤੇ ਇਲਾਕਿਆਂ ਦੇ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਦੇ ਵਡੇਰੇ ਪ੍ਰਸੰਗ ‘ਚ ਦੇਖਿਆਂ ਸੌੜੇ ਧਾਰਮਿਕ ਅਤੇ ਫਿਰਕੂ ਪੈਂਤੜੇ ਦੀ ਥਾਂ ਇਸ ਮੁੱਦੇ ਨੂੰ ਧਰਮ ਨਿਰਪੱਖ ਅਤੇ ਜਮਹੂਰੀ ਪੈਂਤੜੇ ਤੋਂ ਉਠਾਉਣਾ ਹੀ ਸੰਘਰਸ਼ ਦਾ ਸਿੱਕੇਬੰਦ ਪੈਂਤੜਾ ਹੈ।
ਉਨ੍ਹਾਂ ਦੱਸਿਆ ਕਿ ਇਸੇ ਪੈਂਤੜੇ ਅਧੀਨ ਜਥੇਬੰਦੀ ਵੱਲੋਂ ਸ਼ੁਰੂਆਤੀ ਕਦਮ ਵਜੋਂ ਅੱਜ 13 ਫਰਵਰੀ ਦਾ ਐਕਸ਼ਨ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਸੂਬੇ ਦੀਆਂ ਸਭਨਾਂ ਜਮਹੂਰੀ ਸ਼ਕਤੀਆਂ ਅਤੇ ਲੋਕਾਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ ਕਿ ਉਹ ਜਾਬਰ ਤਾਨਾਸ਼ਾਹ ਭਾਰਤੀ ਰਾਜ ਦੁਆਰਾ ਧਾਰਮਿਕ ਘੱਟ ਗਿਣਤੀਆਂ, ਦਬਾਈਆਂ ਕੌਮਾਂ, ਆਦਿਵਾਸੀਆਂ ਅਤੇ ਦਲਿਤ ਜਾਤੀਆਂ ਸਮੇਤ ਸਭਨਾਂ ਮਿਹਨਤਕਸ਼ ਲੋਕਾਂ ਦੇ ਮਨੁੱਖੀ ਅਤੇ ਜਮਹੂਰੀ ਅਧਿਕਾਰਾਂ ਦੇ ਘਾਣ ਖਿਲਾਫ਼ ਸਾਂਝੀ ਲੋਕ ਲਹਿਰ ਉਸਾਰਨ ਦੇ ਰਾਹ ਪੈਣ।