ਭਾਰਤ ਜੋੜੋ ਯਾਤਰਾ ਨੂੰ ਲੈ ਕੇ ਪੰਜਾਬ ਕਾਂਗਰਸ ਦੀ ਮੀਟਿੰਗ
ਚੰਡੀਗੜ੍ਹ 27 ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਅੱਜ ਭਾਰਤ ਜੋੜੋ ਯਾਤਰਾ ਨੂੰ ਲੈ ਕੇ ਮੀਟਿੰਗ ਕਰੇਗੀ। ਪੰਜਾਬ ਮਹਿਲਾ ਕਾਂਗਰਸ ਦੀ ਨਵ-ਨਿਯੁਕਤ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਇਹ ਮੀਟਿੰਗ ਸਵੇਰੇ 11.30 ਵਜੇ ਪ੍ਰਦੇਸ਼ ਕਾਂਗਰਸ ਦੇ ਦਫ਼ਤਰ ਸੈਕਟਰ 15 ਚੰਡੀਗੜ੍ਹ ਵਿਖੇ ਸ਼ੁਰੂ ਹੋਵੇਗੀ। ਇਸ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਪੰਜਾਬ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਰਹਿਣਗੇ। ਮੀਟਿੰਗ ਵਿੱਚ ਪੰਜਾਬ ਮਹਿਲਾ ਕਾਂਗਰਸ ਦੇ ਸਮੂਹ ਜ਼ਿਲ੍ਹਾ ਪ੍ਰਧਾਨ, ਅਹੁਦੇਦਾਰ, ਬਲਾਕ ਪ੍ਰਧਾਨ ਅਤੇ ਵੱਖ-ਵੱਖ ਸੈੱਲਾਂ ਦੇ ਪ੍ਰਧਾਨ ਹਾਜ਼ਰ ਹੋਣਗੇ। ਸਾਰੇ ਆਗੂ ਅਤੇ ਅਹੁਦੇਦਾਰ ਮਿਲ ਕੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਪੰਜਾਬ ਆਉਣ ਅਤੇ ਸੂਬੇ ਵਿੱਚ ਯਾਤਰਾ ਜਾਰੀ ਰਹਿਣ ਤੱਕ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਗੇ। ਇਸ ਤੋਂ ਇਲਾਵਾ ਹੋਰ ਪਹਿਲੂਆਂ ‘ਤੇ ਵੀ ਚਰਚਾ ਕੀਤੀ ਜਾਵੇਗੀ। ਯਾਤਰਾ ਦੌਰਾਨ ਸਾਰੇ ਪ੍ਰਬੰਧਾਂ ਲਈ ਪੰਜਾਬ ਕਾਂਗਰਸ ਵੱਲੋਂ ਵੱਖ-ਵੱਖ ਆਗੂਆਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਦੱਸ ਦਈਏ ਕਿ ਭਾਰਤ ਜੋੜੋ ਯਾਤਰਾ 9 ਜਨਵਰੀ 2023 ਤੱਕ ਪੰਜਾਬ ਵਿੱਚ ਦਾਖਲ ਹੋ ਸਕਦੀ ਹੈ। ਰਾਹੁਲ ਗਾਂਧੀ ਆਪਣੇ ਦੌਰੇ ਦੌਰਾਨ ਸ਼ੰਭੂ ਬੈਰੀਅਰ ਰਾਹੀਂ ਪੰਜਾਬ ਵਿੱਚ ਦਾਖ਼ਲ ਹੋਣਗੇ। ਇਸ ਤੋਂ ਬਾਅਦ ਭਾਰਤ ਜੋੜੋ ਯਾਤਰਾ ਵੱਖ-ਵੱਖ ਜ਼ਿਲ੍ਹਿਆਂ ਤੋਂ ਹੁੰਦੀ ਹੋਈ ਪਠਾਨਕੋਟ ਵੱਲ ਰਵਾਨਾ ਹੋਵੇਗੀ।