ਡਰੱਗ ਰੈਕੇਟ ਮਾਮਲਾ:
ਮਜੀਠੀਆ ਦੀ ਅਗਾਊਂ ਜ਼ਮਾਨਤ ‘ਤੇ ਅੱਜ ਹੋਵੇਗੀ ਸੁਣਵਾਈ
ਚੰਡੀਗੜ੍ਹ, 5ਜਨਵਰੀ(ਵਿਸ਼ਵ ਵਾਰਤਾ)-ਪੰਜਾਬ ਦੇ ਬਹੁਚਰਚਿਤ ਡਰੱਗਜ਼ ਮਾਮਲੇ ‘ਚ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ‘ਤੇ ਅੱਜ ਸੁਣਵਾਈ ਹੋਵੇਗੀ। ਮਜੀਠੀਆ ਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਫੈਸਲਾ ਕਰੇਗੀ। ਕੋਰੋਨਾ ਕਾਰਨ ਪਟੀਸ਼ਨ ‘ਤੇ ਪੰਜਾਬ ਸਰਕਾਰ ਅਤੇ ਮਜੀਠੀਆ ਦੇ ਵਕੀਲਾਂ ਦੀਆਂ ਦਲੀਲਾਂ ਫਿਜ਼ੀਕਲ ਦੀ ਬਜਾਏ ਵਰਚੁਅਲ ਸੁਣਵਾਈ ਰਾਹੀਂ ਸੁਣੀਆਂ ਜਾਣਗੀਆਂ।
ਪੰਜਾਬ ਸਰਕਾਰ ਵੱਲੋਂ ਪੀ.ਚਿਦੰਬਰਮ ਜਦਕਿ ਮਜੀਠੀਆ ਵੱਲੋਂ ਮੁਕੁਲ ਰੋਹਤਗੀ ਬਹਿਸ ਵਿੱਚ ਹਿੱਸਾ ਲੈ ਸਕਦੇ ਹਨ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਮਜੀਠੀਆ ਨੇ ਮੋਹਾਲੀ ਅਦਾਲਤ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ। ਜਿਸ ਨੂੰ ਸੈਸ਼ਨ ਅਦਾਲਤ ਨੇ ਇਹ ਕਹਿ ਕੇ ਰੱਦ ਕਰ ਦਿੱਤਾ ਸੀ ਕਿ ਮਜੀਠੀਆ ‘ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਹਿਰਾਸਤ ‘ਚ ਪੁੱਛਗਿੱਛ ਜ਼ਰੂਰੀ ਹੈ।
ਹੁਣ ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਪੰਜਾਬ ਸਰਕਾਰ ਮਜੀਠੀਆ ਦੇ ਗੈਂਗਸਟਰਾਂ ਨਾਲ ਸਬੰਧਾਂ ਨੂੰ ਲੈ ਕੇ ਇੱਕ ਹੋਰ ਕੇਸ ਦਰਜ ਕਰ ਸਕਦੀ ਹੈ।