ਮਨੀਸ਼ ਸਿਸੋਦੀਆ ਦੀ ਥੋੜ੍ਹੀ ਦੇਰ ‘ਚ ਹੋਵੇਗੀ ਅਦਾਲਤ ‘ਚ ਪੇਸ਼ੀ
ਦਿੱਲੀ ‘ਚ AAP ਦਾ ਪ੍ਰਦਰਸ਼ਨ ਜਾਰੀ
ਚੰਡੀਗੜ੍ਹ, 27ਫਰਵਰੀ(ਵਿਸ਼ਵ ਵਾਰਤਾ) CBI ਕੁਝ ਦੇਰ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਰੌਜ਼ ਐਵੇਨਿਊ ਕੋਰਟ ਵਿੱਚ ਪੇਸ਼ ਕਰੇਗੀ। ਜਾਂਚ ਏਜੰਸੀ ਵਿਸ਼ੇਸ਼ ਸੀਬੀਆਈ ਜੱਜ ਐਮਕੇ ਨਾਗਪਾਲ ਤੋਂ ਸਿਸੋਦੀਆ ਦੀ ਹਿਰਾਸਤ ਦੀ ਮੰਗ ਕਰੇਗੀ। ਖਬਰਾਂ ਮੁਤਾਬਕ ਸਿਸੋਦੀਆ ਪਤਨੀ ਦੀ ਬੀਮਾਰੀ ਦੇ ਆਧਾਰ ‘ਤੇ ਜ਼ਮਾਨਤ ਲਈ ਅਪੀਲ ਕਰ ਸਕਦੇ ਹਨ।
ਜ਼ਿਕਰਯੋਗ ਹੈ ਕਿ ਜੁਲਾਈ 2022 ਵਿੱਚ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਮਨੀਸ਼ ਸਿਸੋਦੀਆ ਵਿਰੁੱਧ ਸੀਬੀਆਈ ਜਾਂਚ ਦੀ ਮੰਗ ਕੀਤੀ। ਸਕਸੈਨਾ ਨੇ ਸਿਸੋਦੀਆ ‘ਤੇ ਨਿਯਮਾਂ ਦੀ ਅਣਦੇਖੀ ਕਰਕੇ ਭ੍ਰਿਸ਼ਟਾਚਾਰ ਕਰਨ ਦਾ ਦੋਸ਼ ਲਾਇਆ ਸੀ। ਇਸ ਤੋਂ ਬਾਅਦ ਈਡੀ ਅਤੇ ਸੀਬੀਆਈ ਨੇ ਸਿਸੋਦੀਆ ਖਿਲਾਫ ਜਾਂਚ ਸ਼ੁਰੂ ਕੀਤੀ। ਇਸ ਮਾਮਲੇ ਵਿੱਚ ਭਾਜਪਾ ਨੇ ਨਵੇਂ ਟੈਂਡਰ ਤੋਂ ਬਾਅਦ ਸ਼ਰਾਬ ਦੇ ਠੇਕੇਦਾਰਾਂ ਦੇ 144 ਕਰੋੜ ਮੁਆਫ਼ ਕਰਨ ਦਾ ਦੋਸ਼ ਲਾਇਆ ਹੈ।
ਗੌਰਤਲਬ ਹੈ ਕਿ ਸੀਬੀਆਈ ਨੇ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਬੀਤੇ ਦਿਨ ਸਿਸੋਦੀਆ ਨੂੰ ਗ੍ਰਿਫਤਾਰ ਕੀਤਾ। ਜਾਂਚ ਏਜੰਸੀ ਨੇ ਕਿਹਾ ਸੀ ਕਿ ਸਿਸੋਦੀਆ ਸਵਾਲਾਂ ਦੇ ਸਹੀ ਜਵਾਬ ਨਹੀਂ ਦੇ ਰਹੇ ਸਨ। ਗ੍ਰਿਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਪੂਰੇ ਦੇਸ਼ ਵਿੱਚ ਪ੍ਰਦਰਸ਼ਨ ਕਰ ਰਹੀ ਹੈ। ਪੰਜਾਬ, ਮੱਧ ਪ੍ਰਦੇਸ਼, ਤੇਲੰਗਾਨਾ, ਉੱਤਰ ਪ੍ਰਦੇਸ਼ ਵਿੱਚ ਕਈ ਥਾਵਾਂ ‘ਤੇ ਕਾਰਕੁਨਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ।