ਮਹਿਲਾ ਪਹਿਲਵਾਨਾਂ ਦਾ ਜਿਣਸੀ ਸ਼ੋਸ਼ਣ ਮਾਮਲਾ :ਅਦਾਲਤ ‘ਚ ਸੁਣਵਾਈ ਅੱਜ
ਚੰਡੀਗੜ੍ਹ,16ਸਤੰਬਰ(ਵਿਸ਼ਵ ਵਾਰਤਾ)- ਭਾਰਤੀ ਕੁਸ਼ਤੀ ਮਹਾਸੰਘ (ਡਬਲਿਊ.ਐੱਫ.ਆਈ.) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਖਿਲਾਫ 6 ਬਾਲਗ ਪਹਿਲਵਾਨਾਂ ਦੇ ਜਿਣਸੀ ਸ਼ੋਸ਼ਣ ਦੇ ਮਾਮਲੇ ਦੀ ਸੁਣਵਾਈ ਅੱਜ ਦਿੱਲੀ ਦੀ ਰਾਉਸ ਐਵੇਨਿਊ ਕੋਰਟ ‘ਚ ਹੋਵੇਗੀ। ਪਿਛਲੀ ਤਰੀਕ ‘ਤੇ ਅਦਾਲਤ ਨੇ ਸੁਣਵਾਈ 15 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਸੀ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ 20 ਜੁਲਾਈ ਨੂੰ ਬ੍ਰਿਜਭੂਸ਼ਣ ਸ਼ਰਨ ਸਿੰਘ ਅਤੇ ਮੁਅੱਤਲ WFI ਸਹਾਇਕ ਸਕੱਤਰ ਵਿਨੋਦ ਤੋਮਰ ਨੂੰ ਵਧੀਕ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਹਰਜੀਤ ਸਿੰਘ ਜਸਪਾਲ ਨੇ ਜ਼ਮਾਨਤ ਦੇ ਦਿੱਤੀ ਸੀ।ਜ਼ਿਕਰਯੋਗ ਹੈ ਕਿ ਪਹਿਲਵਾਨ ਬਜਰੰਗ ਪੂਨੀਆ, ਵਿਨੇਸ਼ ਫੋਗਾਟ ਅਤੇ ਸਾਕਸ਼ੀ ਮਲਿਕ ਅਤੇ ਹੋਰ ਮਸ਼ਹੂਰ ਪਹਿਲਵਾਨਾਂ ਨੇ ਇਸ ਸਾਲ ਜਨਵਰੀ ਵਿਚ ਬ੍ਰਿਜ ਭੂਸ਼ਣ ‘ਤੇ ਜਿਣਸੀ ਸ਼ੋਸ਼ਣ ਦੇ ਦੋਸ਼ ਲਗਾ ਕੇ ਕਾਰਵਾਈ ਦੀ ਮੰਗ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ ਸੀ। ਦਿੱਲੀ ਦੇ ਜੰਤਰ-ਮੰਤਰ ‘ਤੇ ਕਈ ਦਿਨਾਂ ਤੱਕ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਦਿੱਲੀ ਪੁਲੀਸ ਨੇ ਬ੍ਰਿਜਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਸੀ।