ਮਾਈਕਰੋ ਅਬਜ਼ਰਵਰਾਂ ਦੇ ਕੰਮਕਾਜ ਦੀ ਨਿਗਰਾਨੀ ਕਰਨਗੇ 27 ਸਹਾਇਕ ਨੋਡਲ ਅਫ਼ਸਰ
ਪੋਲਿੰਗ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪੱਧਰ ‘ਤੇ 8 ਮੈਂਬਰੀ ਟੀਮ ਗਠਿਤ
ਜਲੰਧਰ, 18 ਫਰਵਰੀ (ਵਿਸ਼ਵ ਵਾਰਤਾ):-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ ਨੇ ਅੱਜ ਦੱਸਿਆ ਕਿ ਸਮੁੱਚੀ ਪੋਲਿੰਗ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਵਿੱਚ 27 ਸਹਾਇਕ ਨੋਡਲ ਅਫ਼ਸਰ (ਹਰੇਕ ਵਿਧਾਨ ਸਭਾ ਹਲਕੇ ਵਿੱਚ ਤਿੰਨ) ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵੱਲੋਂ ਮਾਈਕਰੋ ਅਬਜ਼ਰਵਰਾਂ ਦੇ ਕੰਮਕਾਜ ਦੀ ਨਿਗਰਾਨੀ ਕਰਨ ਤੋਂ ਇਲਾਵਾ ਚੋਣ ਅਬਜ਼ਰਵਰਾਂ ਨੂੰ ਰਿਪੋਰਟ ਕੀਤੀ ਜਾਵੇਗੀ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੁੱਚੀ ਚੋਣ ਪ੍ਰਕਿਰਿਆ ਦੀ ਨਿਗਰਾਨੀ ਲਈ ਸਾਰੀਆਂ ਪੋਲਿੰਗ ਲੋਕੇਸ਼ਨਾਂ ‘ਤੇ 1163 ਮਾਈਕਰੋ ਅਬਜ਼ਰਵਰ ਪਹਿਲਾਂ ਹੀ ਤਾਇਨਾਤ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵੱਲੋਂ ਸਬੰਧਤ ਸਹਾਇਕ ਨੋਡਲ ਅਫ਼ਸਰਾਂ ਨੂੰ ਰਿਪੋਰਟ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪੱਧਰ ਦੇ ਐਲ.ਡੀ.ਐਮ. ਜੈ ਭੂਸ਼ਣ ਦੀ ਅਗਵਾਈ ਵਿੱਚ ਇਕ 8 ਮੈਂਬਰੀ ਟੀਮ ਵੀ ਗਠਿਤ ਕੀਤੀ ਗਈ ਹੈ, ਜੋ ਸਮੂਹ ਮਾਈਕਰੋ ਅਬਜ਼ਰਵਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਦੇ ਕੰਮਕਾਜ ਦੀ ਨਿਗਰਾਨੀ ਕਰੇਗੀ ਤਾਂ ਜੋ ਸਮੁੱਚੀ ਵੋਟਿੰਗ ਪ੍ਰਕਿਰਿਆ ਨੂੰ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਹਾਇਕ ਨੋਡਲ ਅਫ਼ਸਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਉਨ੍ਹਾਂ ਦੀ ਚੋਣ ਡਿਊਟੀ ਅਤੇ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਨੂੰ ਸਮੇਂ ਸਿਰ ਚੋਣ ਅਬਜ਼ਰਵਰਾਂ ਨੂੰ ਰਿਪਰੋਟਾਂ ਭੇਜਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀਆਂ ਨੂੰ ਸਮੁੱਚੀ ਚੋਣ ਪ੍ਰਕਿਰਿਆ ਵਿੱਚ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ।ਇਸ ਮੌਕੇ ਸਹਾਇਕ ਨੋਡਲ ਅਫ਼ਸਰ ਜਗਦੀਸ਼ ਕੁਮਾਰ ਅਤੇ ਹੋਰ ਅਧਿਕਾਰੀ ਮੌਜੂਦ ਸਨ।