ਮਾਣਹਾਨੀ ਮਾਮਲੇ ‘ਚ ਸਜਾ ਦੇ ਖਿਲਾਫ ਰਾਹੁਲ ਦੀ ਪਟੀਸ਼ਨ ਖਾਰਜ
2 ਸਾਲ ਦੀ ਸਜ਼ਾ ‘ਤੇ ਰੋਕ ਦੀ ਕੀਤੀ ਸੀ ਮੰਗ
ਚੰਡੀਗੜ੍ਹ,20ਅਪ੍ਰੈਲ(ਵਿਸ਼ਵ ਵਾਰਤਾ)ਸੂਰਤ ਦੀ ਅਦਾਲਤ ਨੇ ਮਾਣਹਾਨੀ ਮਾਮਲੇ ‘ਚ 2 ਸਾਲ ਦੀ ਸਜ਼ਾ ਵਿਰੁੱਧ ਰਾਹੁਲ ਗਾਂਧੀ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਰਾਹੁਲ ਗਾਂਧੀ ਹੁਣ ਸਜ਼ਾ ਦੇ ਖਿਲਾਫ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਨਗੇ।
ਗੌਰਤਲਬ ਹੈ ਕਿ ਰਾਹੁਲ ਦੀ ਪਟੀਸ਼ਨ ‘ਤੇ ਸੂਰਤ ਦੀ ਸੈਸ਼ਨ ਕੋਰਟ ‘ਚ 3 ਅਪ੍ਰੈਲ ਨੂੰ ਸੁਣਵਾਈ ਹੋਈ ਸੀ। ਰਾਹੁਲ ਨੂੰ ਉਸ ਦੀ ਪਟੀਸ਼ਨ ‘ਤੇ ਫੈਸਲਾ ਆਉਣ ਤੱਕ ਜ਼ਮਾਨਤ ਦੇ ਦਿੱਤੀ ਗਈ ਸੀ। ਇਸ ਤੋਂ ਬਾਅਦ 13 ਅਪ੍ਰੈਲ ਨੂੰ ਸੁਣਵਾਈ ਹੋਈ ਸੀ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜ਼ਿਕਰਯੋਗ ਹੈ ਕਿ ਇਹ ਮਾਮਲਾ 2019 ਵਿੱਚ ਬੈਂਗਲੁਰੂ ਵਿੱਚ ਇੱਕ ਚੋਣ ਰੈਲੀ ਦੌਰਾਨ ਦਿੱਤੇ ਰਾਹੁਲ ਦੇ ਬਿਆਨ ਨਾਲ ਸਬੰਧਤ ਹੈ। ਰਾਹੁਲ ਨੇ ਰੈਲੀ ‘ਚ ਕਿਹਾ ਸੀ ਕਿ ਹਰ ਚੋਰ ਦਾ ਸਰਨੇਮ ਮੋਦੀ ਕਿਉਂ ਹੈ। ਇਸ ਬਿਆਨ ‘ਤੇ ਗੁਜਰਾਤ ਦੇ ਭਾਜਪਾ ਵਿਧਾਇਕ ਪੂਰਨੇਸ਼ ਮੋਦੀ ਨੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ।























