ਮਾਨਸੂਨ ਉੱਤਰ ਵੱਲ ਵਧਣਾ ਸ਼ੁਰੂ, ਇਨ੍ਹਾਂ ਸੂਬਿਆਂ ‘ਚ ਹੋਵੇਗੀ ਬਾਰਿਸ਼
ਚੰਡੀਗੜ੍ਹ, 21ਜੂਨ(ਵਿਸ਼ਵ ਵਾਰਤਾ)- ਉੱਤਰੀ ਭਾਰਤ ਸਮੇਤ ਦੇਸ਼ ਦੇ ਜ਼ਿਆਦਾਤਰ ਸੂਬੇ ਗਰਮੀ ਦੀ ਮਾਰ ਝੱਲ ਰਹੇ ਹਨ। ਹਾਲਾਂਕਿ ਮਾਨਸੂਨ ਦੇ ਮੀਂਹ ਨੇ ਕੁਝ ਰਾਜਾਂ ਅਤੇ ਸ਼ਹਿਰਾਂ ਵਿੱਚ ਗਰਮੀ ਤੋਂ ਰਾਹਤ ਜ਼ਰੂਰ ਦਿੱਤੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਮਾਨਸੂਨ ਨੇ 10 ਦਿਨਾਂ ਦੀ ਧੀਮੀ ਗਤੀ ਤੋਂ ਬਾਅਦ ਵੀਰਵਾਰ ਨੂੰ ਉੱਤਰ ਵੱਲ ਵਧਣਾ ਸ਼ੁਰੂ ਕਰ ਦਿੱਤਾ। ਇਹ ਓਡੀਸ਼ਾ, ਛੱਤੀਸਗੜ੍ਹ ਅਤੇ ਵਿਦਰਭ ਦੇ ਨਾਲ-ਨਾਲ ਉੱਤਰ-ਪੱਛਮੀ ਬੰਗਾਲ ਦੀ ਖਾੜੀ, ਉਪ ਹਿਮਾਲੀਅਨ ਬੰਗਾਲ ਅਤੇ ਬਿਹਾਰ ਦੇ ਵੱਡੇ ਹਿੱਸਿਆਂ ਤੱਕ ਪਹੁੰਚ ਗਿਆ ਹੈ।
ਮੌਸਮ ਵਿਭਾਗ ਅਨੁਸਾਰ ਅੱਜ (21 ਜੂਨ) ਨੂੰ ਦਿੱਲੀ, ਬਿਹਾਰ, ਝਾਰਖੰਡ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਕੁਝ ਥਾਵਾਂ ’ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ ਅਤੇ ਗੁਜਰਾਤ ਦੇ ਖੇਤਰਾਂ ਵਿੱਚ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ‘ਚ ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ ਅਤੇ ਅਰੁਣਾਚਲ ਪ੍ਰਦੇਸ਼ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।