ਵਿਰਾਸਤੀ ਰਹਿੰਦ-ਖੂੰਹਦ ਨੂੰ ਸਾਫ ਕਰਨ ਵਾਲਾ ਫਿਰੋਜ਼ਪੁਰ ਬਣਿਆ ਪੰਜਾਬ ਦਾ ਪਹਿਲਾ ਜ਼ਿਲ੍ਹਾ: ਡਾ.ਇੰਦਰਬੀਰ ਸਿੰਘ ਨਿੱਜਰ
ਚੰਡੀਗੜ੍ਹ, 17 ਦਸੰਬਰ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।
ਇਸ ਦਿਸ਼ਾ ਵਿਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਰਾਸਤੀ ਰਹਿੰਦ-ਖੂੰਹਦ ਨੂੰ ਸਾਫ ਕਰਨ ਵਾਲਾ ਫਿਰੋਜ਼ਪੁਰ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣਿਆ ਹੈ। ਜਿਸਨੇ 7911 ਮੀਟ੍ਰਿਕ ਟਨ ਵਿਰਾਸਤੀ ਰਹਿੰਦ-ਖੂੰਹਦ ਦੀ ਸਫਾਈ ਕੀਤੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਫਿਰੋਜ਼ਪੁਰ, ਜ਼ੀਰਾ, ਗੁਰੂਹਰਸਾਈ, ਤਲਵੰਡੀ ਭਾਈ, ਮੱਲਾਂਵਾਲਾ, ਮੁੱਦਕੀ, ਮੱਖੂ ਅਤੇ ਮਮਦੋਟ ਸਮੇਤ 8 ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ) ਵਾਲਾ ਜ਼ਿਲ੍ਹਾ ਫਿਰੋਜਪੁਰ ਨੇ ਆਪਣੀ ਵਿਰਾਸਤੀ ਰਹਿੰਦ-ਖੂੰਹਦ ਨੂੰ ਸਾਫ ਕਰਨ ਦਾ ਟੀਚਾ ਮੁਕੰਮਲ ਕਰ ਲਿਆ ਹੈ।
ਸਥਾਨਕ ਸਰਕਾਰਾਂ ਮੰਤਰੀ ਡਾ. ਨਿੱਜਰ ਨੇ ਦੱਸਿਆ ਕਿ ਹੁਣ ਰੋਜ਼ਾਨਾ ਰਹਿੰਦ- ਖੂੰਹਦ ਨੂੰ ਐਮ.ਆਰ.ਐਫ. ਅਤੇ ਕੰਪੋਸਟ ਪਿਟਸ ਵਿਚ ਭੇਜਿਆ ਜਾ ਰਿਹਾ ਹੈ ਤਾਂ ਜੋ ਇਸ ਦੀ ਰੀਸਾਈਕਲਿੰਗ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਰੋਜ਼ਾਨਾ ਡੋਰ ਟੂ ਡੋਰ 85 ਫੀਸਦੀ ਰਹਿੰਦ-ਖੂੰਹਦ ਨੂੰ ਵੱਖ-ਵੱਖ ਪ੍ਰਾਪਤ ਕੀਤਾ ਜਾਂਦਾ ਹੈ, ਬਾਕੀ ਦੀ ਮਿਸ਼ਰਤ ਰਹਿੰਦ-ਖੂੰਹਦ ਨੂੰ ਰੋਜ਼ਾਨਾ ਵੱਖ-ਵੱਖ ਕਰਕੇ ਉਸੇ ਦਿਨ ਇਸਦਾ ਨਿਪਟਾਰਾ ਕੀਤਾ ਜਾਂਦਾ ਹੈ।
ਕੈਬਨਿਟ ਮੰਤਰੀ ਡਾ. ਨਿੱਜਰ ਨੇ ਦੱਸਿਆ ਕਿ ਹੁਣ 100 ਫੀਸਦੀ ਰਹਿੰਦ-ਖੂੰਹਦ ਨੂੰ ਘਰ-ਘਰ ਜਾ ਕੇ ਵੱਖ-ਵੱਖ ਪ੍ਰਾਪਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਪਨਾ ਹੈ ਕਿ ਸੂਬਾ ਵਾਸੀਆਂ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਇਆ ਜਾਵੇ। ਇਸ ਦਿਸ਼ਾ ਵੱਲ ਇਕ ਕਦਮ ਅੱਗੇ ਵਧਾਉਂਦੇ ਹੋਏ ਪੰਜਾਬ ਸਰਕਾਰ ਨੇ ਇਸ ਦੀ ਸ਼ੁਰੂਆਤ ਫਿਰੋਜ਼ਪੁਰ ਜ਼ਿਲ੍ਹੇ ਤੋਂ ਕੀਤੀ ਹੈ, ਹੁਣ ਹੋਰ ਵੀ ਜ਼ਿਲਿਆਂ ਵਿਚ ਇਸ ਮੁਹਿੰਮ ਨੂੰ ਅੱਗੇ ਲਿਜਾਇਆ ਜਾਵੇਗਾ ਤਾਂ ਜੋ ਸੂਬੇ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਇਆ ਜਾ ਸਕੇ।
ਮੰਤਰੀ ਨੇ ਦੱਸਿਆ ਕਿ ਇਹ ਕੰਮ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਬੰਧਕਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਹਨਤ ਨਾਲ ਹੀ ਸੰਭਵ ਹੋ ਸਕਿਆ ਹੈ। ਇਸ ਲਈ ਉਨ੍ਹਾਂ ਵਿਭਾਗ ਦੇ ਪ੍ਰਬੰਧਕਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੱਤੀ।