ਮਾਨ ਸਰਕਾਰ ਨੇ ਪਹਿਲਾ ਪੂਰਨ ਬਜਟ ਕੀਤਾ ਪੇਸ਼
ਪੜ੍ਹੋ, ਕਿਸ ਖੇਤਰ ਦੇ ਬਜਟ ਵਿੱਚ ਕਿੰਨਾ ਹੋਇਆ ਵਾਧਾ ਤੇ ਇਸ ਵਾਰ ‘ਆਮ’ ਸਰਕਾਰ ਦੇ ਬਜਟ ਵਿੱਚ ਕੀ ਹੈ ‘ਖਾਸ’
ਚੰਡੀਗੜ੍ਹ, 10ਮਾਰਚ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਅੱਜ ਵਿਧਾਨ ਸਭਾ ਵਿੱਚ ਆਪਣਾ ਪਹਿਲਾ ਪੂਰਨ ਬਜਟ ਪੇਸ਼ ਕਰ ਰਹੀ ਹੈ। ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਵਾਰ ਉਨ੍ਹਾਂ ਦੀ ਸਰਕਾਰ ਆਪਣੇ ਕਈ ਵਾਅਦੇ ਅਤੇ ਗਾਰੰਟੀ ਨੂੰ ਪੂਰਾ ਕਰਨ ਜਾ ਰਹੀ ਹੈ। ਉਨ੍ਹਾਂ ਬਜਟ ਵਿੱਚ ਹਰ ਵਰਗ ਦਾ ਧਿਆਨ ਰੱਖਣ ਦਾ ਦਾਅਵਾ ਕੀਤਾ।ਬਜਟ ਤੋਂ ਪਹਿਲਾਂ ਹਰਪਾਲ ਚੀਮਾ ਨੇ ਕਿਹਾ ਕਿ ਇਸ ਬਜਟ ਵਿੱਚ ਸਾਰੇ ਵਰਗਾਂ ਨੂੰ ਧਿਆਨ ਵਿੱਚ ਰੱਖਿਆ ਗਿਆ ਹੈ। ‘ਆਪ’ ਸਰਕਾਰ ਬਜਟ ‘ਚ ਕਈ ਵਾਅਦੇ ਅਤੇ ਗਾਰੰਟੀ ਪੂਰੇ ਕਰੇਗੀ।
ਚੀਮਾ ਨੇ ਕਿਹਾ ਕਿ ਵਿੱਤੀ ਸਾਲ 2023-24 ਲਈ ਪੰਜਾਬ ਦਾ ਬਜਟ 1 ਲੱਖ 96 ਹਜ਼ਾਰ 462 ਕਰੋੜ ਰੁਪਏ ਹੋਵੇਗਾ, ਜੋ ਕਿ ਪਿਛਲੇ ਸਾਲ ਨਾਲੋਂ 26 ਫੀਸਦੀ ਵੱਧ ਹੈ। 2022-23 ਵਿੱਚ ਪੰਜਾਬ ਦਾ ਕੁੱਲ ਬਜਟ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਸੀ। ਚੀਮਾ ਨੇ ਦਾਅਵਾ ਕੀਤਾ ਕਿ ‘ਆਪ’ ਸਰਕਾਰ ਦਾ ਸਭ ਤੋਂ ਵੱਧ ਧਿਆਨ ਸਿੱਖਿਆ ਅਤੇ ਸਿਹਤ ਖੇਤਰਾਂ ‘ਤੇ ਹੈ, ਪਰ ਦੂਜੇ ਖੇਤਰਾਂ ‘ਤੇ ਵੀ ਬਰਾਬਰ ਧਿਆਨ ਦਿੱਤਾ ਜਾ ਰਿਹਾ ਹੈ। ਚੀਮਾ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਤਾਂ ਉਸ ਨੂੰ ਵਿਰਾਸਤ ਵਿਚ ਵੱਡੇ ਕਰਜ਼ੇ ਮਿਲੇ ਜੋ ਪਿਛਲੀਆਂ ਸਰਕਾਰਾਂ ਨੇ ਲਏ ਸਨ। ਇਸ ਦੇ ਬਾਵਜੂਦ ‘ਆਪ’ ਸਰਕਾਰ ਪੰਜਾਬ ਨੂੰ ਅੱਗੇ ਲਿਜਾਣ ਲਈ ਦ੍ਰਿੜ੍ਹ ਹੈ।
ਪੜ੍ਹੋ,ਇਸ ਵਾਰ ‘ਆਮ’ ਸਰਕਾਰ ਦੇ ਬਜਟ ਵਿੱਚ ਕੀ ਹੈ ‘ਖਾਸ’
ਤਕਨੀਕੀ ਸਿੱਖਿਆ ਸੰਸਥਾਵਾਂ ਦੇ ਸੁਧਾਰ ਲਈ 615 ਕਰੋੜ ਰੁਪਏ ਦਾ ਉਪਬੰਧ ਪ੍ਰਸਤਾਵਿਤ ਹੈ, ਜੋ ਕਿ ਪਿਛਲੇ ਸਾਲ ਨਾਲੋਂ ਲਗਭਗ 6 ਫੀਸਦੀ ਵੱਧ ਹੈ।
ਜੀਐਨਡੀਯੂ ਨੇ ਟਿਸ਼ੂ ਕਲਚਰ ਤੋਂ ਸੇਬ ਦੀ ਕਿਸਮ ਤਿਆਰ ਕੀਤੀ ਹੈ। ਅਗਲੇ ਦੋ ਸਾਲਾਂ ਵਿੱਚ ਹਿਮਾਚਲ ਵਾਂਗ ਸੇਬ ਪੰਜਾਬ ਦੇ ਅੰਦਰ ਨਜ਼ਰ ਆਉਣਗੇ।
ਪੰਜਾਬ ਸਰਕਾਰ ਨੇ ਸਕੂਲ ਅਤੇ ਉੱਚ ਸਿੱਖਿਆ ਲਈ 17,072 ਕਰੋੜ ਰੁਪਏ ਦੀ ਤਜਵੀਜ਼ ਰੱਖੀ ਹੈ, ਜੋ ਕਿ ਪਿਛਲੇ ਸਾਲ ਨਾਲੋਂ 12% ਵੱਧ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਚਨਬੱਧ ਖਰਚਿਆਂ ਲਈ 74,620 ਕਰੋੜ ਰੁਪਏ ਦੀ ਤਜਵੀਜ਼ ਰੱਖੀ, ਜੋ ਕਿ ਵਿੱਤੀ ਸਾਲ 2022-23 ਨਾਲੋਂ 12% ਵੱਧ ਹੈ।
ਪੰਜਾਬ ਦੇ ਵਿੱਤ ਮੰਤਰੀ ਨੇ ਵਿੱਤੀ ਸਾਲ 2023-24 ਲਈ ਪੂੰਜੀਗਤ ਖਰਚਿਆਂ ਲਈ 11,782 ਕਰੋੜ ਰੁਪਏ ਦਾ ਐਲਾਨ ਕੀਤਾ, ਜੋ ਕਿ ਪਿਛਲੇ ਸਾਲ ਦੇ ਬਜਟ ਨਾਲੋਂ 22% ਵੱਧ ਹੈ।
2023-24 ਦੇ ਬਜਟ ਵਿੱਚ ਪਿਛਲੇ ਸਾਲ ਨਾਲੋਂ 26% ਵਾਧਾ।
ਚੀਮਾ ਨੇ ਕੁੱਲ 1 ਲੱਖ 96 ਹਜ਼ਾਰ 462 ਕਰੋੜ ਦਾ ਬਜਟ ਪੇਸ਼ ਕਰਨ ਨੂੰ ਤਰਜੀਹ ਦਿੱਤੀ।
ਇਸ ਸਾਲ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਆਮਦਨ ਵਧਾਉਣ ‘ਤੇ ਧਿਆਨ ਦਿੱਤਾ ਜਾਵੇਗਾ।
ਇਸ ਤੋਂ ਇਲਾਵਾ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਪਿਛਲੀਆਂ ਸਰਕਾਰਾਂ ਵੱਲੋਂ ਦਿੱਤੇ ਤੋਹਫ਼ਿਆਂ (ਕਰਜ਼ਿਆਂ) ਨੂੰ ਰੱਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।