ਕਿਸਾਨ ਜਥੇਬੰਦੀਆਂ ਨੇ ਲਾਠੀਚਾਰਜ ਦੇ ਵਿਰੋਧ ਵਿੱਚ ਜਾਮ ਕੀਤੀਆਂ ਨੈਸ਼ਨਲ ਹਾਈਵੇ ਸ਼ੜਕਾ
ਬਠਿੰਡਾ, 9 ਅਕਤੂਬਰ (ਕੁਲਬੀਰ ਬੀਰਾ ):ਮੋਦੀ ਸਰਕਾਰ ਦੇ ਕਾਲੇ ਕਾਨੂੰਨ ਖ਼ਿਲਾਫ਼ ਪਿਛਲੇ ਦਿਨੀਂ ਹਰਿਆਣਾ ਵਿੱਚ ਜਬਰਦਸਤ ਰੋਸ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਤੇ ਹੋਏ ਲਾਠੀਚਾਰਜ ਦਾ ਮਾਮਲਾ ਪੂਰੇ ਦੇਸ਼ ਵਿੱਚ ਗੰਭੀਰ ਰੂਪ ਧਾਰਨ ਕਰ ਗਿਆ ਹੈ, ਕਿਸਾਨਾਂ ਤੇ ਹੋਏ ਲਾਠੀਚਾਰਜ ਦੇ ਵਿਰੋਧ ਦੀ ਅੱਗ ਪੰਜਾਬ ਵੀ ਪਹੁੰਚ ਗਈ ਹੈ । ਅੱਜ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ ਤੇ ਹੋਏ ਲਾਠੀਚਾਰਜ ਅਤੇ ਯੂਪੀ ਵਿੱਚ ਦਲਿਤ ਲੜਕੀ ਨਾਲ ਹੋਏ ਸਮੂਹਕ ਬਲਾਤਕਾਰ ਅਤੇ ਹੱਤਿਆ ਕਰਨ ਦੇ ਵਿਰੋਧ ਵਿੱਚ ਨੈਸ਼ਨਲ ਹਾਈਵੇ ਸੜਕਾਂ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸੇ ਲੜੀ ਤਹਿਤ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਆਈਟੀਆਈ ਚੌਕ ਵਿੱਚ ਦੋ ਘੰਟੇ ਜਾਮ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਰਤੀ ਕਿਸਾਨ ਯੂਨੀਅਨ ਸੂਬਾ ਵਿੰਗ ਦੇ ਸੂਬਾ ਕਮੇਟੀ ਮੈਂਬਰ ਸੁਖਦੀਪ ਸਿੰਘ ਬਾਠ, ਅਮਰਜੀਤ ਸਿੰਘ ਹਨੀ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰਾ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਲਾਕ ਪ੍ਰਧਾਨ ਹਰਵਿੰਦਰ ਸਿੰਘ ,ਜਮਹੂਰੀ ਕਿਸਾਨ ਸਭਾ ਦੇ ਆਗੂ ਦਰਸ਼ਨ ਸਿੰਘ ਫੁੱਲੋ ਮਿੱਠੀ, ਮਜ਼ਦੂਰ ਆਗੂ ਮਿੱਠੂ ਸਿੰਘ ਘੁੱਦਾ ਆਦਿ ਨੇ ਦੋਸ਼ ਲਾਏ ਕਿ ਮੋਦੀ ਸਰਕਾਰ ਕਿਸਾਨ ਵਿਰੋਧੀ ਹੈ ਅਤੇ ਹੱਕ ਮੰਗਦੇ ਲੋਕਾਂ ਦੀ ਆਵਾਜ਼ ਨੂੰ ਡੰਡੇ ਨਾਲ ਦਬਾਇਆ ਜਾ ਰਿਹਾ ਹੈ ਪ੍ਰੰਤੂ ਕਿਸਾਨ ਆਪਣਾ ਹੱਕ ਲੈ ਕੇ ਰਹਿਣਗੇ ਭਾਵੇਂ ਇਸ ਲਈ ਕੋਈ ਵੀ ਕੁਰਬਾਨੀਆਂ ਦੇਣੀਆਂ ਪੈਣ ।ਉਨ੍ਹਾਂ ਮੰਗ ਕੀਤੀ ਕਿ ਲਾਠੀਚਾਰਜ ਕਰਨ ਵਾਲੇ ਮੁਲਾਜ਼ਮਾਂ ਅਤੇ ਅਫਸਰਾਂ ਖਿਲਾਫ ਕਾਨੂੰਨਨ ਕਾਰਵਾਈ ਹੋਵੇ, ਦਰਜ ਕੀਤੇ ਕੇਸ ਰੱਦ ਕੀਤੇ ਜਾਣ, ਬਲਾਤਕਾਰ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੀ ਜਾਵੇ ਅਤੇ ਉਨ੍ਹਾਂ ਨੂੰ ਬਚਾਉਣ ਵਾਲੇ ਚਿਹਰੇ ਬੇਨਕਾਬ ਕੀਤੇ ਜਾਣ, ਡਾ ਸਵਾਮੀ ਨਾਥਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਭਾਅ ਦਿੱਤੇ ਜਾਣ ,ਕਰਜ਼ਾ ਮਾਫ਼ ਕੀਤਾ ਜਾਵੇ ਨਹੀਂ ਤਾਂ ਉਹ ਆਉਂਦੇ ਦਿਨਾਂ ਵਿਚ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ