ਮਾਲਵਿੰਦਰ ਕੰਗ ਨੇ ਕਿਹਾ, ਕੇਜਰੀਵਾਲ ਖਿਲਾਫ ਸਿਆਸੀ ਬਦਲਾਖੋਰੀ ਦੇ ਤਹਿਤ ਹੋ ਰਹੀ ਹੈ ਕਾਰਵਾਈ
ਚੰਡੀਗੜ੍ਹ 26ਜੂਨ( ਵਿਸ਼ਵ ਵਾਰਤਾ) : ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਅਤੇ ਲੋਕ ਸਭਾ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫਤਾਰੀ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸਿਆਸੀ ਬਦਲਾਖੋਰੀ ਦੇ ਤਹਿਤ ਬੀਜੇਪੀ ਦੀ ਕੇਂਦਰ ਸਰਕਾਰ ਵੱਲੋ ਏਜੇਂਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਇਸ ਕਦਮ ਨੂੰ ਗੈਰ ਜਮਹੂਰੀ ਅਤੇ ਸੰਵਿਧਾਨ ਦੇ ਖਿਲਾਫ ਕਰਾਰ ਦਿੱਤਾ ਹੈ। ਕੰਗ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਜਿਸ ਤਰ੍ਹਾਂ ਈ.ਡੀ ਨੇ ਫ਼ੌਰੀ ਤੌਰ ‘ਤੇ ਫ਼ੈਸਲੇ ਦੀ ਕਾਪੀ ਨਾ ਮਿਲਣ ‘ਤੇ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ, ਉਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਇਹ ਸਭ ਕੁਝ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਦੇ ਇਸ਼ਾਰੇ ‘ਤੇ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਮੁੱਖ ਮੁਲਜ਼ਮ ਰਾਘਵ ਰੈਡੀ ਅਤੇ ਸ਼ਰਦਚੰਦਰ ਰੈਡੀ ਨਾਲ ਭਾਜਪਾ ਦੇ ਸਬੰਧ ਹਨ। ਉਨ੍ਹਾਂ ਨੇ ਚੋਣ ਬਾਂਡ ਰਾਹੀਂ ਭਾਜਪਾ ਨੂੰ 60 ਕਰੋੜ ਰੁਪਏ ਦੇ ਚੋਣ ਫੰਡ ਦਿੱਤੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਫੰਡ ਦੇਣ ਵਾਲੇ ਵਿਅਕਤੀ ਦੇ ਬਿਆਨ ਦੇ ਆਧਾਰ ‘ਤੇ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੇ ਰਾਘਵ ਰੈਡੀ ਦੇ ਪਿਤਾ ਨੂੰ ਲੋਕ ਸਭਾ ਟਿਕਟ ਵੀ ਦਿੱਤੀ ਹੈ। ਇਸ ਤੋਂ ਉਨ੍ਹਾਂ ਦੇ ਇਰਾਦੇ ਸਾਫ਼ ਦਿਖਾਈ ਦਿੰਦੇ ਹਨ। ਕੰਗ ਦੇ ਕਿਹਾ ਕਿ ਉਨ੍ਹਾਂ ਨੂੰ ਕਾਨੂੰਨ ‘ਤੇ ਪੂਰਾ ਭਰੋਸਾ ਹੈ ਅਤੇ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਨਿਆ ਜਰੂਰ ਮਿਲੇਗਾ।