ਮੀਜਲ ਅਤੇ ਰੁਬੇਲਾ ਦੇ ਟੀਕਾਕਰਨ ਤੋਂ ਵਾਂਝੇ ਬੱਚਿਆਂ ਦੀ ਪਹਿਚਾਣ ਕਰਕੇ ਟੀਕਾਕਰਨ ਜ਼ਰੂਰ ਕੀਤਾ ਜਾਵੇ-ਵਧੀਕ ਡਿਪਟੀ ਕਮਿਸ਼ਨਰ
ਟੀਕਾਕਰਨ ਗਤੀਵਿਧੀਆਂ ਹੋਰ ਮਜ਼ਬੂਤੀ ਨਾਲ ਤੇ ਨਿਯਮਿਤ ਤੌਰ `ਤੇ ਚਲਾਈਆਂ ਜਾਣ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮੀਜ਼ਲ ਤੇ ਰੁਬੇਲਾ ਦੀ ਰੋਕਥਾਮ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ
ਫਾਜ਼ਿਲਕਾ 28 ਅਪ੍ਰੈਲ (ਵਿਸ਼ਵ ਵਾਰਤਾ):- ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ. ਮਨਦੀਪ ਕੌਰ ਵੱਲੋਂ ਮੀਜ਼ਲ ਅਤੇ ਰੁਬੇਲਾ ਦੇ ਸਬੰਧ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਸਾਲ 2023 ਤੱਕ ਬਿਮਾਰੀ ਦੇ ਖਾਤਮੇ ਲਈ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ ਲਈ ਟੀਕਾਕਰਨ ਮੁਹਿੰਮ ਨੂੰ ਹੋਰ ਅਸਰਦਾਰ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਡਬਲਯੂ.ਐੱਚ.ਓ ਤੋਂ ਸਰਵੀਲੈਂਸ ਮੈਡੀਕਲ ਅਫਸਰ ਡਾ. ਮੇਘਾ ਪ੍ਰਕਾਸ਼ ਵੀ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਮੀਜਲ ਅਤੇ ਰੁਬੇਲਾ ਦੇ ਟੀਕਾਕਰਨ ਤੋਂ ਵਾਂਝੇ ਬੱਚਿਆਂ ਦੀ ਪਹਿਚਾਣ ਕਰਕੇ ਉਨ੍ਹਾਂ ਦਾ ਟੀਕਾਕਰਨ ਜ਼ਰੂਰ ਕੀਤਾ ਜਾਵੇ। ਜਿਥੇ ਪ੍ਰਵਾਸੀ ਵਸੋਂ ਦਾ ਆਉਣਾ-ਜਾਣਾ ਰਹਿੰਦਾ ਹੈ ਉਸ ਖਿੱਤੇ ਵਿਚ ਟੀਕਾਕਰਨ ਗਤੀਵਿਧੀਆਂ ਹੋਰ ਮਜ਼ਬੂਤੀ ਨਾਲ ਤੇ ਨਿਯਮਿਤ ਤੌਰ `ਤੇ ਚਲਾਈਆਂ ਜਾਣ। ਉਨ੍ਹਾਂ ਨੇ ਕਿਹਾ ਕਿ ਪ੍ਰਾਈਵੇਟ ਮੈਡੀਕਲ ਅਦਾਰਾ ਵੀ ਮੀਜਲ ਅਤੇ ਰੁਬੇਲਾ ਦੇ ਸ਼ੱਕੀ ਕੇਸਾਂ ਦੀ ਸੂਚਨਾ ਸਿਹਤ ਵਿਭਾਗ ਨੂੰ ਦੇਣ। ਉਨ੍ਹਾਂ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਆਂਗਣਵਾੜੀਆਂ ਵਿਚ ਆਉਂਦੇ ਬਚਿਆਂ ਦੇ ਟੀਕਾਕਰਨ ਸਬੰਧੀ ਸੂਚਨਾ ਸਿਹਤ ਵਿਭਾਗ ਨੂੰ ਦੇਣ। ਉਨ੍ਹਾਂ ਨੇ ਪੇਲਅ ਵੇਅ ਆਦਿ ਸਕੂਲਾਂ ਨੂੰ ਕਿਹਾ ਕਿ ਬੱਚਿਆਂ ਦੇ ਮਾਪਿਆਂ ਨੂੰ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕਰਨ। ਹੈ। ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤਾਂ ਇਸ ਮੁਹਿੰਮ ਨੂੰ ਸਫਲ ਬਣਾਉਣ ਵਿਚ ਸਿਹਤ ਵਿਭਾਗ ਦਾ ਸਹਿਯੋਗ ਜ਼ਰੂਰ ਦੇਣ ਤੇ ਸਲੱਮ ਏਰੀਏ ਵਿੱਚ ਰਹਿੰਦੇ ਲੋਕਾਂ ਨੂੰ ਗੁਰਦੁਆਰਾ ਸਾਹਿਬ ਤੋਂ ਅਨਾਊਸਮੈਂਟ ਰਾਹੀਂ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਟੀਕਾਕਰਨ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਦਾ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।
ਡਬਲਯੂ.ਐੱਚ.ਓ ਤੋਂ ਸਰਵੀਲੈਂਸ ਮੈਡੀਕਲ ਅਫਸਰ ਡਾ. ਮੇਘਾ ਪ੍ਰਕਾਸ਼ ਨੇ ਮੀਜ਼ਲ ਅਤੇ ਰੁਬੇਲਾ ਟੀਕਾਕਰਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਰਲਡ ਹੈਲਥ ਆਰਗੇਨਾਈਜ਼ੇਸ਼ਨ ਵੱਲੋਂ ਐਮ.ਆਰ. ਵੈਕਸੀਨ ਨੂੰ ਸੁਰੱਖਿਅਤ ਮਾਨਤਾ ਦਿੱਤੀ ਗਈ ਹੈ । ਉਨ੍ਹਾਂ ਨੇ ਦੱਸਿਆ ਕਿ ਇਹ ਵੈਕਸੀਨੇਸ਼ਨ 9 ਮਹੀਨੇ ਤੋਂ ਲੈ ਕੇ 15 ਸਾਲ ਦੇ ਸਾਰੇ ਬੱਚਿਆਂ ਨੂੰ ਲਗਾਉਣੀ ਬਹੁਤ ਜ਼ਰੂਰੀ ਹੈ। ਇਸ ਸਾਲ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੁਣ ਤੱਕ 9610 ਬੱਚਿਆਂ ਨੂੰ ਟੀਕੇ ਦੀ ਪਹਿਲੀ ਡੋਜ਼ ਅਤੇ 8249 ਬੱਚਿਆਂ ਨੂੰ ਦੂਜੀ ਡੋਜ ਲੱਗ ਚੁੱਕੀ ਹੈ। ਉਨ੍ਹਾ ਦੱਸਿਆ ਕਿ ਮੀਜਲ ਰੁਬੇਲਾ (ਖਸਰਾ/ਛੋਟੀ ਮਾਤਾ) ਵਾਇਰਸ ਨਾਲ ਹੋਣ ਵਾਲਾ ਇਕ ਰੋਗ ਹੈ ਅਤੇ ਬੁਖਾਰ ਨਾਲ ਸ਼ਰੀਰ `ਤੇ ਦਾਣੇ ਪੈਣੇ ਇਸ ਦਾ ਮੁੱਖ ਲੱਛਣ ਹੈ। ਇਸ ਤੋਂ ਬਚਾਅ ਲਈ 9 ਅਤੇ 18 ਮਹੀਨੇ ਦੀ ਉਮਰ ਵਿਚ ਕ੍ਰਮਵਾਰ ਦੋ ਟੀਕੇ ਲਗਵਾਏ ਜਾਣੇ ਚਾਹੀਦੇ ਹਨ। ਪਰ ਜੇਕਰ ਕਿਸੇ ਵਿਸ਼ੇਸ਼ ਹਾਲਤ ਵਿਚ ਇਹ ਟੀਕੇ ਨਹੀਂ ਲਗੇ ਤਾਂ ਵੱਧ ਤੋਂ ਵੱਧ 5 ਸਾਲ ਦੀ ਉਮਰ ਵਿਚ ਲਗਾਏ ਜਾ ਸਕਦੇ ਹਨ। ਇਸੇ ਤਰਾਂ ਰੁਬੈਲਾ ਵੀ ਵਾਇਰਲ ਵਾਂਗ ਹੈ ਜੋ ਗਰਭਵਤੀ ਔਰਤ ਨੂੰ ਜੇਕਰ ਗਰਭ ਦੇ ਪਹਿਲੇ ਤਿੰਨ ਮਹੀਨਿਆਂ ਵਿੱਚ ਹੋ ਜਾਵੇ ਤਾਂ ਬੱਚੇ ਵਿੱਚ ਜਮਾਂਦਰੂ ਰੋਗ ਹੋਣ ਦਾ ਖ਼ਤਰਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਖ਼ਸਰਾ ਤੇ ਰੁਬੇਲਾ ਭਿਆਨਕ ਬਿਮਾਰੀਆਂ ਹਨ ਅਤੇ ਇਨ੍ਹਾਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਹੀ ਸਿਹਤ ਵਿਭਾਗ ਵੱਲੋਂ ਬਿਲਕੁਲ ਮੁਫ਼ਤ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਤੇ ਪੂਰੇ ਦੇਸ਼ ਵਿਚੋਂ ਪੋਲੀਓ ਵਰਗੀ ਬਿਮਾਰੀ ਦਾ ਖ਼ਾਤਮਾ ਵੀ ਟੀਕਾਕਰਨ ਦੁਆਰਾ ਹੀ ਕੀਤਾ ਗਿਆ ਹੈ ਤੇ ਹੁਣ ਖ਼ਸਰਾ ਤੇ ਰੁਬੈਲਾ ਵਰਗੀਆਂ ਘਾਤਕ ਬਿਮਾਰੀਆਂ ਦਾ ਵੀ ਖ਼ਾਤਮਾ ਟੀਕਾਕਰਨ ਦੁਆਰਾ ਹੀ ਕੀਤਾ ਜਾ ਸਕਦਾ ਹੈ।
ਇਸ ਮੌਕੇ ਐੱਸ.ਐੱਮ.ਓ ਫਾਜ਼ਿਲਕਾ ਡਾ. ਰੋਹਿਤ, ਐੱਸ.ਐੱਮ.ਓ ਡੱਬਵਾਲਾ ਕਲਾ ਡਾ. ਪੰਕਜ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਐਰਿਕ, ਜ਼ਿਲ੍ਹਾ ਮਹਾਮਾਰੀ ਅਫਸਰ ਡਾ. ਸੁਨੀਤਾ, ਜ਼ਿਲ੍ਹਾ ਮਾਸ ਮੀਡੀਆ ਅਫਸਰ ਅਨਿਲ ਧਾਮੂ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਜੇਸ ਕੁਮਾਰ, ਡਾ. ਕੋਨਾਲ, ਸ਼ਵੇਤਾ, ਸੰਦੀਪ ਕੌਰ, ਦਿਵੇਸ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਤੇ ਸਿਹਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।