ਮੁਹਾਲੀ ਦੇ ਆਈਲੈਟਸ ਕੋਚਿੰਗ ਇੰਸਟੀਚਿਊਟ ਵਿਰੁੱਧ ਏਡੀਸੀ ਨੇ ਕੀਤੀ ਕਾਰਵਾਈ;90 ਦਿਨਾਂ ਲਈ ਲਾਇਸੈਂਸ ਮੁਅੱਤਲ
ਪੜ੍ਹੋ ਕਿਹੜੇ ਇੰਸਟੀਚਿਊਟ ਵਿਰੁੱਧ ਅਤੇ ਕਿਉਂ ਹੋਈ ਕਾਰਵਾਈ
ਚੰਡੀਗੜ੍ਹ,5 ਜੁਲਾਈ(ਵਿਸ਼ਵ ਵਾਰਤਾ)-ਪੰਜਾਬ ਦੇ ਮੁਹਾਲੀ ਜ਼ਿਲ੍ਹੇ ਦੇ ਫੇਜ਼ 3ਬੀ 2 ਵਿੱਚ ਸਥਿਤ ਆਈਲੈਟਸ ਫਰਮ ‘ਡਾਊਨ ਟਾਊਨ ਓਵਰਸੀਜ਼’ ਦੀ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਦਾ ਲਾਇਸੈਂਸ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਪੰਜਾਬ ਟਰੈਵਲਜ਼ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, 2012 ਤਹਿਤ ਕੀਤੀ ਗਈ ਹੈ। ਮੁਹਾਲੀ ਦੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਅਮਨਿੰਦਰ ਕੌਰ ਬਰਾੜ ਨੇ ਆਈਲੈਟਸ ਸੰਸਥਾ ਖ਼ਿਲਾਫ਼ ਇਹ ਕਾਰਵਾਈ ਕੀਤੀ ਹੈ। ਇਹ ਕੋਚਿੰਗ ਸੈਂਟਰ ਫੇਜ਼ 3ਬੀ2 ਦੇ ਐਸਸੀਐਫ ਨੰਬਰ 31 ਦੀ ਦੂਜੀ ਅਤੇ ਤੀਜੀ ਮੰਜ਼ਿਲ ’ਤੇ ਹੈ।
ਮੁਹਾਲੀ ਦੇ ਏਡੀਸੀ ਨੇ ਦੱਸਿਆ ਕਿ ਫਰਮ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ ਦੇ ਕੰਮ ਲਈ ਲਾਇਸੈਂਸ ਜਾਰੀ ਕੀਤਾ ਗਿਆ ਸੀ। ਇਹ 13 ਨਵੰਬਰ 2024 ਤੱਕ ਵੈਧ ਸੀ। ਇਸ ਵਿਰੁੱਧ ਮਿਲੀ ਸ਼ਿਕਾਇਤ ਤੋਂ ਬਾਅਦ ਗਾਹਕਾਂ ਅਤੇ ਉਨ੍ਹਾਂ ਤੋਂ ਵਸੂਲੀ ਗਈ ਫੀਸ ਬਾਰੇ ਜਾਣਕਾਰੀ ਮੰਗੀ ਗਈ ਸੀ। ਇਸ ਦੇ ਨਾਲ ਹੀ ਕਿਹਾ ਗਿਆ ਕਿ ਗਾਹਕਾਂ ਨੂੰ ਦਿੱਤੀ ਜਾਣ ਵਾਲੀ ਸੇਵਾ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਸਮਾਂ ਬੀਤ ਜਾਣ ਦੇ ਬਾਵਜੂਦ ਵੀ ਜਾਣਕਾਰੀ ਨਾ ਦੇਣ ਕਾਰਨ ਇਹ ਕਾਰਵਾਈ ਕੀਤੀ ਗਈ ਹੈ। ਇਸ ਤੋਂ ਪਹਿਲਾਂ ਨੋਟਿਸ ਵੀ ਜਾਰੀ ਕੀਤਾ ਗਿਆ ਸੀ।
ਇਸ ਦੇ ਨਾਲ ਹੀ ਦੱਸ ਦਈਏ ਕਿ ਫਰਮ ਦੇ ਖਿਲਾਫ ਮਟੌਰ ਥਾਣੇ ਵਿੱਚ ਪੰਜਾਬ ਟਰੈਵਲ ਪ੍ਰੋਫੈਸ਼ਨਲ ਐਕਟ ਤਹਿਤ ਮਾਮਲਾ ਵੀ ਦਰਜ ਕੀਤਾ ਗਿਆ ਸੀ। ਇਹ ਜਾਣਕਾਰੀ ਮੁਹਾਲੀ ਦੇ ਐਸਐਸਪੀ ਨੇ ਡੀਸੀ ਦਫ਼ਤਰ ਨਾਲ ਸਾਂਝੀ ਕੀਤੀ, ਜਿਸ ਤੋਂ ਬਾਅਦ ਵਿਭਾਗ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਏਡੀਸੀ ਨੇ ਕਿਹਾ ਕਿ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, 2012 ਦੀ ਧਾਰਾ 6(1)(ਈ) ਦੀ ਉਲੰਘਣਾ ਕੀਤੀ ਗਈ ਹੈ। ਅਜਿਹੇ ‘ਚ ਇਸ ਦਾ ਲਾਇਸੈਂਸ 3 ਮਹੀਨਿਆਂ ਲਈ ਸਸਪੈਂਡ ਕਰ ਦਿੱਤਾ ਗਿਆ ਹੈ। ਲਾਇਸੰਸਧਾਰਕ ਫਰਮ ਨੂੰ 15 ਦਿਨਾਂ ਦੇ ਅੰਦਰ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਇਸ ਸਬੰਧੀ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਨੂੰ ਕਿਹਾ ਗਿਆ ਹੈ ਕਿ ਇਸ ਦਾ ਲਾਇਸੈਂਸ ਪੂਰੀ ਤਰ੍ਹਾਂ ਰੱਦ ਕਿਉਂ ਨਾ ਕੀਤਾ ਜਾਵੇ।