ਮੁੱਖ ਮੰਤਰੀ ਚੰਨੀ ਅਤੇ ਸਿੱਧੂ ਮੂਸੇਵਾਲਾ ਖਿਲਾਫ ਕੇਸ ਦਰਜ
ਪੜ੍ਹੋ,ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ,19 ਫਰਵਰੀ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੀ ਗਈ ਉਲੰਘਣਾ ਦਾ ਨੋਟਿਸ ਲੈਂਦਿਆਂ ਚੋਣ ਕਮਿਸ਼ਨਰ (ਈਸੀ) ਨੇ ਸਮਾਂ ਸੀਮਾ ਤੋਂ ਬਾਅਦ ਚੋਣ ਪ੍ਰਚਾਰ ਕਰਨ ਦੇ ਦੋਸ਼ ਵਿੱਚ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਰਿਪੋਰਟਾਂ ਅਨੁਸਾਰ, ਮੁੱਖ ਮੰਤਰੀ ਚੰਨੀ ਸੂਬੇ ਦੇ ਮਾਨਸਾ ਜ਼ਿਲ੍ਹੇ ਵਿੱਚ ਕਾਂਗਰਸੀ ਉਮੀਦਵਾਰ ਗਾਇਕ ਤੋਂ ਸਿਆਸਤਦਾਨ ਬਣੇ ਸਿੱਧੂ ਮੂਸੇ ਵਾਲਾ ਲਈ ਚੋਣ ਪ੍ਰਚਾਰ ਕਰ ਰਹੇ ਸਨ। ਮੁੱਖ ਮੰਤਰੀ ਨੇ ਪੰਜਾਬ ਚੋਣਾਂ ਤੋਂ ਦੋ ਦਿਨ ਪਹਿਲਾਂ ਮਾਨਸਾ ਵਿੱਚ ਘਰ-ਘਰ ਪ੍ਰਚਾਰ ਕਰਦਿਆਂ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕੀਤੀ ਹੈ।
ਚੋਣ ਕਮਿਸ਼ਨ ਨੇ ਚੰਨੀ ਖ਼ਿਲਾਫ਼ ਮਾਨਸਾ ਵਿਖੇ ਧਾਰਾ 188 ਤਹਿਤ ਕੇਸ ਦਰਜ ਕੀਤਾ ਹੈ। ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਉਮੀਦਵਾਰਾਂ ਨੂੰ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਬਾਅਦ ਆਪਣਾ ਪ੍ਰਚਾਰ ਬੰਦ ਕਰਨਾ ਸੀ। ਚੋਣ ਕਮਿਸ਼ਨ ਨੇ ਵੀਰਵਾਰ ਨੂੰ ਇਹ ਵੀ ਐਲਾਨ ਕੀਤਾ ਸੀ ਕਿ ਸਾਰੀਆਂ ਰੈਲੀਆਂ ਅਤੇ ਜਨਤਕ ਮੀਟਿੰਗਾਂ ਸ਼ੁੱਕਰਵਾਰ ਨੂੰ ਨਿਰਧਾਰਤ ਸਮੇਂ ‘ਤੇ ਖਤਮ ਹੋਣਗੀਆਂ। ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਕਾਂਗਰਸੀ ਵਰਕਰਾਂ ਅਤੇ ਮਾਨਸਾ ਤੋਂ ਉਮੀਦਵਾਰ ਸਿੱਧੂ ਮੂਸੇ ਵਾਲਾ ਨਾਲ ਪੈਦਲ ਯਾਤਰਾ ਕੱਢੀ।
ਇਸ ਤੋਂ ਇਲਾਵਾ, ਜ਼ਮੀਨੀ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਚੰਡੀਗੜ੍ਹ ਵਿੱਚ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕਰਨ ਵਾਲੇ ਚਰਨਜੀਤ ਸਿੰਘ ਚੰਨੀ ਸ਼ਾਮ 5 ਵਜੇ ਦੇ ਕਰੀਬ ਪਟਿਆਲਾ ਲਈ ਰਵਾਨਾ ਹੋਏ ਅਤੇ ਸ਼ਾਮ 6 ਵਜੇ ਪੁੱਜੇ। ਸਮਾਂ ਨਾ ਹੋਣ ਦੇ ਬਾਵਜੂਦ ਕਾਂਗਰਸੀ ਆਗੂ ਨੇ ਚੋਣ ਪ੍ਰਚਾਰ ਜਾਰੀ ਰੱਖਿਆ।























