ਮੁੱਖ ਮੰਤਰੀ ਚੰਨੀ ਵੱਲੋਂ ਸ਼ਹੀਦ ਲਾਂਸ ਨਾਇਕ ਜਸਬੀਰ ਸਿੰਘ ਦੇ ਪਰਿਵਾਰ ਲਈ 50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ ਇੱਕ ਮੈਂਬਰ ਨੂੰ ਨੌਕਰੀ ਦਾ ਐਲਾਨ
ਚੰਡੀਗੜ, 31 ਦਸੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਕੁਲਗਾਮ ਦੇ ਅਨੰਤ ਨਾਗ ਇਲਾਕੇ ਵਿੱਚ ਦਹਿਸ਼ਤਗਰਦਾਂ ਖ਼ਿਲਾਫ਼ ਲੜਦਿਆਂ ਰਾਸ਼ਟਰ ਦੀ ਸੇਵਾ ਵਿੱਚ ਆਪਣੀ ਜਾਨ ਕੁਰਬਾਨ ਕਰਨ ਵਾਲੇ ਲਾਂਸ ਨਾਇਕ ਜਸਬੀਰ ਸਿੰਘ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ 50 ਲੱਖ ਰੁਪਏ ਅਤੇ ਇੱਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।
ਬਹਾਦਰ ਸਿਪਾਹੀ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਕਰਨ ਦੇ ਨਾਲ-ਨਾਲ ਇਸਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀ ਜਾਨ ਦਾਅ ‘ਤੇ ਲਗਾਉਣ ਲਈ ਉਨ੍ਹਾਂ ਦਾ ਪੂਰਾ ਸਮਰਪਣ ਉਨ੍ਹਾਂ ਦੇ ਸਾਥੀਆਂ ਨੂੰ ਹੋਰ ਵੀ ਤਨਦੇਹੀ ਨਾਲ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰੇਗਾ।
ਜ਼ਿਕਰਯੋਗ ਹੈ ਕਿ ਜਸਬੀਰ ਸਿੰਘ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਵੈਣ ਦਾ ਰਹਿਣ ਵਾਲਾ ਸੀ ਅਤੇ ਆਪਣੇ ਪਿੱਛੇ ਮਾਤਾ-ਪਿਤਾ, ਇੱਕ ਭਰਾ ਅਤੇ ਇੱਕ ਭੈਣ ਛੱਡ ਗਿਆ ਹੈ।