ਮੁੱਖ ਮੰਤਰੀ ਨੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੂੰ ਸੁਚਾਰੂ ਅਤੇ ਨਿਰਵਿਘਨ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼
ਚੰਡੀਗੜ੍ਹ, 29 ਸਤੰਬਰ(ਵਿਸ਼ਵ ਵਾਰਤਾ):-ਪੰਜਾਬ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੂੰ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਅੱਜ ਇੱਥੇ ਉੱਚ ਪੱਧਰੀ ਮੀਟਿੰਗ ਦੌਰਾਨ ਝੋਨੇ ਦੇ ਖਰੀਦ ਸੀਜ਼ਨ ਲਈ ਕੀਤੇ ਗਏ ਪ੍ਰਬੰਧਾਂ ਅਤੇ ਤਿਆਰੀਆਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਜੋ ਖਰੀਦ ਕਾਰਜਾਂ ਲਈ ਨੋਡਲ ਏਜੰਸੀ ਹੈ, ਨੂੰ ਸੁਚਾਰੂ ਅਤੇ ਨਿਰਵਿਘਨ ਖਰੀਦ ਦੇ ਨਾਲ ਨਾਲ ਝੋਨੇ ਦੇ ਭੰਡਾਰਨ ਲਈ ਸਾਰੇ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ।
ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਆਂ ਸ਼੍ਰੀ ਚੰਨੀ ਨੇ ਕਿਹਾ ਕਿ ਕਿਸਾਨਾਂ ਦੀ ਉਪਜ ਦਾ ਦਾਣਾ-ਦਾਣਾ ਮੰਡੀ ਵਿੱਚੋਂ ਚੁੱਕਿਆ ਜਾਵੇਗਾ ਅਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਲਈ ਨਿਰਧਾਰਤ ਨਿਯਮਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ।