ਪਟਿਆਲਾ, 23 ਸਤੰਬਰ: ਅੱਜ ਦੁਪਹਿਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹੀ ਮੈਰਿਜ ਪੈਲੇਸ ਅਲਕਜ਼ਾਰ ਦਾ ਉਦਘਾਟਨ ਕੀਤਾ। ਇਹ ਆਲੀਸ਼ਾਨ ਮੈਰਿਜ ਪੈਲਸ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਦੇ ਪੁੱਤਰ ਬਿਕਰਮਜੀਤ ਸਿੰਘ ਚਾਹਲ ਦਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਲਈ ਕਰਤਾਰਪੁਰ ਦਾ ਲਾਂਘਾ ਖੋਲਣ ਦਾ ਮਾਮਲਾ ਛੇਤੀ ਹੱਲ ਕਰਨ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਸਾਲ 1920 ਦੌਰਾਨ ਰਾਵੀ ਦਰਿਆ ਦੇ ਪਾਣੀ ਤੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਬਚਾਉਣ ਲਈ ਉਨਾਂ ਦੇ ਦਾਦਾ ਮਹਾਰਾਜਾ ਭੁਪਿੰਦਰ ਸਿੰਘ ਨੇ 1.35 ਲੱਖ ਰੁਪਏ ਦਾਨ ਕੀਤੇ ਸਨ।
ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹੂੰਝਾ-ਫੇਰ ਜਿੱਤ ਨੂੰ ਕਾਂਗਰਸ ਸਰਕਾਰ ਦੀਆਂ ਵਿਕਾਸ ਮੁਖੀ ਨੀਤੀਆਂ ਤੇ ਪਹਿਲਕਦਮੀਆਂ ਵਿੱਚ ਲੋਕਾਂ ਵੱਲੋਂ ਜ਼ਾਹਰ ਕੀਤਾ ਭਰੋਸਾ ਕਰਾਰ ਦਿੱਤਾ ਹੈ। ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਵਿਰੋਧੀ ਪਾਰਟੀਆਂ ਦੀ ਸ਼ਰਮਨਾਕ ਹਾਰ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਲੋਕਾਂ ਨੇ ਇਨਾਂ ਪਾਰਟੀਆਂ ਦੀ ਫਿਰਕਾਪ੍ਰਸਤ ਸਿਆਸਤ ਨੂੰ ਰੱਦ ਕਰਕੇ ਕਾਂਗਰਸ ਸਰਕਾਰ ਦੇ ਵਿਕਾਸਮਈ ਅਤੇ ਨਿਰਪੱਖ ਏਜੰਡੇ ਦੇ ਹੱਕ ਵਿੱਚ ਸਪੱਸ਼ਟ ਫਤਵਾ ਦਿੱਤਾ ਹੈ।
ਮੁੱਖ ਮੰਤਰੀ ਨੇ ਕਾਂਗਰਸ ਦੀ ਸ਼ਾਨਦਾਰ ਜਿੱਤ ਦਾ ਸਿਹਰਾ ਵਰਕਰਾਂ ਅਤੇ ਪਾਰਟੀ ਵਿੱਚ ਭਰੋਸਾ ਜ਼ਾਹਰ ਕਰਨ ਵਾਲੇ ਲੋਕਾਂ ਸਿਰ ਬੰਨਿਆ ਹੈ ਜਿਨਾਂ ਨੇ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਸੱਤਾਧਾਰੀ ਪਾਰਟੀ ਦਾ ਸਮਰਥਨ ਕੀਤਾ ਹੈ। ਅਕਾਲੀਆਂ ਵੱਲੋਂ ਗੁੰਡਾਗਰਦੀ ਕਰਨ ਦੇ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਕੁਝ ਵੀ ਨਹੀਂ ਹੋਇਆ ਸਗੋਂ ਇਹ ਅਕਾਲੀਆਂ ਦੀ ਨਮੋਸ਼ੀ ਭਰੀ ਹਾਰ ਦਾ ਪ੍ਰਗਟਾਵਾ ਹੈ। ਇਨਾਂ ਚੋਣਾਂ ਵਿੱਚ ਕਾਂਗਰਸ ਨੇ ਜ਼ਿਲਾ ਪ੍ਰੀਸ਼ਦ ਦੀਆਂ 94 ਫੀਸਦੀ ਅਤੇ ਬਲਾਕ ਸੰਮਤੀਆਂ ਵਿੱਚ ਲਗਪਗ 81 ਫੀਸਦੀ ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ, ਸਾਧੂ ਸਿੰਘ ਧਰਮਸੋਤ, ਰਜ਼ੀਆ ਸੁਲਤਾਨਾ ਤੇ ਰਾਣਾ ਗੁਰਮੀਤ ਸਿੰਘ ਸੋਢੀ, ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਬੀ.ਆਈ.ਐਸ. ਚਾਹਲ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਵਿਧਾਇਕ ਫਤਿਹਗੜ ਸਾਹਿਬ ਕੁਲਜੀਤ ਸਿੰਘ ਨਾਗਰਾ, ਵਿਧਾਇਕ ਰਾਜਪੁਰਾ ਹਰਦਿਆਲ ਸਿੰਘ ਕੰਬੋਜ, ਕਾਂਗਰਸ ਆਗੂ ਤੇਜਿੰਦਰ ਬਿੱਟੂ, ਉਘੇ ਉਦਯੋਗਪਤੀ ਰਘਬੀਰ ਸਿੰਘ ਜੌੜਾ ਵੀ ਮੌਜੂਦ ਸਨ।