*ਵਿੱਤ ਵਿਭਾਗ ਨੂੰ ਵਿਕਾਸ ਪ੍ਰਾਜੈਕਟਾਂ ਲਈ ਤੁਰੰਤ ਫੰਡ ਜਾਰੀ ਕਰਨ ਦੇ ਆਦੇਸ਼
ਸੁਲਤਾਨਪੁਰ ਲੋਧੀ (ਕਪੂਰਥਲਾ), 26 ਮਈ (ਵਿਸ਼ਵ ਵਾਰਤਾ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਅੱਜ ਵਿੱਤ ਵਿਭਾਗ ਨੂੰ ਤੁਰੰਤ ਲੋੜੀਂਦੇ ਫੰਡ ਜਾਰੀ ਕਰਨ ਦੇ ਆਦੇਸ਼ ਦਿੱਤੇ। ਅੱਜ ਇਥੇ ਇਨਾਂ ਇਤਿਹਾਸਕ ਸ਼ਤਾਬਦੀ ਸਮਾਗਮਾਂ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਦੀ ਹਦਾਇਤ ਕੀਤੀ।
ਸਮਾਗਮਾਂ ਦੀ ਵੱਡੀ ਸਫਲਤਾ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਨਗਰੀ ਦੀਆਂ ਸੜਕਾਂ ਦੀ ਬਿਹਤਰੀ ਅਤੇ ਮਜ਼ਬੂਤੀ ਦੇ ਕੰਮ ਜਲਦ ਮੁਕੰਮਲ ਕਰ ਲਏ ਜਾਣਗੇ। ਉਨਾਂ ਆਉਣ ਵਾਲੇ ਦਿਨਾਂ ‘ਚ ਸੁਲਤਾਨਪੁਰ ਲੋਧੀ ਦੀ ਪੂਰਨ ਕਾਇਆ ਕਲਪ ਦਾ ਵਿਸ਼ਵਾਸ ਦਿਵਾਇਆ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਤਾਬਦੀ ਸਮਾਗਮਾਂ ਮੌਕੇ ਦੇਸ਼-ਵਿਦੇਸ਼ ਵਿਚੋਂ ਪਹੁੰਚਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਵੱਡੇ ਪੱਧਰ ‘ਤੇ ਇੰਤਜ਼ਾਮ ਕੀਤੇ ਜਾਣਗੇ। ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਸਮਾਗਮਾਂ ਤੋਂ ਪਹਿਲਾਂ ਪਵਿੱਤਰ ਕਾਲੀ ਬੇਈਂ ਦੀ ਸਵੱਛਤਾ ਲਈ ਵਿਸਥਾਰਤ ਕਾਰਜ ਯੋਜਨਾ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਇਸ ਬੇਈਂ ਦੀ ਸਿੱਖ ਇਤਿਹਾਸ ਵਿਚ ਬੇਹੱਦ ਮਹੱਤਤਾ ਹੈ ਅਤੇ ਸੂਬਾ ਸਰਕਾਰ ਨੇ ਜਲਦ ਤੋਂ ਜਲਦ ਇਸ ਦੀ ਸਵੱਛਤਾ ਬਹਾਲ ਕਰਨ ਦਾ ਫ਼ੈਸਲਾ ਕੀਤਾ ਹੈ।
ਉਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਨਾਂ ਸਮਾਗਮਾਂ ਦੇ ਇੰਤਜ਼ਾਮਾਂ ਲਈ ਬਜਟ ਵਿਚ 100 ਕਰੋੜ ਰੁਪਏ ਦਾ ਉਪਬੰਧ ਕੀਤਾ ਹੈ ਅਤੇ ਇਹ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ‘ਨਾਨਕ ਨਾਮ ਚੜਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਉੱਤੇ ਕੇਂਦਰਤ ਹੋਣਗੇ। ਉਨਾਂ ਇਹ ਵੀ ਕਿਹਾ ਕਿ ਸੂਬੇ ਦੇ ਵੱਖ-ਵੱਖ ਸਥਾਨਾਂ ਨੂੰ ਜੋੜਨ ਵਾਲੀਆਂ ਸੜਕਾਂ, ਜਿਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਯਾਤਰਾਵਾਂ ਦਾ ਸੁਭਾਗ ਪ੍ਰਾਪਤ ਹੋਇਆ ਹੈ, ਦਾ ਨਾਂਅ ‘ਗੁਰੂ ਨਾਨਕ ਮਾਰਗ’ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
ਮੀਟਿੰਗ ਵਿਚ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਮੁਹੰਮਦ ਤਇਅਬ, ਆਈ. ਜੀ ਸ੍ਰੀ ਨੌਨਿਹਾਲ ਸਿੰਘ ਅਤੇ ਐਸ. ਐਸ. ਪੀ ਕਪੂਰਥਲਾ ਸ੍ਰੀ ਸੰਦੀਪ ਸ਼ਰਮਾ ਹਾਜ਼ਰ ਹੋਏ। ਇਨਾਂ ਤੋਂ ਇਲਾਵਾ ਗੁਰਦਾਸਪੁਰ ਤੋਂ ਐਮ. ਪੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ, ਹਲਕਾ ਵਿਧਾਇਕ ਸੁਲਤਾਨਪੁਰ ਲੋਧੀ ਸ. ਨਵਤੇਜ ਸਿੰਘ ਚੀਮਾ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ, ਸਾਬਕਾ ਮੰਤਰੀ ਸ. ਜੋਗਿੰਦਰ ਸਿੰਘ ਮਾਨ, ਜ਼ਿਲਾ ਕਾਂਗਰਸ ਕਮੇਟੀ ਜਲੰਧਰ ਦੇ ਪ੍ਰਧਾਨ ਕੈਪਟਨ ਹਰਮਿੰਦਰ ਸਿੰਘ ਅਤੇ ਕਾਂਗਰਸ ਆਗੂ ਨਿਮਿਸ਼ਾ ਮਹਿਤਾ ਮੀਟਿੰਗ ਵਿਚ ਮੌਜੂਦ ਸਨ।
ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਚੌਥਾ ਸਥਾਨ : ਸਿਬਿਨ ਸੀ
ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ 'ਤੇ ਪੰਜਾਬ ਦਾ ਚੌਥਾ ਸਥਾਨ : ਸਿਬਿਨ ਸੀ 1...