ਗੁਰਦਾਸਪੁਰ, 5 ਅਪ੍ਰੈਲ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਗੁਰਦਾਸਪੁਰ ਵਿੱਚ ਛੇ ਜ਼ਿਲਿਆਂ ਦੇ 26,998 ਯੋਗ ਕਿਸਾਨਾਂ ਨੂੰ 156.12 ਕਰੋੜ ਰੁਪਏ ਦੇ ਕਰਜ਼ਾ ਰਾਹਤ ਸਰਟੀਫਿਕੇਟ ਵੰਡੇ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਉਤਸਵ ਦੇ ਪਵਿੱਤਰ ਮੌਕੇ ਕਰਜ਼ਾ ਰਾਹਤ ਦੇ ਸਰਟੀਫਿਕੇਟ ਵੰਡੇ ਜਾ ਰਹੇ ਹਨ। ਉਨਾ ਕਿਹਾ ਕਿ ਬੇਜ਼ਮੀਨੇ ਖੇਤ ਮਜ਼ਦੂਰਾਂ ਨੂੰ ਮੌਜੂਦਾ ਖੇਤੀ ਸੰਕਟ ਵਿੱਚੋਂ ਕੱਢਣ ਲਈ 50 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ।
ਇਸ ਸਮਾਗਮ ਦੌਰਾਨ ਮੁੱਖ ਮੰਤਰੀ ਵੱਲੋਂ ਸੰਕੇਤਕ ਤੌਰ ਉਤੇ ਛੇ ਜ਼ਿਲਿਆਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਅਤੇ ਹੁਸ਼ਿਆਰਪੁਰ ਦੇ ਇਕ ਇਕ ਕਿਸਾਨ ਨੂੰ ਕਰਜ਼ਾ ਮੁਆਫ਼ੀ ਵਾਲੇ ਸਰਟੀਫਿਕੇਟ ਸੌਂਪੇ ਗਏ। ਉਨਾ ਨੇ ਦੱਸਿਆ ਕਿ ਤਿੰਨ ਵੱਖ ਵੱਖ ਗੇੜਾਂ ਵਿੱਚ ਹੁਣ ਤਕ 16 ਜ਼ਿਲਿਆਂ ਮਾਨਸਾ, ਬਠਿੰਡਾ, ਫ਼ਰੀਦਕੋਟ, ਮੁਕਤਸਰ, ਮੋਗਾ, ਫਾਜ਼ਿਲਕਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਪਠਾਨਕੋਟ ਦੇ ਤਕਰੀਬਨ 1.02 ਲੱਖ ਕਿਸਾਨਾਂ ਨੂੰ 457 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਜਾ ਚੁੱਕੀ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਸਹਿਕਾਰੀ ਕਰਜ਼ਿਆਂ ਦੇ ਨਿਬੇੜੇ ਬਾਅਦ ਸੂਬਾਈ ਸਰਕਾਰ ਵੱਲੋਂ ਜਲਦੀ ਕਮਰਸ਼ੀਅਲ ਬੈਂਕਾਂ ਦੇ ਖੇਤੀ ਕਰਜ਼ੇ ਮੁਆਫ਼ ਕਰਨ ਦਾ ਕੰਮ ਵਿੱਢਿਆ ਜਾਵੇਗਾ, ਜੋ ਇਸ ਸਾਲ ਦੇ ਅੰਤ ਤਕ ਮੁਕੰਮਲ ਹੋ ਜਾਵੇਗਾ।
ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਨੂੰ ਵੱਡੇ ਵਿੱਤੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਫਿਰ ਵੀ ਉਨਾ ਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਹੋਰ ਰਾਜਾਂ ਮੁਕਾਬਲੇ ਦੇਸ਼ ਵਿੱਚੋਂ ਸਭ ਤੋਂ ਵੱਧ ਦੋ ਲੱਖ ਰੁਪਏ ਤਕ ਦੀ ਕਰਜ਼ਾ ਰਾਹਤ ਦਿੱਤੀ ਜਾ ਰਹੀ ਹੈ। ਉਨਾ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਇਕ ਲੱਖ ਰੁਪਏ ਅਤੇ ਰਾਜਸਥਾਨ, ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਵੱਲੋਂ ਮਹਿਜ਼ 50 ਹਜ਼ਾਰ ਰੁਪਏ ਦੀ ਰਾਹਤ ਹੀ ਦਿੱਤੀ ਜਾ ਰਹੀ ਹੈ।