ਐਸ.ਏ.ਐਸ. ਨਗਰ, 29 ਅਗਸਤ: ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 5 ਸਤੰਬਰ ਨੂੰ ਮਲਟੀਪਰਪਜ਼ ਸਪੋਰਟਸ ਸਟੇਡੀਅਮ ਸੈਕਟਰ 78 ਵਿਖੇ ਨੋਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਸ ਗੱਲ ਦੀ ਜਾਣਕਾਰੀ ਵਧੀਕ ਮੁੱਖ ਸਕੱਤਰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਡਾ: ਜੀ ਵਜਰਾਲਿੰਗਮ ਨੇ ਸਪੋਰਟਸ ਸਟੇਡੀਅਮ ਵਿਖੇ ਸੱਦੀ ਗਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਦਿੱਤੀ।
ਡਾ: ਜੀ ਵਜਰਾਲਿੰਗਮ ਨੇ ਇਸ ਮੌਕੇ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਅਤੇ ਕੀਤੇ ਜਾਣ ਵਾਲੇ ਪੁਖਤਾ ਪ੍ਰਬੰਧਾਂ ਸਬੰਧੀ ਕੀਤੀ ਸਮੀਖਿਆ ਦੌਰਾਨ ਅਧਿਕਾਰੀਆਂ ਨੂੰ ਆਖਿਆ ਕਿ ਜਿਹੜੀ ਡਿਊਟੀ ਉਨ੍ਹਾਂ ਨੂੰ ਸੌਂਪੀ ਗਈ ਹੈ। ਉਸਨੂੰ ਤਨਦੇਹੀ ਨਾਲ ਕੀਤਾ ਜਾਵੇ ਤਾਂ ਜੋ ਪੰਜਾਬ ਭਰ ਤੋਂ ਆਉਣ ਵਾਲੇ ਨੌਜਵਾਨਾਂ ਨੂੰ ਜਿੰਨ੍ਹਾਂ ਨੂੰ ਕਿ ਨਿਯੁਕਤੀ ਪੱਤਰ ਵੰਡੇ ਜਾਣੇ ਹਨ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਇੱਥੇ ਇਹ ਵਰਨਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨ ਜਿੰਨ੍ਹਾਂ ਨੇ ਕਿ ਤਕਨੀਕੀ ਸਿੱਖਿਆ ਹਾਸਿਲ ਕੀਤੀ ਹੋਈ ਹੈ ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ ਵਿਚ ਨੋਕਰੀ ਮੇਲੇ ਲਗਾ ਕੇ ਦੇਸ਼ ਦੀਆਂ ਨਾਮਵਰ ਕੰਪਨੀਆਂ ਲਈ ਚੋਣ ਕੀਤੀ ਗਈ ਹੈ ਜ਼ਿਨ੍ਹਾਂ ਨੂੰ ਕਿ ਨਿਯੁਕਤੀ ਪੱਤਰ ਵੰਡੇ ਜਾਣੇ ਹਨ। ਉਨ੍ਹਾਂ ਇਸ ਮੌਕੇ ਆਵਾਜਾਈ ਦੇ ਪੁਖਤਾ ਪ੍ਰਬੰਧਾਂ ਦੇ ਨਾਲ-ਨਾਲ ਪਾਰਕਿੰਗ, ਪੀਣ ਵਾਲੇ ਪਾਣੀ ਦੀ ਵਿਵਸਥਾ ਅਤੇ ਲੋਂੜੀਦੇ ਕੰਮ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਨੇ ਕਿਹਾ ਕਿ ਨਿਯੁਕਤੀ ਪੱਤਰ ਵੰਡਣ ਮੌਕੇ ਕੀਤੇ ਜਾਣ ਵਾਲੇ ਸਮਾਗਮ ਲਈ ਸੁਚੱਜੇ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸੇ ਵੀ ਨੌਜਵਾਨ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਪੋਰਟਸ ਸਟੇਡੀਅਮ ਸੈਕਟਰ 78 ਤੋਂ ਇਲਾਵਾ ਆਲੇ ਦੁਆਲੇ ਦੀ ਸਾਫ-ਸਫਾਈ ਨੂੰ ਯਕੀਨੀ ਬਣਾਉਣ ਲਈ ਵੀ ਆਖਿਆ। ਇਸ ਤੋਂ ਪਹਿਲਾਂ ਉਨ੍ਹਾਂ ਕੀਤੇ ਜਾਣ ਵਾਲੇ ਸਮਾਗਮ ਵਾਲੀ ਥਾਂ ਦਾ ਜਾਇਜਾ ਵੀ ਲਿਆ ਅਤੇ ਸਮਾਗਮ ਦੌਰਾਨ ਲਗਾਏ ਜਾਣ ਵਾਲੇ ਪੰਡਾਲ ਨੂੰ ਸੈਕਟਰਾਂ ਵਿਚ ਵੰਡ ਕੇ ਸੈਕਟਰ ਅਫਸਰ ਲਗਾਉਣ ਲਈ ਵੀ ਆਖਿਆ। ਇਸ ਮੌਕੇ ਡਾਇਰੈਕਟਰ ਤਕਨੀਕੀ ਸਿੱਖਿਆ ਸ੍ਰੀ ਪ੍ਰਵੀਨ ਕੁਮਾਰ ਥਿੰਦ ਨੇ ਸਮਾਗਮ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਚਰਨਦੇਵ ਸਿੰਘ ਮਾਨ , ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਜੀਵ ਕੁਮਾਰ ਗਰਗ, ਸਹਾਇਕ ਕਮਿਸ਼ਨਰ (ਜਨਰਲ) ਜਸਬੀਰ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ: ਪਾਲਿਕਾ ਅਰੋੜਾ ਸਮੂਹ ਐਸ.ਡੀ.ਐਮ. ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।