ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ 80 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨਗੇ
ਸੂਬੇ ਵਿੱਚ ਆਮ ਆਦਮੀ ਦੇ ਕਲੀਨਿਕਾਂ ਦੀ ਗਿਣਤੀ ਵਧ ਕੇ 580 ਹੋ ਜਾਵੇਗੀ।
ਪੰਜਾਬ ਲੋਕਾਂ ਨੂੰ ਮੁਫਤ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਅੱਗੇ ਵੱਧ ਰਿਹਾ ਹੈ
ਚੰਡੀਗੜ੍ਹ, 5 ਮਈ: ( ਵਿਸ਼ਵ ਵਾਰਤਾ ) ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਫਤ ਮੁਹੱਈਆ ਕਰਵਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਵਿਖੇ 80 ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ।
ਇਸ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬੇ ਵਿੱਚ 580 ਦੇ ਕਰੀਬ ਆਮ ਆਦਮੀ ਕਲੀਨਿਕ ਕਾਰਜਸ਼ੀਲ ਹੋ ਜਾਣਗੇ। ਜ਼ਿਕਰਯੋਗ ਹੈ ਕਿ ਪਹਿਲੇ ਪੜਾਅ ਵਿੱਚ 100 ਕਲੀਨਿਕ ਸਮਰਪਿਤ ਕੀਤੇ ਗਏ ਸਨ ਅਤੇ ਦੂਜੇ ਪੜਾਅ ਵਿੱਚ 404 ਅਤੇ ਹੁਣ 80 ਕਲੀਨਿਕ ਰਾਜ ਦੀ ਸੇਵਾ ਨੂੰ ਸਮਰਪਿਤ ਕੀਤੇ ਜਾਣਗੇ। ਆਮ ਆਦਮੀ ਕਲੀਨਿਕ ਮੁੱਖ ਮੰਤਰੀ ਦਾ ਸੁਪਨਮਈ ਪ੍ਰੋਜੈਕਟ ਹੈ, ਜੋ ਕਿ ਲੋਕਾਂ ਦੀ ਭਲਾਈ ਦੇ ਉਦੇਸ਼ ਨਾਲ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਹ ਕਲੀਨਿਕ ਪਹਿਲਾਂ ਹੀ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਕਾਰਗਰ ਸਾਬਤ ਹੋ ਰਹੇ ਹਨ।
ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ, ਇਹ ਕਲੀਨਿਕ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਅਤੇ ਜਾਂਚ ਦੀਆਂ ਸਹੂਲਤਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਹੁਣ ਤੱਕ ਸੂਬੇ ਭਰ ਵਿੱਚ 25.63 ਲੱਖ ਮਰੀਜ਼ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਜਾ ਕੇ ਆਪਣਾ ਇਲਾਜ ਕਰਵਾ ਚੁੱਕੇ ਹਨ। ਇਸੇ ਤਰ੍ਹਾਂ ਇਨ੍ਹਾਂ ਕਲੀਨਿਕਾਂ ‘ਤੇ ਕੁੱਲ 41 ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ ਅਤੇ 30 ਅਪ੍ਰੈਲ ਤੱਕ 1.78 ਲੱਖ ਮਰੀਜ਼ ਇਹ ਟੈਸਟ ਕਰਵਾ ਚੁੱਕੇ ਹਨ।
ਇਸ ਤੋਂ ਇਲਾਵਾ, ਇਨ੍ਹਾਂ ਕਲੀਨਿਕਾਂ ਨੇ ਸਰਕਾਰ ਨੂੰ ਰਾਜ ਵਿੱਚ ਵੱਖ-ਵੱਖ ਬਿਮਾਰੀਆਂ ਦਾ ਅਸਰਦਾਰ ਢੰਗ ਨਾਲ ਨਿਦਾਨ ਅਤੇ ਮੁਕਾਬਲਾ ਕਰਨ ਲਈ ਇੱਕ ਡਾਟਾਬੇਸ ਬਣਾਉਣ ਵਿੱਚ ਮਦਦ ਕੀਤੀ ਹੈ। ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਕੁੱਲ 80 ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਬੁਲਾਰੇ ਨੇ ਦੱਸਿਆ ਕਿ ਇਹ ਦਵਾਈਆਂ ਜ਼ਿਆਦਾਤਰ ਬੀ.ਪੀ., ਸ਼ੂਗਰ, ਚਮੜੀ ਰੋਗ, ਵੱਖ-ਵੱਖ ਮੌਸਮਾਂ ਦੌਰਾਨ ਫੈਲਣ ਵਾਲੀਆਂ ਬਿਮਾਰੀਆਂ ਜਿਵੇਂ ਵਾਇਰਲ ਬੁਖਾਰ ਆਦਿ ਲਈ ਵਰਤੀਆਂ ਜਾਂਦੀਆਂ ਹਨ।