ਮੁੱਖ ਮੰਤਰੀ ਭਗਵੰਤ ਮਾਨ ਨੇ ਤਲਬ ਕੀਤੇ ਐਸਐਸਪੀ ਅਤੇ ਪੁਲਿਸ ਕਮਿਸ਼ਨਰ
ਸੂਬੇ ਦੀ ਅਮਨ-ਕਾਨੂੰਨ ਵਿਵਸਥਾ ਦਾ ਲੈਣਗੇ ਜਾਇਜ਼ਾ- ਪਿਛਲੇ ਦਿਨਾਂ ਵਿੱਚ ਵਾਪਰੀਆਂ ਗੋਲੀਬਾਰੀ ਦੀਆਂ ਕਈ ਘਟਨਾਵਾਂ
ਚੰਡੀਗੜ੍ਹ,5 ਅਪ੍ਰੈਲ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਸਾਰੇ ਐਸਐਸਪੀ ਅਤੇ ਪੁਲਿਸ ਕਮਿਸ਼ਨਰਾਂ ਨੂੰ ਤਲਬ ਕੀਤਾ ਹੈ। ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਪਹਿਲੀ ਵਾਰ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਮੀਟਿੰਗ ਚੰਡੀਗੜ ਸਥਿਤ ਪੰਜਾਬ ਭਵਨ ਵਿਖੇ ਹੋਵੇਗੀ ਅਤੇ ਇਸ ਮੀਟਿੰਗ ਵਿੱਚ ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਸਮੇਤ ਸਾਰੇ ਸੀਨੀਅਰ ਪੁਲੀਸ ਅਧਿਕਾਰੀ ਵੀ ਮੌਜੂਦ ਰਹਿਣਗੇ। ਇਸ ਮੀਟਿੰਗ ਵਿੱਚ ਸੂਬੇ ਦੀ ਅਮਨ-ਕਾਨੂੰਨ ਵਿਵਸਥਾ ਅਤੇ ਸੂਬੇ ‘ਚ ਨਸ਼ਿਆਂ ਦੀ ਰੋਕਥਾਮ ਸਬੰਧੀ ਵਿਚਾਰ ਚਰਚਾ ਕੀਤੀ ਜਾ ਸਕਦੀ ਹੈ। ਦੱਸ ਦਈਏ ਕਿ ਪਿਛਲੇ ਕੁੱਝ ਦਿਨਾਂ ਵਿੱਚ ਪੰਜਾਬ ਅੰਦਰ ਹਰ ਰੋਜ ਕੋਈ ਨਾ ਕੋਈ ਗੋਲੀਬਾਰੀ ਦੀ ਘਟਨਾ ਸਾਹਮਣੇ ਆ ਜਾਂਦੀ ਹੈ। ਜਿਸ ਨੂੰ ਲੈ ਕੇ ਲਗਾਤਾਰ ਵਿਰੋਧੀ ਪੰਜਾਬ ਸਰਕਾਰ ਨੂੰ ਘੇਰਦੇ ਨਜਰ ਆ ਰਹੇ ਹਨ। ਇਸ ਸਭ ਤੋਂ ਇਲਾਵਾ ਆਮ ਲੋਕਾਂ ਲਈ ਵੀ ਇਹ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।