ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬੀ ਗਾਇਕਾਂ ਨੂੰ ਅਪੀਲ
ਗੰਨ ਕਲਚਰ ਤੇ ਗੈਂਗਸਟਰਵਾਦ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਗਾਉਣ ਤੋਂ ਕਰੋ ਗੁਰੇਜ਼
ਚੰਡੀਗੜ੍ਹ,13ਮਈ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਣ ਪੰਜਾਬੀ ਗੀਤਾਂ ਵਿੱਚ ਗੰਨ ਕਲਚਰ ਨੂੰ ਵਧਾਵਾ ਦਿੱਤੇ ਜਾਣ ਨੂੰ ਲੈ ਕੇ ਬਿਆਨ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਗੰਨ ਕਲਚਰ ਅਤੇ ਗੈਂਗਸਟਰਵਾਦ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਬੰਦ ਕਰੋ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸਰਕਾਰ ਸਖ਼ਤ ਕਾਰਵਾਈ ਕਰੇਗੀ। ਫਿਲਹਾਲ ਇਹ ਅਪੀਲ ਹੈ, ਪਰ ਜੇਕਰ ਭਵਿੱਖ ‘ਚ ਅਜਿਹੇ ਗੀਤ ਆਉਂਦੇ ਹਨ ਤਾਂ ਸਰਕਾਰ ਅਜਿਹੇ ਗੀਤਾ ਗਾਉਣ ਤੇ ਬਣਾਉਣ ਵਾਲਿਆਂ ਨੂੰ ਨਹੀਂ ਬਖਸ਼ੇਗੀ। ਬੀਤੇ ਕੱਲ੍ਹ ਹੋਈ ਮੀਟਿੰਗ ਵਿੱਚ ਸੀਐਮ ਮਾਨ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ, ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰਾਂ ਨੂੰ ਇਸ ‘ਤੇ ਨਜ਼ਰ ਰੱਖਣ ਲਈ ਕਿਹਾ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਗਾਇਕਾਂ ਨੂੰ ਗੀਤਾਂ ਰਾਹੀਂ ਹਿੰਸਾ ਫੈਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਗੀਤਾਂ ਤੋਂ ਜਲਦੀ ਪ੍ਰਭਾਵਿਤ ਹੋਣ ਵਾਲੇ ਬੱਚੇ ਵਿਗੜ ਜਾਂਦੇ ਹਨ। ਗੀਤਾਂ ਵਿੱਚ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਪ੍ਰਦਰਸ਼ਿਤ ਕਰੋ। ਉਨ੍ਹਾਂ ਕਿਹਾ ਕਿ ਪੰਜਾਬੀ ਗਾਇਕਾਂ ਨੂੰ ਇਸ ਰੁਝਾਨ ਨੂੰ ਤੁਰੰਤ ਬੰਦ ਕਰਨਾ ਚਾਹੀਦਾ ਹੈ।