ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਿਰੋਜ਼ਪੁਰ ਵਿਖੇ ਇੱਕ ਟਰੱਕ ਅਤੇ ਪੰਜਾਬ ਰੋਡਵੇਜ਼ ਦੀ ਬੱਸ ਵਿਚਕਾਰ ਹੋਏ ਦੁਖਦਾਈ ਹਾਦਸੇ ‘ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਐਕਸਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ।
ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਪਿੰਡ ਕਰੀ ਕਲਾਂ ਵਿਖੇ ਧੁੰਦ ਕਾਰਨ ਹੋਈ ਟਰੱਕ ਅਤੇ ਬੱਸ ਦੀ ਟੱਕਰ ਵਿਚ ਮਾਰੇ ਗਏ ਵਿਅਕਤੀਆਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਖਮੀਆਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ।
ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਹਰ ਸੰਭਵ ਮਦਦ ਦੇਣ ਦੇ ਵੀ ਨਿਰਦੇਸ਼ ਜਾਰੀ ਕੀਤੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਜ਼ਖਮੀਆਂ ਦੇ ਛੇਤੀ ਠੀਕ ਹੋਣ ਦੀ ਵੀ ਕਾਮਨਾ ਕੀਤੀ ਹੈ।
ਬੁਲਾਰੇ ਅਨੁਸਾਰ ਹਾਦਸੇ ਦੌਰਾਨ ਦੋਵੇਂ ਗੱਡੀਆਂ ਦੇ ਡਰਾਈਵਰਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿਚ ਚਾਰ ਵਿਅਕਤੀ ਮਾਰੇ ਗਏ ਹਨ ਅਤੇ ਹੋਰ ਕਈ ਜ਼ਖਮੀ ਹੋ ਗਏ ਹਨ।