ਮੰਦਭਾਗੀ ਘਟਨਾ ਵਿੱਚ ਚਾਰ ਬੱਚਿਆਂ ਦੀ ਦੁਖਦਾਇਕ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ
ਹਰੇਕ ਪੀੜਤ ਪਰਿਵਾਰ ਲਈ 7.25 ਲੱਖ ਰੁਪਏ ਐਕਸ-ਗ੍ਰੇਸ਼ੀਆ ਦਾ ਐਲਾਨ
ਸਕੂਲ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੂਬਾ ਭਰ ਵਿੱਚ ਸਕੂਲ ਬੱਸਾਂ ਦੀ ਚੈਕਿੰਗ ਦੇ ਹੁਕਮ
ਚੰਡੀਗੜ੍ਹ, 15 ਫਰਵਰੀ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਜ਼ਿਲ੍ਹੇ ਵਿੱਚ ਲੌਂਗੋਵਾਲ ਨੇੜੇ ਸਕੂਲ ਵੈਨ ਨੂੰ ਅੱਗ ਲੱਗਣ ਦੀ ਘਟਨਾ ਵਿੱਚ ਚਾਰ ਬੱਚਿਆਂ ਦੀ ਦਰਦਨਾਕ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਇਸ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਹਰੇਕ ਪੀੜਤ ਪਰਿਵਾਰ ਨੂੰ 7.25 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਸਾਰੀਆਂ ਸਕੂਲ ਬੱਸਾਂ ਦੀ ਸੂਬਾ ਪੱਧਰੀ ਚੈਕਿੰਗ ਤੁਰੰਤ ਸ਼ੁਰੂ ਕਰਨ ਦੇ ਹੁਕਮ ਦਿੱਤੇ ਤਾਂ ਕਿ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭਵਿੱਖ ਵਿੱਚ ਅਜਿਹੇ ਦੁਖਦਾਇਕ ਹਾਦਸਿਆਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰਾਂ ਨੂੰ ਮੋਟਰ ਵਹੀਕਲ ਐਕਟ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਵਾਹਨਾਂ ‘ਤੇ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਵਿਦਿਆਰਥੀਆਂ ਦੇ ਆਉਣ-ਜਾਣ ਲਈ ਵਰਤੇ ਜਾਂਦੇ ਖਰਾਬ ਵਾਹਨਾਂ ਦੀ ਵਰਤੋਂ ਕਰਨ ‘ਤੇ ਸਕੂਲ ਪ੍ਰਬੰਧਕਾਂ ‘ਤੇ ਵੀ ਨਜ਼ਰ ਰੱਖਣ ਲਈ ਆਖਿਆ।
ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਹੁਕਮ ਦਿੱਤੇ ਕਿ ਮੋਟਰ ਵਹੀਕਲ ਐਕਟ ਦੇ ਵੱਖ-ਵੱਖ ਉਪਬੰਧਾਂ ਤਹਿਤ ਤੈਅ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕੀਤੇ ਜਾਣ ‘ਤੇ ਜ਼ਿੰਮੇਵਾਰ ਸਕੂਲ ਪ੍ਰਬੰਧਕਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਦੁਖਦਾਇਕ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਬਦਕਿਸਮਤ ਸਕੂਲ ਵੈਨ ਲੌਂਗੋਵਾਲ ਦੇ ਇਕ ਪ੍ਰਾਈਵੇਟ ਸਕੂਲ ਦੇ ਨਰਸਰੀ ਵਿੰਗ ਦੇ ਬੱਚਿਆਂ ਨੂੰ ਸਬੰਧਤ ਥਾਵਾਂ ‘ਤੇ ਛੱਡਣ ਲਈ ਜਾ ਰਹੀ ਸੀ।
ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨਾਲ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਐਸ.ਐਸ.ਪੀ. ਡਾ. ਸੰਦੀਪ ਗਰਗ ਮੌਕੇ ‘ਤੇ ਪਹੁੰਚੇ ਅਤੇ ਬਾਅਦ ਵਿੱਚ ਹਸਪਤਾਲ ਵੀ ਗਏ ਤੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ।
ਸਕੂਲ ਪ੍ਰਬੰਧਕਾਂ ਖਿਲਾਫ਼ ਆਈ.ਪੀ.ਸੀ. ਦੀ ਧਾਰਾ 304 ਦੇ ਤਹਿਤ ਪਹਿਲਾਂ ਹੀ ਕੇਸ ਦਰਜ ਕੀਤਾ ਜਾ ਚੁੱਕਾ ਹੈ।