ਚੰਡੀਗੜ, 15 ਜਨਵਰੀ:(ਵਿਸ਼ਵ ਵਾਰਤਾ ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਕਾਂਗਰਸ ਦੇ ਉਪ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਤਨਾਮ ਸਿੰਘ ਕੈਂਥ (57) ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਬੀਤੇ ਦਿਨ ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਲੰਮੀ ਬਿਮਾਰੀ ਉਪਰੰਤ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਏ ਹਨ।
ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸ੍ਰੀ ਕੈਂਥ ਵੱਲੋਂ ਪੰਜਾਬ ਦੀ ਸਿਆਸਤ ਖਾਸਕਰ ਕੇ ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੇ ਹੱਕਾਂ ਲਈ ਪਾਏ ਮਿਸਾਲੀ ਯੋਗਦਾਨ ਨੂੰ ਚੇਤੇ ਕੀਤਾ। ਸ੍ਰੀ ਕੈਂਥ ਜੀਵਨ ਭਰ ਗਰੀਬਾਂ, ਲੋੜਵੰਦਾਂ ਅਤੇ ਹੱਕਾਂ ਤੋਂ ਵਿਹੂਣੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸਰਗਰਮ ਰਹੇ।
ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਇਹ ਭਾਣਾ ਮੰਨਣ ਦਾ ਬਲ ਬਖਸ਼ਣ।
ਜ਼ਿਕਰਯੋਗ ਹੈ ਕਿ ਸ੍ਰੀ ਕੈਂਥ ਸਾਲ 1992-97 ਤੱਕ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਹੇ ਅਤੇ ਸਾਲ 1998 ਵਿੱਚ ਫਿਲੌਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਚੁਣੇ ਗਏ।