ਮੁੱਲਾਂਪੁਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਰਿਸਰਚ ਸੈਂਟਰ ਦਾ ਕੀਤਾ ਉਦਘਾਟਨ
ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬੀਐਲ ਪੁਰੋਹਿਤ ਵੀ ਨਾਲ ਰਹੇ ਮੌਜੂਦ
ਚੰਡੀਗੜ੍ਹ,24 ਅਗਸਤ(ਵਿਸ਼ਵ ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ ਨੂੰ ਫ਼ਿਰੋਜ਼ਪੁਰ ਵਿੱਚ ਸੁਰੱਖਿਆ ਕੁਤਾਹੀ ਤੋਂ ਬਾਅਦ ਅੱਜ ਪਹਿਲੀ ਵਾਰ ਪੰਜਾਬ ਪਹੁੰਚੇ ਹਨ। ਇੱਥੇ ਉਹਨਾਂ ਨੇ ਨਿਊ ਚੰਡੀਗੜ੍ਹ ਮੁੱਲਾਂਪੁਰ, ਮੋਹਾਲੀ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕੀਤਾ ਹੈ।। ਉਨ੍ਹਾਂ ਦੇ ਨਾਲ ਪੰਜਾਬ ਦੇ ਰਾਜਪਾਲ ਬੀ.ਐੱਲ. ਪੁਰੋਹਿਤ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਵੀ ਮੰਚ ‘ਤੇ ਮੌਜੂਦ ਹਨ। ਕੇਂਦਰ ਸਰਕਾਰ ਨੇ 660 ਕਰੋੜ ਦੀ ਲਾਗਤ ਨਾਲ ਇਹ ਹਸਪਤਾਲ ਬਣਾਇਆ ਹੈ। 300 ਬਿਸਤਰਿਆਂ ਦੀ ਸਮਰੱਥਾ ਵਾਲਾ ਇਹ ਹਸਪਤਾਲ ਕੈਂਸਰ ਦੇ ਇਲਾਜ ਸਬੰਧੀ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ।
ਪ੍ਰਧਾਨ ਮੰਤਰੀ ਦੀ ਫੇਰੀ ਨੂੰ ਦੇਖਦੇ ਹੋਏ ਇਸ ਲਈ ਇਸ ਵਾਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਹਸਪਤਾਲ ਦੇ ਆਲੇ-ਦੁਆਲੇ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਬਾਹਰ ਪੰਜਾਬ ਪੁਲਿਸ ਅਤੇ ਅੰਦਰ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐਸਪੀਜੀ) ਨੇ ਸੁਰੱਖਿਆ ਸੰਭਾਲ ਲਈ ਹੈ। ਮੁਹਾਲੀ ਅਤੇ ਚੰਡੀਗੜ੍ਹ ਨੂੰ ਨੋ ਫਲਾਈ ਜ਼ੋਨ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਹਰਿਆਣਾ ਵਿੱਚ ਅੰਮ੍ਰਿਤਾ ਹਸਪਤਾਲ ਦਾ ਉਦਘਾਟਨ ਕੀਤਾ। ਪ੍ਰੋਗਰਾਮ ਵਿੱਚ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਆਗੂ ਮੌਜੂਦ ਹਨ।























