ਮੈਂ ਪੂਰੀ ਤਰ੍ਹਾਂ ਬੇਕਸੂਰ ਹਾਂ ਮੈਨੂੰ ਝੂਠੇ ਮਾਮਲੇ ‘ਚ ਫਸਾਇਆ ਜਾ ਰਿਹਾ ਹੈ: ਸਾਧੂ ਸਿੰਘ ਧਰਮਸੋਤ
ਚੰਡੀਗੜ੍ਹ, 8 ਜੂਨ (ਵਿਸ਼ਵ ਵਾਰਤਾ) : ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੁਲਸ ਵਲੋਂ ਪੁੱਛਗਿੱਛ ਤੋਂ ਬਾਅਦ ਮੋਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਨੇ ਆਪਣੇ ‘ਤੇ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਉਸ ਨੇ ਕਿਹਾ, ‘ਮੈਂ ਪੂਰੀ ਤਰ੍ਹਾਂ ਬੇਕਸੂਰ ਹਾਂ। ਉਨ੍ਹਾਂ ਕਿਹਾ ਕਿ ਬਦਲਾਖੋਰੀ ਦੀ ਰਾਜਨੀਤੀ ਤਹਿਤ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਮੋਹਾਲੀ ਅਦਾਲਤ ਨੇ ਸਾਧੂ ਸਿੰਘ ਧਰਮਸੋਤ ਨੂੰ 3 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
ਦੱਸ ਦੇਈਏ ਕਿ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸੀ ਨੇਤਾ ਸਾਧੂ ਸਿੰਘ ਧਰਮਸੋਤ ਨੂੰ ਮੰਗਲਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਵਿਜੀਲੈਂਸ ਬਿਊਰੋ ਨੇ ਤੜਕੇ 3 ਵਜੇ ਅਮਲੋਹ ਤੋਂ ਗ੍ਰਿਫਤਾਰ ਕੀਤਾ।























