ਮੈਂ ਬਿਜਲੀ ਮੁਫ਼ਤ ਕੀਤੀ, ਭਾਜਪਾ ਸ਼ਾਸਤ ਰਾਜਾਂ ਵਿੱਚ ਬਿਜਲੀ ਸਭ ਤੋਂ ਮਹਿੰਗੀ ਹੈ, ਫਿਰ ਵੀ ਭਾਜਪਾ ਵਾਲੇ ਮੈਨੂੰ ਭ੍ਰਿਸ਼ਟ ਕਹਿੰਦੇ ਹਨ – ਕੇਜਰੀਵਾਲ
ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਹੀ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਜੇਲ੍ਹ ਭੇਜ ਦਿੱਤਾ, ਉਨ੍ਹਾਂ ਨੂੰ ਡਰ ਸੀ ਕਿ ਜੇ ਕੇਜਰੀਵਾਲ ਦੇਸ਼ ਭਰ ਵਿਚ ਪ੍ਰਚਾਰ ਕਰੇਗਾ ਤਾਂ ਭਾਜਪਾ ਨੂੰ ਬਹੁਤ ਨੁਕਸਾਨ ਹੋਵੇਗਾ – ਕੇਜਰੀਵਾਲ
ਅਮਿਤ ਸ਼ਾਹ ਨੇ ਪੰਜਾਬ ਦੇ ਲੋਕਾਂ ਨੂੰ ਧਮਕੀ ਦਿੱਤੀ ਹੈ ਕਿ 4 ਜੂਨ ਨੂੰ ਸੂਬਾ ਸਰਕਾਰ ਨੂੰ ਬਰਖ਼ਾਸਤ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਟਾ ਦੇਣਗੇ, ਤੁਸੀਂ ਉਨ੍ਹਾਂ ਨੂੰ ਵੋਟ ਨਾਲ ਜਵਾਬ ਦਿਓ – ਕੇਜਰੀਵਾਲ
ਕੇਜਰੀਵਾਲ ਨੇ ਜਲੰਧਰ ‘ਚ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਕਿਹਾ- ਤੁਸੀਂ ਸਾਰੀਆਂ ਪਾਰਟੀਆਂ ਨੂੰ ਮੌਕਾ ਦੇ ਕੇ ਅਜ਼ਮਾ ਲਿਆ, ਤੁਹਾਡੇ ਲਈ ਕਿਸੇ ਨੇ ਕੁਝ ਨਹੀਂ ਕੀਤਾ, ਇਸ ਵਾਰ ਪਵਨ ਟੀਨੂੰ ਨੂੰ ਜਿਤਾਓ
ਜਲੰਧਰ/ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਲੰਧਰ ਵਿੱਚ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਚੋਣ ਪ੍ਰਚਾਰ ਕੀਤਾ। ਕੇਜਰੀਵਾਲ ਨੇ ‘ਆਪ’ ਉਮੀਦਵਾਰ ਦੇ ਨਾਲ ਰੋਡ ਸ਼ੋ ਕੀਤਾ ਅਤੇ ਲੋਕਾਂ ਨੂੰ ਪਵਨ ਟੀਨੂੰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।
ਕੇਜਰੀਵਾਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ ਸਾਰੀਆਂ ਪਾਰਟੀਆਂ ਨੂੰ ਮੌਕਾ ਦਿੱਤਾ। ਕਿਸੇ ਨੇ ਤੁਹਾਡੇ ਲਈ ਕੁਝ ਨਹੀਂ ਕੀਤਾ ਅਤੇ ਨਾ ਹੀ ਤੁਹਾਡੇ ਮੁੱਦੇ ਸੰਸਦ ਵਿੱਚ ਉਠਾਏ। ਇਸ ਵਾਰ ਆਪ ਉਮੀਦਵਾਰ ਪਵਨ ਕੁਮਾਰ ਟੀਨੂੰ ਨੂੰ ਜਿਤਾਓ। ਉਹ ਤੁਹਾਡੇ ਵਿਚਕਾਰ ਹੀ ਰਹਿਣਗੇ ਅਤੇ ਤੁਸੀਂ ਉਨ੍ਹਾਂ ਤੋਂ ਰਾਤ ਦੇ 2 ਵਜੇ ਵੀ ਕੰਮ ਕਰਵਾ ਸਕਦੇ ਹੋ। ਉਹ ਤੁਹਾਡੇ ਮੁੱਦੇ ਸੰਸਦ ਵਿੱਚ ਉਠਾਉਣਗੇ ਅਤੇ ਤੁਹਾਡੇ ਹੱਕਾਂ ਲਈ ਲੜਨਗੇ।
ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਨੇ ਦਿੱਲੀ ਅਤੇ ਪੰਜਾਬ ‘ਚ ਬਿਜਲੀ ਮੁਫ਼ਤ ਕੀਤੀ। ਭਾਜਪਾ ਸ਼ਾਸਤ ਰਾਜਾਂ ਵਿੱਚ ਬਿਜਲੀ ਸਭ ਤੋਂ ਮਹਿੰਗੀ ਹੈ। ਫਿਰ ਵੀ ਭਾਜਪਾ ਵਾਲੇ ਮੈਨੂੰ ਭ੍ਰਿਸ਼ਟ ਕਹਿੰਦੇ ਹਨ। ਤੁਸੀਂ ਹੀ ਦੱਸੋ ਕਿ ਮੁਫ਼ਤ ਬਿਜਲੀ ਦੇਣ ਵਾਲਾ ਭ੍ਰਿਸ਼ਟ ਹੈ ਜਾਂ ਮਹਿੰਗੀ ਬਿਜਲੀ ਦੇਣ ਵਾਲਾ?
ਉਨ੍ਹਾਂ ਕਿਹਾ ਕਿ ਚੋਣਾਂ ਦੇ ਐਲਾਨ ਤੋਂ ਬਾਅਦ ਪੀਐਮ ਮੋਦੀ ਨੇ ਮੈਨੂੰ ਜੇਲ੍ਹ ਭੇਜ ਦਿੱਤਾ। ਉਨ੍ਹਾਂ ਨੂੰ ਡਰ ਹੈ ਕਿ ਜੇਕਰ ਕੇਜਰੀਵਾਲ ਨੇ ਦੇਸ਼ ਭਰ ਵਿੱਚ ਪ੍ਰਚਾਰ ਕੀਤਾ ਤਾਂ ਭਾਜਪਾ ਨੂੰ ਬਹੁਤ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਨੇ ਦੇਸ਼ ਵਿੱਚ ਤਾਨਾਸ਼ਾਹੀ ਫੈਲਾਈ ਹੋਈ ਹੈ। ਜੇਕਰ ਉਹ ਇਸ ਵਾਰ ਜਿੱਤ ਗਏ ਤਾਂ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਤਬਾਹ ਕਰ ਦੇਣਗੇ। ਇਸ ਲਈ ਇਸ ਵਾਰ ਭਾਜਪਾ ਨੂੰ ਹਰਾਉਣਾ ਬਹੁਤ ਜ਼ਰੂਰੀ ਹੈ।
ਕੇਜਰੀਵਾਲ ਨੇ ਅਮਿਤ ਸ਼ਾਹ ‘ਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਸ਼ਾਹ ਨੇ ਪੰਜਾਬ ਦੇ ਲੋਕਾਂ ਨੂੰ ਧਮਕੀ ਦਿੱਤੀ ਹੈ ਕਿ 4 ਜੂਨ ਨੂੰ ‘ਆਪ’ ਸਰਕਾਰ ਨੂੰ ਬਰਖ਼ਾਸਤ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਟਾ ਦਿੱਤਾ ਜਾਵੇਗਾ। ਇਹ ਤਾਨਾਸ਼ਾਹ ਲੋਕ ਲੋਕਤੰਤਰ ਦਾ ਕਤਲ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਤਾਨਾਸ਼ਾਹਾਂ ਨੂੰ ਬਰਦਾਸ਼ਤ ਨਹੀਂ ਕਰਦੇ। ਇਸ ਲਈ ਅਮਿਤ ਸ਼ਾਹ ਨੂੰ ਆਪਣੀ ਵੋਟ ਨਾਲ ਜਵਾਬ ਦਿਓ।
ਕੇਜਰੀਵਾਲ ਨੇ ਕਿਹਾ ਕਿ ਤੁਸੀਂ ਵਿਧਾਨ ਸਭਾ ਚੋਣਾਂ ‘ਚ 92 ਸੀਟਾਂ ਜਿੱਤ ਕੇ ਸਾਡੀ ਸਰਕਾਰ ਬਣਾਈ ਸੀ। ਹੁਣ ਸਾਨੂੰ 13 ਸੰਸਦ ਮੈਂਬਰ ਦੇ ਕੇ ਕੇਂਦਰ ਵਿੱਚ ਮਜ਼ਬੂਤ ਕਰੋ। ਫਿਰ ਕੇਂਦਰ ਸਰਕਾਰ ਨਾਲ ਸਬੰਧਿਤ ਸਾਰੇ ਮਸਲੇ ਹੱਲ ਕਰਵਾ ਕੇ ਪੰਜਾਬ ਦੇ ਸਾਰੇ ਬਕਾਇਆ ਫੰਡ ਜਾਰੀ ਕਰਵਾਵਾਂਗੇ। ਸਾਡੇ ਸੰਸਦ ਮੈਂਬਰ ਪਾਰਲੀਮੈਂਟ ਵਿੱਚ ਪੰਜਾਬ ਦੀ ਆਵਾਜ਼ ਬਣਨਗੇ।
ਉਨ੍ਹਾਂ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਨੂੰ ਵੋਟ ਪਾਉਣ ਦਾ ਮਤਲਬ ਆਪਣੀ ਵੋਟ ਬਰਬਾਦ ਕਰਨਾ ਹੈ। ਕਿਸੇ ਹੋਰ ਪਾਰਟੀ ਨੂੰ ਵੋਟ ਦੇਣ ਨਾਲ ਤੁਹਾਨੂੰ ਕੋਈ ਫ਼ਾਇਦਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਾਡੀ ਸਰਕਾਰ ਹੈ। ਅਸੀਂ ਕੇਂਦਰ ਵਿੱਚ ਵੀ ਮਜ਼ਬੂਤ ਹੋਵਾਂਗੇ ਤਾਂ ਪੰਜਾਬ ਦਾ ਵਿਕਾਸ ਦੁੱਗਣੀ ਰਫ਼ਤਾਰ ਨਾਲ ਹੋਵੇਗਾ।