ਭਾਜਪਾ ਵਿੱਚ ਜਾਣ ਦੀਆਂ ਖ਼ਬਰਾਂ ਦਾ ਬਲਬੀਰ ਸਿੱਧੂ ਵੱਲੋਂ ਖੰਡਨ
ਮੈਂ ਮੋਹਾਲੀ ਤੋਂ ਕਾਂਗਰਸ ਦੀ ਟਿਕਟ ਤੇ ਲੜਾਂਗਾ ਚੋਣ- ਬਲਬੀਰ ਸਿੱਧੂ
ਚੰਡੀਗੜ੍ਹ, 3 ਜਨਵਰੀ(ਵਿਸ਼ਵ ਵਾਰਤਾ) ਮੋਹਾਲੀ ਤੋਂ ਕਾਂਗਰਸ ਵਿਧਾਇਕ ਤੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਸੋਸ਼ਲ ਮੀਡੀਆ ਤੇ ਕਾਂਗਰਸ ਛੱਡ ਕੇ ਭਾਜਪਾ ਵਿੱਚ ਜਾਣ ਦੀਆਂ ਚੱਲ ਰਹੀਆਂ ਖ਼ਬਰਾਂ ਦਾ ਖੰਡਨ ਕੀਤਾ ਗਿਾ ਹੈ। ਦੱਸਣਯੋਗ ਹੈ ਕਿ ਸ਼ੋਸ਼ਲ ਮੀਡੀਆ ਤੇ ਇਹ ਚਰਚਾਵਾਂ ਜ਼ੋਰ ਫੜ ਰਹੀਆਂ ਹਨ ਕਿ ਬਲਬੀਰ ਸਿੱਧੂ ਕਾਂਗਰਸ ਛੱਡ ਭਾਜਪਾ ਵਿੱਚ ਜਾਣਗੇ। ਉਥੇ ਹੀ ਅੱਜ ਬਲਬੀਰ ਸਿੱਧੂ ਤੇ ਕਿਹਾ ਕਿ “ਉਹ ਕਾਂਗਰਸੀ ਹਨ ਅਤੇ ਕਾਂਗਰਸੀ ਹੀ ਰਹਿਣਗੇ”।
ਅੱਜ ਇਥੇ ਪ੍ਰੈਸ ਕਾਨਫਰੰਸ ਦੌਰਾਨ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਮੋਹਾਲੀ ਤੋਂ ਕਾਂਗਰਸ ਦੇ ਉਮੀਦਵਾਰ ਹੋਣਗੇ। ਉਨ੍ਹਾਂ ਕਿਹਾ ਕਿ ਵਿਰੋਧੀਆਂ ਵੱਲੋਂ ਮੇਰੇ ਖਿਲਾਫ ਝੂਠਾ ਤੇ ਬੇਬੁਨਿਆਦ ਪ੍ਰਚਾਰ ਕੀਤਾ ਜਾ ਰਿਹਾ ਹੈ, ਕਿਉਂਕਿ ਵਿਰੋਧੀਆਂ ਨੂੰ ਪਤਾ ਹੈ ਕਿ ਮੇਰੀ ਜਿੱਤ ਤੈਅ ਹੈ। ਸੋਸ਼ਲ ਮੀਡੀਆ ਉਤੇ ਕੈਪਟਨ ਦੀ ਪਾਰਟੀ ਜਾਂ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਕਿਆਸ ਅਰਾਈਆਂ ਨੂੰ ਝੂਠਾ ਪ੍ਰਚਾਰ ਦੱਸਿਆ ਕਿਹਾ ਕਿ ਮੈਂ ਕਾਂਗਰਸ ਦਾ ਸੱਚਾ ਸਿਪਾਹੀ ਹਾਂ ਅਤੇ ਕਾਂਗਰਸ ਵਿੱਚ ਹੀ ਰਹਾਂਗਾ।
ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸੋਸ਼ਲ ਮੀਡੀਆ ਉਤੇ ਇਕ ਪੋਸਟ ਵਾਇਰਲ ਹੋਈ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਬਲਬੀਰ ਸਿੰਘ ਸਿੱਧੂ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਹੋਈ ਹੈ। ਬਲਬੀਰ ਸਿੱਧੂ ਨੇ ਭਾਜਪਾ ਤੋਂ ਦੋ ਐਮ ਐਲ ਏ ਦੀਆਂ ਟਿਕਟਾਂ ਅਤੇ ਇਕ ਐਮ ਪੀ ਦੀ ਟਿਕਟ ਮੰਗੀ ਹੈ। ਸੋਸ਼ਲ ਮੀਡੀਆ ਉਤੇ ਪੋਸਟ ਵਾਇਰਲ ਹੋਣ ਤੋਂ ਬਾਅਦ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਪ੍ਰੈਸ ਕਾਨਫਰੰਸ ਕੀਤੀ ਗਈ।
ਇਸ ਮੌਕੇ ਸਿੱਧੂ ਨੇ ਕਿਹਾ ਕਿ 2007 ਵਿੱਚ ਖੁਦ ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਕੋਲ ਆ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਅਤੇ ਅਕਾਲੀ ਦਲ ਦੀ ਟਿਕਟ ਤੇ ਚੋਣ ਲੜਨ ਦੀ ਗੱਲ ਕੀਤੀ ਸੀ, ਪਰ ਉਨ੍ਹਾਂ ਨੇ ਉਦੋਂ ਵੀ ਕਾਂਗਰਸ ਪਾਰਟੀ ਦੀ ਟਿਕਟ ਤੋਂ ਹੀ ਚੋਣ ਲੜੀ ਅਤੇ ਜਿੱਤੀ। ਉਹਨਾਂ ਕਿਹਾ ਕਿ ਫਿਰ 2012 ਅਤੇ 2017 ਵਿਚ ਵੀ ਉਨ੍ਹਾਂ ਨੇ ਕਾਂਗਰਸ ਪਾਰਟੀ ਦੀ ਟਿਕਟ ਤੋਂ ਚੋਣ ਲੜ ਕੇ ਜਿੱਤ ਹਾਸਲ ਕੀਤੀ ਹੈ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵੀ ਉਹ ਮੋਹਾਲੀ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਤੋਂ ਹੀ ਲੜਨਗੇ। ਇਸ ਮੌਕੇ ਉਨ੍ਹਾਂ ਨਾਲ ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਜ਼ਿਲ੍ਹਾ ਮੁਹਾਲੀ ਕਾਂਗਰਸ ਕਮੇਟੀ ਦੇ ਪ੍ਰਧਾਨ ਰਿਸ਼ਵ ਜੈਨ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਖਰੜ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਹਾਜ਼ਰ ਸਨ।






















