ਮੈਡੀਕਲ ਕਾਲਜਾਂ ਦੀ ਵੱਡੀ ਲਾਪਰਵਾਹੀ : SC ਵਿਦਿਆਰਥੀਆਂ ਨੂੰ 4 ਸਾਲਾਂ ਤੋਂ ਨਹੀਂ ਦਿੱਤੀ ਗਈ ਪੋਸਟ ਮੈਟ੍ਰਿਕ ਸਕਾਲਰਸ਼ਿਪ
ਚੰਡੀਗੜ੍ਹ, 22ਜਨਵਰੀ (ਵਿਸ਼ਵ ਵਾਰਤਾ)- ਹਰਿਆਣਾ ਦੇ ਮੈਡੀਕਲ ਕਾਲਜਾਂ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਕਾਲਜਾਂ ਦੇ ਐਮਬੀਬੀਐਸ ਅਤੇ ਹੋਰ ਵਿਸ਼ਿਆਂ ਦੇ ਅਨੁਸੂਚਿਤ ਜਾਤੀ (ਐਸਸੀ) ਵਰਗ ਦੇ 9716 ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਨਹੀਂ ਦਿੱਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (ਐਨਸੀਐਸਸੀ) ਨੇ ਹਰਿਆਣਾ ਦੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਡਾਇਰੈਕਟਰ ਨੂੰ ਤੁਰੰਤ ਰਾਸ਼ੀ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਪੂਰੇ ਮਾਮਲੇ ਦੀ ਰਿਪੋਰਟ ਵੀ ਤਲਬ ਕੀਤੀ ਗਈ ਹੈ।
ਦੱਸ ਦਈਏ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੇ ਕਮਿਸ਼ਨ ਕੋਲ ਸਕਾਲਰਸ਼ਿਪ ਅਤੇ ਹੋਰ ਸਮੱਸਿਆਵਾਂ ਦੀ ਸ਼ਿਕਾਇਤ ਕੀਤੀ ਸੀ। ਕਮਿਸ਼ਨ ਨੇ ਸੁਣਵਾਈ ਦੌਰਾਨ ਪਾਇਆ ਕਿ ਮੈਡੀਕਲ ਕਾਲਜ ਰਾਸ਼ੀ ਦਾ ਭੁਗਤਾਨ ਨਹੀਂ ਕਰ ਰਹੇ ਹਨ। ਇਸ ਕਾਰਨ ਵਿਦਿਆਰਥੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਕਈ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਛੱਡਣੀ ਪਈ।