ਮੰਤਰੀ ਅਮਨ ਅਰੋੜਾ ਮਾਮਲੇ ‘ਚ 15 ਤਰੀਕ ਨੂੰ ਹੋਵੇਗੀ ਸੁਣਵਾਈ
ਚੰਡੀਗੜ੍ਹ,13ਜਨਵਰੀ(ਵਿਸ਼ਵ ਵਾਰਤਾ)- ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਗਣਤੰਤਰ ਦਿਵਸ ‘ਤੇ ਝੰਡਾ ਲਹਿਰਾਉਣ ਤੋਂ ਰੋਕਣ ਲਈ ਦਾਇਰ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਸੋਮਵਾਰ 15 ਜਨਵਰੀ ਨੂੰ ਸੁਣਵਾਈ ਕਰੇਗਾ। ਅਮਨ ਅਰੋੜਾ ਨੂੰ 21 ਦਸੰਬਰ 2023 ਨੂੰ ਪਰਿਵਾਰਕ ਝਗੜੇ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਦੋ ਸਾਲ ਦੀ ਸਜ਼ਾ ਸੁਣਾਈ ਗਈ ਸੀ। ਜਿਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲ ਡਾ.ਐਚ.ਸੀ ਅਰੋੜਾ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਹੈ।ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੰਮ੍ਰਿਤਸਰ ਵਿੱਚ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਿਸ ਦੇ ਖਿਲਾਫ ਪਹਿਲਾਂ ਐਡਵੋਕੇਟ ਡਾ. ਐਚ.ਸੀ ਅਰੋੜਾ ਵੱਲੋਂ ਸਰਕਾਰ ਨੂੰ ਨੋਟਿਸ ਭੇਜਿਆ ਗਿਆ ਸੀ ਅਤੇ ਹੁਣ ਹਾਈਕੋਰਟ ਸੋਮਵਾਰ ਨੂੰ ਉਨ੍ਹਾਂ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਜਾ ਰਿਹਾ ਹੈ। ਇਸ ਪਟੀਸ਼ਨ ‘ਚ ਉਨ੍ਹਾਂ ਨੇ 2013 ‘ਚ ਲਿਲੀ ਥਾਮਸ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਦਿੱਤੇ ਫੈਸਲੇ ਮੁਤਾਬਕ ਕਾਰਵਾਈ ਕਰਨ ਲਈ ਕਿਹਾ ਹੈ। ਗੌਰਤਲਬ ਹੈ ਕਿ ਲਿਲੀ ਥਾਮਸ ਮਾਮਲੇ ‘ਚ 2013 ‘ਚ ਹੁਕਮ ਦਿੱਤੇ ਗਏ ਸਨ ਕਿ ਜੇਕਰ ਕੋਈ ਮੰਤਰੀ ਜਾਂ ਵਿਧਾਇਕ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਉਣਾ ਹੋਵੇਗਾ। ਇਸ ਦੇ ਬਾਵਜੂਦ ਅਮਨ ਅਰੋੜਾ ਮੰਤਰੀ ਬਣੇ ਹੋਏ ਹਨ। ਉਸ ਨੂੰ ਇਸ ਸਜ਼ਾ ਵਿਰੁੱਧ ਕੋਈ ਸਟੇਅ ਵੀ ਨਹੀਂ ਮਿਲੀ ਹੈ।
ਜ਼ਿਕਰਯੋਗ ਹੈ ਕਿ 21 ਦਸੰਬਰ ਨੂੰ ਸੁਨਾਮ ਅਦਾਲਤ ਨੇ ਮੰਤਰੀ ਅਮਨ ਅਰੋੜਾ ਸਮੇਤ 9 ਲੋਕਾਂ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ। ਇਹ ਸਜ਼ਾ 2008 ਨਾਲ ਸਬੰਧਤ ਇੱਕ ਮਾਮਲੇ ਵਿੱਚ ਦਿੱਤੀ ਗਈ ਸੀ। ਜਿਸ ਵਿੱਚ ਅਮਨ ਅਰੋੜਾ ਦਾ ਆਪਣੇ ਜੀਜਾ ਰਜਿੰਦਰ ਦੀਪਾ ਨਾਲ ਪਰਿਵਾਰਕ ਝਗੜਾ ਸੀ। ਅਰੋੜਾ ‘ਤੇ ਦੋਸ਼ ਸੀ ਕਿ 15 ਸਾਲ ਪਹਿਲਾਂ ਉਸ ਨੇ ਘਰ ‘ਚ ਦਾਖਲ ਹੋ ਕੇ ਕੁੱਟਮਾਰ ਕੀਤੀ ਸੀ।