ਮੰਤਰੀ ਮੰਡਲ ਨੇ ਪੰਜਾਬ ਖੇਤੀਬਾੜੀ ਉਪਜ, ਮੰਡੀਆਂ ਐਕਟ-1961 ਵਿੱਚ ਸੋਧ ਨੂੰ ਦਿਖਾਈ ਹਰੀ ਝੰਡੀ
ਚੰਡੀਗੜ੍ਹ,24 ਜੂਨ(ਵਿਸ਼ਵ ਵਾਰਾਤ)- ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਮੰਤਰੀ ਮੰਡਲ ਨੇ ਪੰਜਾਬ ਖੇਤੀਬਾੜੀ ਉਤਪਾਦ ਐਕਟ ਦੀ ਧਾਰਾ 12 ਵਿਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮੌਜੂਦਾ ਸਮੇਂ ਨਾਮਜ਼ਦ ਮਾਰਕੀਟ ਕਮੇਟੀਆਂ ਨੂੰ ਭੰਗ ਕਰਕੇ ਨਵੇਂ ਪ੍ਰਸ਼ਾਸਕ ਨਿਯੁਕਤ ਕਰਨ ਦੀ ਵਿਵਸਥਾ ਕੀਤੀ ਗਈ ਹੈ। ਇਸ ਫੈਸਲੇ ਮੁਤਾਬਕ ਸੂਬਾ ਸਰਕਾਰ ਭੰਗ ਕੀਤੀਆਂ ਮਾਰਕੀਟ ਕਮੇਟੀਆਂ ਦੀ ਥਾਂ ਉਤੇ ਪ੍ਰਸ਼ਾਸਕ ਨਿਯੁਕਤ ਕਰੇਗੀ, ਜੋ ਇਕ ਸਾਲ ਦੇ ਸਮੇਂ ਲਈ ਜਾਂ ਨਵੀਆਂ ਮਾਰਕੀਟ ਕਮੇਟੀਆਂ ਦੀ ਨਾਮਜ਼ਦਗੀਆਂ ਤੱਕ, ਜੋ ਵੀ ਪਹਿਲਾਂ ਹੋਵੇ, ਡਿਊਟੀ ਨਿਭਾਉਂਦੇ ਹੋਏ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਨਗੇ। ਦੱਸਣਯੋਗ ਹੈ ਕਿ ਸੂਬੇ ਵਿਚ 156 ਮਾਰਕੀਟ ਕਮੇਟੀਆਂ ਹਨ ਜਿਨ੍ਹਾਂ ਵਿਚ ਚੇਅਰਮੈਨ, ਉਪ ਚੇਅਰੈਮਨ ਅਤੇ ਮੈਂਬਰ ਨਾਮਜ਼ਦ ਕੀਤੇ ਜਾਂਦੇ ਹਨ ਪਰ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਮੌਜੂਦਾ ਕਮੇਟੀਆਂ ਭੰਗ ਕਰਕੇ ਨਵੇਂ ਪ੍ਰਸ਼ਾਸਕਾਂ ਦੀ ਨਿਯੁਕਤੀ ਕਰਨ ਦਾ ਫੈਸਲਾ ਲਿਆ।