ਮੰਤਰੀ ਮੰਡਲ ਵੱਲੋਂ ਐਨ.ਆਰ.ਆਈ. ਵਿਭਾਗ ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਪ੍ਰਵਾਨ
ਚੰਡੀਗੜ੍ਹ, 18ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਕੈਬਨਿਟ ਨੇ ਐਨ.ਆਰ.ਆਈ. ਵਿਭਾਗ ਦੀਆਂ ਸਾਲ 2015-16, 2016-17, 2017-18, 2018-19, 2019-20 ਅਤੇ 2020-21 ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਵੀ ਮਨਜ਼ੂਰ ਕਰ ਲਈਆਂ।
ਇਸੇ ਤਰ੍ਹਾਂ ਆਰਥਿਕ ਨੀਤੀ ਤੇ ਯੋਜਨਾ ਬੋਰਡ ਪੰਜਾਬ ਦੀ ਕਾਰਜਪ੍ਰਣਾਲੀ ਨੂੰ ਬਿਹਤਰ ਕਰਨ ਵਾਸਤੇ ਕੈਬਨਿਟ ਨੇ ਰਾਜਿੰਦਰ ਗੁਪਤਾ, ਅੰਮ੍ਰਿਤ ਸਾਗਰ ਮਿੱਤਲ ਤੇ ਸੁਨੀਲ ਗੁਪਤਾ ਨੂੰ ਬੋਰਡ ਵਿੱਚ ਕੈਬਨਿਟ ਰੈਂਕ ਨਾਲ ਵਾਈਸ ਚੇਅਰਮੈਨ ਨਿਯੁਕਤ ਕਰਨ ਦੀ ਕਾਰਜਬਾਅਦ ਪ੍ਰਵਾਨਗੀ ਦਿੱਤੀ। ਕੈਬਨਿਟ ਨੇ ਇਨ੍ਹਾਂ ਨਿਯੁਕਤੀਆਂ ਦੀਆਂ ਸ਼ਰਤਾਂ, ਤਨਖ਼ਾਹਾਂ ਤੇ ਭੱਤਿਆਂ ਨੂੰ ਵੀ ਮਨਜ਼ੂਰ ਕਰ ਲਿਆ।
ਵਡੇਰੇ ਜਨਤਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਕੈਬਨਿਟ ਨੇ ਡਿਪਟੀ ਕਮਿਸ਼ਨਰ ਦਫ਼ਤਰ, ਮਾਲੇਰਕੋਟਲਾ ਵਿੱਚ ਨਾਇਬ ਤਹਿਸੀਲਦਾਰ (ਖੇਤੀਬਾੜੀ), ਸਦਰ ਕਾਨੂੰਨਗੋ ਤੇ ਨਾਇਬ ਸਦਰ ਕਾਨੂੰਨਗੋ ਦੀ ਇਕ-ਇਕ ਆਸਾਮੀ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ।
ਕੈਬਨਿਟ ਨੇ ਮਾਲ ਰਿਕਾਰਡ ਵਿੱਚ ਗੈਰ-ਕਾਸ਼ਤਯੋਗ ਮੰਤਵਾਂ ਲਈ ਜ਼ਮੀਨ ਐਕੁਆਇਰ ਕਰਨ ਲਈ ਜ਼ਮੀਨ ਦੀ ਵਰਤੋਂ ਬਦਲਣ ਵਾਸਤੇ ਫਾਰਮ ‘ਐਲ’ ਤੇ ਫਾਰਮ ‘ਐਮ’ ਲਾਗੂ ਕਰਨ ਲਈ ਪੰਜਾਬ ਭੌਂਅ ਸੁਧਾਰ ਨਿਯਮ, 1973 ਵਿੱਚ ਸੋਧ ਕਰ ਕੇ ਇਸ ਵਿੱਚ ਨਿਯਮ 6-ਏ ਜੋੜਨ ਦੀ ਇਜਾਜ਼ਤ ਦੇ ਦਿੱਤੀ।