ਮੰਤਰੀ ਮੰਡਲ ਵੱਲੋਂ ਵੈਟਰਨਰੀ ਫਾਰਮਾਸਿਸਟਾਂ ਅਤੇ ਕਲਾਸ-4 ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਵਿੱਚ ਵਾਧੇ ਦਾ ਫੈਸਲਾ
ਚੰਡੀਗੜ੍ਹ,26 ਅਗਸਤ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਹੈ। ਇਸ ਦੌਰਾਨ ਸੂਬੇ ਭਰ ਦੇ 582 ਵੈਟਰਨਰੀ ਹਸਪਤਾਲਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਪਹਿਲਾਂ ਹੀ ਠੇਕੇ ਦੇ ਆਧਾਰ ਉਤੇ ਕੰਮ ਕਰਦੇ 497 ਵੈਟਰਨਰੀ ਫਾਰਮਾਸਿਸਟਾਂ ਅਤੇ 498 ਕਲਾਸ-4/ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਨੂੰ ਪਹਿਲੀ ਅਪਰੈਲ 2022 ਤੋਂ 31 ਮਾਰਚ 2023 ਤੱਕ ਇਕ ਸਾਲ ਲਈ ਹੋਰ ਵਧਾਉਣ ਵਾਸਤੇ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਫੈਸਲਾ ਇਨ੍ਹਾਂ ਵੈਟਰਨਰੀ ਹਸਪਤਾਲਾਂ ਦੇ ਕੰਮਕਾਜ ਨੂੰ ਸੁਚਾਰੂ ਕਰਨਾ ਯਕੀਨੀ ਬਣਾਉਣ ਲਈ ਕੀਤਾ ਗਿਆ। ਇਸ ਤੋਂ ਇਲਾਵਾ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਿਹਤ ਸੰਭਾਲ ਲਈ ਬਿਹਤਰੀਨ ਸੇਵਾਵਾਂ ਮੁਹੱਈਆ ਹੋਣਗੀਆਂ।
ਸੂਬਾ ਸਰਕਾਰ ਨੇ 582 ਸਿਵਲ ਵੈਟਰਨਰੀ ਹਸਪਤਾਲਾਂ ਨੂੰ ਪਹਿਲਾਂ ਹੀ ਪੇਂਡੂ ਵੈਟਰਨਰੀ ਅਫ਼ਸਰਾਂ ਦੀਆਂ ਪ੍ਰਵਾਨਤ 582 ਆਸਾਮੀਆਂ ਸਮੇਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੋਂ ਪਸ਼ੂ ਪਾਲਣ ਵਿਭਾਗ ਨੂੰ ਵਾਪਸ ਤਬਦੀਲ ਕਰ ਦਿੱਤਾ ਹੈ।