ਮੰਤਰੀ ਮੰਡਲ ਵੱਲੋਂ 24 ਜੂਨ ਤੋਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੱਦਣ ਦੀ ਸਿਫਾਰਸ਼
ਚੰਡੀਗੜ੍ਹ, 7 ਜੂਨ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਦੂਜਾ ਬਜਟ ਇਜਲਾਸ 24 ਜੂਨ ਤੋਂ ਸੱਦਣ ਦੀ ਪ੍ਰਵਾਨਗੀ ਦਿੰਦੇ ਹੋਏ ਇਸ ਦੀ ਸਿਫਾਰਸ਼ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਕਰ ਦਿੱਤੀ ਜੋ ਭਾਰਤੀ ਸੰਵਿਧਾਨ ਦੀ ਧਾਰਾ-174 ਦੀ ਕਲਾਜ਼ (1) ਦੇ ਅਨੁਸਾਰ ਵਿਧਾਨ ਸਭਾ ਦਾ ਇਜਲਾਸ ਸੱਦਣ ਲਈ ਅਧਿਕਾਰਤ ਹਨ।
ਇਹ ਫੈਸਲਾ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੰਤਰੀ ਮੰਡਲ ਨੇ 24 ਜੂਨ ਨੂੰ ਇਜਲਾਸ ਸੱਦਣ ਅਤੇ ਸੈਸ਼ਨ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਤੋਂ ਬਾਅਦ ਉਸੇ ਦਿਨ ਰਾਜਪਾਲ ਦੇ ਭਾਸ਼ਣ ਉਤੇ ਧੰਨਵਾਦ ਦਾ ਪ੍ਰਸਤਾਵ ਪੇਸ਼ ਕਰਨ ਅਤੇ ਇਸ ਉਤੇ ਬਹਿਸ ਕਰਵਾਉਣ ਲਈ ਸਹਿਮਤੀ ਦੇ ਦਿੱਤੀ ਹੈ। ਵਿੱਤ ਮੰਤਰੀ 27 ਜੂਨ ਨੂੰ ਸੋਮਵਾਰ ਵਾਲੇ ਦਿਨ ਸਾਲ 2022-23 ਦਾ ਬਜਟ ਪੇਸ਼ ਕਰਨਗੇ ਅਤੇ ਇਸ ਤੋਂ ਬਾਅਦ ਆਮ ਬਜਟ ਉਤੇ ਬਹਿਸ ਹੋਵੇਗੀ। ਬੁਲਾਰੇ ਨੇ ਦੱਸਿਆ ਕਿ ਸੈਸ਼ਨ ਦੌਰਾਨ ਸਾਲ 2018-19 ਅਤੇ 2019-20 ਲਈ ਭਾਰਤ ਦੇ ਕੰਪਟ੍ਰੋਲਰ ਅਤੇ ਆਡੀਟਰ ਜਨਰਲ ਦੀਆਂ ਲੇਖਾ ਰਿਪੋਰਟਾਂ ਅਤੇ ਸਾਲ 2019-20 ਅਤੇ ਸਾਲ 2020-21 ਲਈ ਵਿੱਤੀ ਤੇ ਨਮਿੱਤਣ ਲੇਖੇ ਸਦਨ ਵਿਚ ਪੇਸ਼ ਕੀਤੇ ਜਾਣਗੇ।























