ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਖਰੜ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਕਰੀਬ 07 ਲੱਖ 73 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਆਮਦ
ਖਰੜ, 10ਅਕਤੂਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਸੂਬੇ ਦੀਆਂ 1854 ਮੰਡੀਆਂ ਵਿੱਚ ਝੋਨੇ ਦੀ ਖਰੀਦ, ਖਰੀਦੇ ਗਏ ਝੋਨੇ ਦੀ ਨਾਲੋ-ਨਾਲ ਲਿਫਟਿੰਗ ਕਰਵਾਉਣ ਤੇ ਖਰੀਦੇ ਗਏ ਝੋਨੇ ਦੀ 24 ਘੰਟੇ ਵਿੱਚ ਅਦਾਇਗੀ ਕਰਨ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਗਈ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾ ਰਿਹਾ ਹੈ।
ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 07 ਲੱਖ 73 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਤੇ 07 ਲੱਖ 25 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। 03 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਗਈ ਹੈ ਤੇ ਕਿਸਾਨਾਂ ਨੂੰ 392 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਇਹ ਜਾਣਕਾਰੀ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਖਰੜ ਵਿਖੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।
ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਸਰਕਾਰ ਕੋਲ 37 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਸੀ.ਸੀ.ਐਲ. ਹੈ ਅਤੇ ਮੰਡੀਆਂ ਵਿੱਚ ਲੋੜੀਂਦੇ ਬਾਰਦਾਨੇ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਕਿਸਾਨਾਂ ਨੂੰ ਦੀਵਾਲੀ ਤੇ ਦਸਹਿਰਾ ਵਰਗੇ ਅਹਿਮ ਤਿਓਹਾਰਾਂ ਮੌਕੇ ਵੀ ਆਪਣੀ ਫਸਲ ਵੇਚਣ ਲਈ ਮੰਡੀਆਂ ਵਿੱਚ ਹੀ ਰਾਤਾਂ ਕੱਟਣੀਆਂ ਪੈਂਦੀਆਂ ਸਨ ਪ੍ਰੰਤੂ ਸਾਡੀ ਸਰਕਾਰ ਨੇ ਤਹੱਈਆ ਕੀਤਾ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਰਾਤਾਂ ਨਹੀਂ ਕੱਟਣ ਦੇਵੇਗੀ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਵਿਕਣ ਲਈ ਆਉਣ ਵਾਲੀ ਫਸਲ ਦੀ ਨਮੀ ਚੈੱਕ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਬਾਹਰਲੇ ਸੂਬਿਆਂ ਤੋਂ ਆਉਣ ਵਾਲੀ ਫਸਲ ਨੂੰ ਪੰਜਾਬ ਅੰਦਰ ਵੇਚਣ ਲਈ ਆਉਣ ਤੋਂ ਰੋਕਣ ਲਈ ਇੰਟਰ ਸਟੇਟ ਨਾਕੇ ਵੀ ਲਗਾਏ ਗਏ ਹਨ, ਜਿਥੇ ਕਿ 24 ਘੰਟੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਉਨ੍ਹਾਂ ਨੇ ਇਸ ਮੌਕੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਫਸਲ ਪੂਰੀ ਤਰ੍ਹਾਂ ਸੁੱਕਾ ਕੇ ਹੀ ਲਿਆਂਦੀ ਜਾਵੇ। ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਜ਼ਮੀਨ ਵਿੱਚ ਹੀ ਵਾਹੁਣ ਨੂੰ ਤਰਜੀਹ ਦਿੱਤੀ ਜਾਵੇ।
ਕੈਬਨਿਟ ਮੰਤਰੀ ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਆਗੂ ਮੰਡੀਆਂ ਵਿੱਚ ਨਿੱਜੀ ਤੌਰ ‘ਤੇ ਦੌਰੇ ਕਰਕੇ ਖਰੀਦ ‘ਤੇ ਨਜ਼ਰ ਰੱਖ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਦੀਆਂ ਲੋੜਾਂ ਤੋਂ ਚੰਗੀ ਤਰ੍ਹਾਂ ਜਾਣੂ ਹੈ ਅਤੇ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਪਿਤਾ ਸ਼੍ਰੀ ਜੋਧਾ ਸਿੰਘ ਮਾਨ, ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।