ਰਵਨੀਤ ਬਿੱਟੂ ਦੇ ਪੀਏ ‘ਤੇ ਜਾਨਲੇਵਾ ਹਮਲਾ ਕਰਨ ਵਾਲੇ ਪੁਲਿਸ ਨੇ ਕੀਤੇ ਕਾਬੂ
ਪੜ੍ਹੋ ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ,17 ਅਗਸਤ(ਵਿਸ਼ਵ ਵਾਰਤਾ)- ਪੰਜਾਬ ਦੇ ਲੁਧਿਆਣਾਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਦੇ ਪੀਏ ਹਰਜਿੰਦਰ ਸਿੰਘ ਢੀਂਡਸਾ ‘ਤੇ 4 ਦਿਨ ਪਹਿਲਾਂ ਅਣਪਛਾਤੇ ਵਿਅਕਤੀਆਂ ਨੇ ਜਾਨਲੇਵਾ ਹਮਲਾ ਕਰ ਦਿੱਤਾ ਸੀ। ਪੁਲੀਸ ਨੇ ਇਸ ਮਾਮਲੇ ਵਿੱਚ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸ ਦਈਏ ਕਿ ਇਹ ਘਟਨਾ ਲੁਧਿਆਣਾ-ਫਿਰੋਜ਼ਪੁਰ ਰੋਡ ‘ਤੇ ਇਯਾਲੀ ਚੌਕ ਦੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਢੀਂਡਸਾ ਆਪਣੇ ਪਿੰਡ ਥਰੀਕੇ ਤੋਂ ਇਯਾਲੀ ਚੌਕ ਵੱਲ ਜਾ ਰਿਹਾ ਸੀ। ਇਸ ਦੌਰਾਨ ਬਾਈਕ ‘ਤੇ ਆਏ 15-16 ਹਮਲਾਵਰਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਹਰਜਿੰਦਰ ਸਿੰਘ ਦੀਆਂ 2 ਬੱਸਾਂ ਚੱਲਦੀਆਂ ਹਨ। ਬੱਸ ‘ਚ ਕੁਝ ਨੌਜਵਾਨ ਇਕ ਲੜਕੀ ਨਾਲ ਛੇੜਛਾੜ ਕਰ ਰਹੇ ਸਨ, ਜਿਨ੍ਹਾਂ ਨੂੰ ਡਰਾਈਵਰ ਨੇ ਸਮਝਾਇਆ ਸੀ ਅਤੇ ਇਸਤੋਂ ਬਾਅਦ ਹਰਜਿੰਦਰ ਸਿੰਘ ਨੇ ਵੀ ਉਹਨਾਂ ਨੂੰ ਸਮਝਾਇਆ ਸੀ।
ਇਸ ਗੱਲ ਦੀ ਰੰਜਿਸ਼ ਰੱਖਦਿਆਂ ਉਕਤ ਨੌਜਵਾਨਾਂ ਨੇ ਮੌਕਾ ਦੇਖ ਕੇ ਹਰਜਿੰਦਰ ਸਿੰਘ ‘ਤੇ ਹਮਲਾ ਕਰ ਦਿੱਤਾ। ਦੋਸ਼ੀ ਨੌਜਵਾਨ ਤਲਵਾਰਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਆਏ ਅਤੇ ਕਰੀਬ 5 ਮਿੰਟ ਤੱਕ ਲਗਾਤਾਰ ਹਰਜਿੰਦਰ ਸਿੰਘ ‘ਤੇ ਹਮਲਾ ਕਰਦੇ ਰਹੇ। ਹਰਜਿੰਦਰ ਸਿੰਘ ਦੇ ਸਿਰ ‘ਤੇ ਡੂੰਘੀਆਂ ਸੱਟਾਂ ਲੱਗੀਆਂ ਹਨ। ਫੜ੍ਹੇ ਗਏ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲੀਸ ਰਿਮਾਂਡ ਲਿਆ ਗਿਆ ਹੈ। ਮੁਲਜ਼ਮਾਂ ਤੋਂ ਉਨ੍ਹਾਂ ਦੇ ਬਾਕੀ ਸਾਥੀਆਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।