ਇੱਕ ਵਾਰ ਫਿਰ ਤੋਂ ਆਹਮੋ ਸਾਹਮਣੇ ਪੰਜਾਬ ਸਰਕਾਰ ਤੇ ਰਾਜਪਾਲ
ਰਾਜਪਾਲ ਨੇ ਡਾ.ਵਾਂਡਰ ਤੋਂ ਬਾਅਦ ਹੁਣ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਵੀ ਹਟਾਉਣ ਦੇ ਦਿੱਤੇ ਆਦੇਸ਼
ਚੰਡੀਗੜ੍ਹ 18 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇੱਕ ਵਾਰ ਫਿਰ ਤੋਂ ਆਹਮੋ ਸਾਹਮਣੇ ਹੋ ਗਏ ਹਨ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਹੁਣ ਰਾਜਪਾਲ ਨੇ ਬਨਵਾਰੀਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਪੀਏਯੂ ਦੇ ਵੀਸੀ ਸਤਬੀਰ ਗੋਸਲ ਨੂੰ ਹਟਾਉਣ ਲਈ ਕਿਹਾ ਹੈ ਅਤੇ ਨਾਲ ਹੀ ਸਰਕਾਰ ਨੂੰ ਨਵੇਂ ਵੀਸੀ ਦੀ ਨਿਯੁਕਤੀ ਲਈ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ।
ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿੱਚ ਰਾਜਪਾਲ ਨੇ ਲਿਖਿਆ ਹੈ ਕਿ ”ਮੇਰੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਸਰਕਾਰ ਨੇ ਸਤਬੀਰ ਸਿੰਘ ਗੋਸਲ ਨੂੰ ਯੂਜੀਸੀ ਦੇ ਨਿਯਮਾਂ ਅਤੇ ਚਾਂਸਲਰ ਦੀ ਪ੍ਰਵਾਨਗੀ ਤੋਂ ਬਿਨਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦਾ ਉਪ ਕੁਲਪਤੀ ਬਣਾਇਆ ਹੈ। ਪੰਜਾਬ ਸਰਕਾਰ ਦੀ ਇਹ ਕਾਰਵਾਈ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ ਅਤੇ ਇਸ ਨੂੰ ਕਿਸੇ ਤਰਕ ਨਾਲ ਸਵੀਕਾਰ ਨਹੀਂ ਕੀਤਾ ਜਾ ਸਕਦਾ।”
ਇਸ ਦੇ ਨਾਲ ਹੀ ਉਹਨਾਂ ਨੇ ਵਾਈਸ-ਚਾਂਸਲਰ ਨੂੰ ਹਟਾਉਣ ਲਈ ਵੀ ਕਿਹਾ ਹੈ ਅਤੇ ਨਾਲ ਹੀ ਇਹ ਵੀ ਕਿਹਾ ਹੈ ਕਿ ਨਵੇਂ ਵੀਸੀ ਦੀ ਨਿਯੁਕਤੀ ਤੱਕ ਪੀਏਯੂ ਦੇ ਵਾਈਸ ਚਾਂਸਲਰ ਦਾ ਚਾਰਜ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਨੂੰ ਸੌਂਪਿਆ ਜਾ ਸਕਦਾ ਹੈ।