ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਧਮਕੀ ਦੇਣ ਦਾ ਮਾਮਲਾ
ਅੰਮ੍ਰਿਤਪਾਲ ਸਿੰਘ ‘ਤੇ ਐਫਆਈਆਰ ਦਰਜ; ਨਫਰਤ ਭਰੇ ਭਾਸ਼ਣ ਅਤੇ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਦੇ ਵੀ ਇਲਜ਼ਾਮ
ਚੰਡੀਗੜ੍ਹ 24 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਪੰਜਾਬ ਦੇ ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 5 ਵਿੱਚ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਮਹਿਰੋਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਦੇ ਨਾਲ ਹੀ ਉਸ ਉੱਤੇ ਨਫਰਤੀ ਭਾਸ਼ਣ ਦੇਣ ਦੇ ਦੋਸ਼, ਹਥਿਆਰਾਂ ਨੂੰ ਉਤਸ਼ਾਹਿਤ ਕਰਨ, ਹਥਿਆਰਾਂ ਦਾ ਭੰਡਾਰ ਕਰਨ ਦੇ ਵੀ ਇਲਜ਼ਾਮ ਹਨ। ਮੁਲਜ਼ਮ ਅੰਮ੍ਰਿਤਪਾਲ ਸਿੰਘ ਮੋਗਾ ਜ਼ਿਲ੍ਹੇ ਦੇ ਪਿੰਡ ਮਹਿਰੋਂ ਦਾ ਰਹਿਣ ਵਾਲਾ ਹੈ। ਫਿਲਹਾਲ ਉਹ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।
ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਮਾਮਲਾ ਇੱਕ ਇੰਟਰਵਿਊ ਵਿੱਚ ਦਿੱਤੇ ਗਏ ਬਿਆਨ ਦੇ ਆਧਾਰ ਤੇ ਦਰਜ ਕੀਤਾ ਗਿਆ ਹੈ। ਜਿਸ ਵਿੱਚ ਅੰਮ੍ਰਿਤਪਾਲ ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ 21 ਨਵੰਬਰ ਨੂੰ ਕੀਤੇ ਟਵੀਟ ਦਾ ਵਿਰੋਧ ਕਰ ਰਿਹਾ ਸੀ। ਪੁਲਿਸ ਮੁਤਾਬਕ ਅੰਮ੍ਰਿਤਪਾਲ ਨੇ ਅਜਿਹੀਆਂ ਗੱਲਾਂ ਕਰਕੇ ਪੰਜਾਬ ਦਾ ਮਾਹੌਲ ਖਰਾਬ ਕੀਤਾ ਹੈ। ਇਸ ਦੇ ਨਾਲ ਹੀ ਉਹ ਨੌਜਵਾਨ ਪੀੜ੍ਹੀ ਨੂੰ ਆਕਰਸ਼ਿਤ ਕਰ ਰਿਹਾ ਹੈ। ਇਸ ਦੇ ਨਾਲ ਹੀ ਭੜਕਾਊ ਭਾਸ਼ਾ ਵਰਤ ਕੇ ਪੰਜਾਬ ਕਾਂਗਰਸ ਪ੍ਰਧਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਇੰਟਰਵਿਊਆਂ ਵਿੱਚ ਹਥਿਆਰਾਂ ਦਾ ਖੁੱਲ੍ਹੇਆਮ ਪ੍ਰਚਾਰ ਕਰ ਰਿਹਾ ਹੈ।