ਵੱਡੀ ਖ਼ਬਰ
ਪੋਸਟ ਮੈਟ੍ਰਿਕ ਸਕਾਲਰਸ਼ਿਪ ਮਾਮਲਾ
ਰਾਸ਼ਟਰੀ SC ਕਮਿਸ਼ਨ ਨੇ ਪੰਜਾਬ ਦੇ ਚੀਫ ਸੈਕਟਰੀ ਨੂੰ ਕੀਤਾ ਦਿੱਲੀ ਤਲਬ
ਚੰਡੀਗੜ੍ਹ, 11 ਜੂਨ (ਵਿਸ਼ਵ ਵਾਰਤਾ): ਪੰਜਾਬ ਭਰ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਤਹਿਤ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਪੇਸ਼ ਆ ਰਹੀ ਸਮੱਸਿਆਵਾਂ ਦੇ ਯੋਗ ਹੱਲ ਲਈ ਰਾਸ਼ਟਰੀ ਅਨੁਸੂਚਿਤ ਜਾਤੀ(SC) ਕਮਿਸ਼ਨ ਦੁਆਰਾ ਪੰਜਾਬ ਸਰਕਾਰ ਨੂੰ ਤਿੰਨ ਵੱਖ-ਵੱਖ ਨੋਟਿਸ ਭੇਜੇ ਗਏ, ਤਿੰਨਾਂ ਦਾ ਜਵਾਬ ਦੇਣ ਦੀ ਨਿਰਧਾਰਤ ਸਮੇਂ ਸੀਮਾ ਖਤਮ ਹੋਣ ਤੱਕ ਕੋਈ ਜਵਾਬ ਨਹੀਂ ਆਇਆ। ਇਸ ਨੂੰ ਧਿਆਨ ਵਿਚ ਰੱਖਦਿਆਂ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਪੰਜਾਬ ਦੇ ਮੁੱਖ ਸਕੱਤਰ ਦੇ ਨਾਲ ਤਿੰਨ ਹੋਰ ਅਫਸਰਾਂ ਨੂੰ 17 ਜੂਨ ਨੂੰ ਦਿੱਲੀ ਤਲਬ ਕੀਤਾ ਹੈ। ਕਮਿਸ਼ਨ ਨੇ ਤਿੰਨ ਨੋਟਿਸ ਜਾਰੀ ਕੀਤੇ ਜਿਸ ਵਿੱਚ 25 ਮਈ ਨੂੰ ਜਾਰੀ ਕੀਤੇ ਗਏ 15 ਦਿਨ ਦੇ ਨੋਟਿਸ ਦਾ ਹੁਣ ਤੱਕ ਕੋਈ ਜਵਾਬ ਨਹੀਂ ਆਇਆ, 7 ਜੂਨ ਅਤੇ 10 ਜੂਨ ਨੂੰ ਤੁਰੰਤ ਜਵਾਬ ਦੇਣ ਲਈ ਜਾਰੀ ਕੀਤੇ ਨੋਟਿਸਾਂ ਦਾ ਵੀ ਕੋਈ ਜਵਾਬ ਪੰਜਾਬ ਸਰਕਾਰ ਨੇ ਹੁਣ ਨਹੀਂ ਦਿੱਤਾ।ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਦੀ ਮੁੱਖ ਸਕੱਤਰ, ਅਸਮਾਜਿਕ ਨਿਆਏ, ਅਧਿਕਾਰਿਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਧਾਨ ਸਕੱਤਰ ਅਤੇ ਹਾਈਅਰ ਐਜੂਕੇਸ਼ਨ ਦੇ ਪ੍ਰਧਾਨ ਸਕੱਤਰ ਨੂੰ ਨੋਟਿਸ ਜਾਰੀ ਕਰ ਕੇ ਵਿਅਕਤੀਗਤ ਤੌਰ ‘ਤੇ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ 17 ਜੂਨ ਨੂੰ ਲੇੇਟੇੈਸਟ ਐਕਸ਼ਨ ਟੈਕਨ ਰਿਪੋਰਟ ਲੈ ਕੇ ਆਉਣ ਨੂੰ ਕਿਹਾ ਹੈ।
ਸਾਂਪਲਾ ਨੇ ਕਿਹਾ ਕਿ ਭਾਰਤ ਦੇ ਅਨੁਸੂਚਿਤ ਵਰਗ ਨੂੰ ਦੇਸ਼ ਦੇ ਸੰਵਿਧਾਨ ਦੁਆਰਾ ਦਿੱਤੇ ਗਏ ਅਧਿਕਾਰਾਂ ਨੂੰ ਸੁਨਿਸ਼ਚਿਤ ਕਰਨਾ ਕਮਿਸ਼ਨ ਦਾ ਚੇਅਰਮੈਨ ਦੇ ਨਾਤੇ ਮੇਰਾ ਫਰਜ਼ ਹੈ।ਸਾਂਪਲਾ ਨੇ ਅਖੀਰ ਵਿੱਚ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੇ ਤਹਿਤ ਕੋਈ ਗਲਤੀ ਨਹੀਂ ਕੀਤੀ ਹੈ ਤਾਂ ਉਨਾਂ ਦੇ ਅਫਸਰ ਵਾਰ ਵਾਰ ਨੋਟਿਸ ਦੇਣ ਦੇ ਬਾਵਜੂਦ ਵੀ ਜਵਾਬ ਦੇਣ ਤੋਂ ਕਿਉਂ ਭੱਜ ਰਹੇ ਹਨ।