ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼ੁੱਕਰਵਾਰ ਨੂੰ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇ ਹਮਲਾ ਕਰਦਿਆਂ ਕਿਹਾ ਕਿ ਸੂਬੇ ਵਿੱਚ ਆਪਣੇ (1) ਇੱਕ ਸਾਲ (9) ਨੌਂ ਮਹੀਨਿਆਂ ਦੇ ਕਾਰਜਕਾਲ ਦੌਰਾਨ ਪੰਜਾਬ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ।
ਇਥੇ ਪਾਰਟੀ ਮੁੱਖ ਦਫ਼ਤਰ ਤੋਂ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਪੰਜਾਬ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਨੂੰ ਸਾਫ਼ ਸ਼ਬਦਾਂ ਵਿੱਚ ਸਪੱਸ਼ਟ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਨੇ ਹੁਣ ਤੱਕ ਕਿਸਾਨਾਂ ਦੇ ਕਰਜ਼ੇ ਨਹੀਂ ਮੁਆਫ਼ ਕੀਤੇ ਜਿਸ ਕਰਕੇ ਕਾਂਗਰਸ ਪਾਰਟੀ ਦੀ ਅਗਵਾਈ ਕਰਨ ਵਾਲੀ ਪੰਜਾਬ ਸਰਕਾਰ ਦੀ ਧੋਖਾਧੜੀ ਸਾਫ਼ ਨਜ਼ਰ ਆਉਂਦੀ ਹੈ ਅਤੇ ਦੂਸਰਾ ਹਰ ਇੱਕ ਪਰਿਵਾਰ ਦੇ ਮੈਂਬਰ ਨੂੰ ਨੌਕਰੀ, ਆਰਥਿਕ ਪੱਖੋਂ ਕਮਜ਼ੋਰ ਪਛੜੀਆਂ ਸ਼੍ਰੇਣੀਆਂ ਦੀ ਗ਼ਰੀਬ ਲੜਕੀਆਂ ਦੇ ਵਿਆਹ ਸਮੇਂ ਸ਼ਗਨ ਸਕੀਮ 51000/- ਰੁਪਏ ਦੇਣ ਵਿੱਚ ਵੀ ਪੂਰੀ ਤਰ੍ਹਾਂ ਨਾਲ ਅਸਫ਼ਲ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੂਰੇ ਦੇਸ਼ ਵਿੱਚ ਕਾਂਗਰਸ ਪਾਰਟੀ ਦਾ ਜਹਾਜ਼ ਡੁੱਬ ਜਾਵੇਗਾ ਜੋ ਕਿ ਸੂਬੇ ਵਿੱਚ ਸੱਤਾਧਾਰੀ ਪਾਰਟੀ ਲਈ ਬਹੁਤ ਮਾੜਾ ਹੈ।
ਬ੍ਰਹਮਪੁਰਾ ਨੇ ਆਪਣੇ ਇਸ ਬਿਆਨ ਵਿੱਚ ਕਿਹਾ ਕਿ ਦੂਜੇ ਪਾਸੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਆਉਣ ਵਾਲੀਆਂ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਬਲ ਕ੍ਰਾਸ ਭੂਮਿਕਾ ਨਿਭਾ ਰਹੇ ਹਨ। ਗਾਂਧੀ ਪਰਿਵਾਰ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਬਾਰੇ ਲੋਕਾਂ ਨੂੰ ਸਿਰਫ਼ ਮੂਰਖ਼ ਬਣਾ ਰਿਹਾ ਹੈ ਜਿਸ ਨਾਲ ਕੇਵਲ ਝੂਠ ਮਾਰ ਕੇ ਵੋਟਾਂ ਲੲੀਆਂ ਜਾ ਸਕਣ ਜਿਵੇਂ ਕਿ ਉਨ੍ਹਾਂ ਪੰਜਾਬ ਵਿੱਚ ਫਰਜ਼ੀ ਅਤੇ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਜੋ ਕਿ ਬਹੁਤ ਗ਼ਲਤ ਹੈ ਅਤੇ ਰਾਹੁਲ ਗਾਂਧੀ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਪੰਜਾਬ ਵਿੱਚ ਕਿਸਾਨਾਂ ਦੇ ਕਰਜ਼ੇ ਕਦੋਂ ਮੁਆਫ਼ ਕੀਤੇ ਜਾਣਗੇ ਕਿਉਜੋ ਆਏਂ ਦਿਨ ਪੰਜਾਬ ਦਾ ਅੰਨਦਾਤਾ ਕਹਾਉਣ ਵਾਲਾ ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਹਨ ਜਿਸ ਲਈ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੰਮੇਵਾਰ ਹੈ। ਸ੍ਰ. ਬ੍ਰਹਮਪੁਰਾ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਇਹ ਵੀ ਸੁਝਾਅ ਵੀ ਦਿੱਤਾ ਕਿ ਉਹ ਦੇਸ਼ ਦੇ ਦੂਜੇ ਹੋਰਨਾਂ ਸੂਬਿਆਂ ਵਿੱਚ ਸਿਰਫ਼ ਵੋਟਾਂ ਲੈਣ ਖਾਤਰ ਝੂਠੇ, ਫਰਜ਼ੀ ਅਤੇ ਗ਼ਲਤ ਵਾਅਦੇ ਨਾ ਕਰਨ ਜਿਸ ਨਾਲ ਦੇਸ਼ ਦਾ ਭਵਿੱਖ ਖ਼ਰਾਬ ਹੋਵੇ।