ਰਿਸ਼ਵਤ ਦੇਣ ਦਾ ਮਾਮਲਾ ; ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ
ਚੰਡੀਗੜ੍ਹ, 22ਦਸੰਬਰ(ਵਿਸ਼ਵ ਵਾਰਤਾ)-ਰਿਸ਼ਵਤ ਦੇ ਮਾਮਲੇ ‘ਚ ਜੇਲ ‘ਚ ਬੰਦ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਇਸ ਮਾਮਲੇ ਦੀ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਮਾਮਲੇ ਦੀ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ। ਜਿਸ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਸਟੇਟਸ ਰਿਪੋਰਟ ਦਾਖਲ ਕਰਨ ਤੋਂ ਬਾਅਦ ਦੋਸ਼ੀ ਅਰੋੜਾ ਨੂੰ ਹਾਈਕੋਰਟ ਤੋਂ ਰਾਹਤ ਨਹੀਂ ਮਿਲ ਸਕੀ ਪਰ ਅੱਜ ਹਾਈਕੋਰਟ ‘ਚ ਜ਼ਮਾਨਤ ਪਟੀਸ਼ਨ ‘ਤੇ ਮੁੜ ਸੁਣਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਰੋੜਾ ਨੇ ਰੈਗੂਲਰ ਜ਼ਮਾਨਤ ਲਈ ਪੰਜਾਬ ਦੀ ਮੋਹਾਲੀ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਸੀ। ਅਰੋੜਾ ਦੀ ਪਟੀਸ਼ਨ ਅਦਾਲਤ ਵੱਲੋਂ ਖਾਰਜ ਹੋਣ ਤੋਂ ਬਾਅਦ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਫਿਰ 11 ਨਵੰਬਰ ਨੂੰ ਦੋਸ਼ੀ ਅਰੋੜਾ ਨੇ ਰੈਗੂਲਰ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ।
ਗੌਰਤਲਬ ਹੈ ਕਿ ਸੁੰਦਰ ਸ਼ਾਮ ਅਰੋੜਾ ਨੇ ਇੱਕ ਕੇਸ ਵਿੱਚ ਆਪਣੇ ਬਚਾਅ ਲਈ ਏਆਈਜੀ ਵਿਜੀਲੈਂਸ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਵਿਜੀਲੈਂਸ ਟੀਮ ਨੇ ਉਸ ਨੂੰ ਰਿਸ਼ਵਤ ਦੀ ਰਕਮ ਸਮੇਤ ਕਾਬੂ ਕਰ ਲਿਆ ਸੀ।























