ਰਿਸ਼ਵਤ ਲੈਣ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਏਆਈਜੀ ਅਸ਼ੀਸ਼ ਕਪੂਰ ਦੀ ਅਦਾਲਤ ਵਿੱਚ ਪੇਸ਼ੀ ਅੱਜ
ਚੰਡੀਗੜ੍ਹ,7ਅਕਤੂਬਰ(ਵਿਸ਼ਵ ਵਾਰਤਾ)- ਵਿਜੀਲੈਂਸ ਬਿਊਰੋ ਪੰਜਾਬ ਵੱਲੋਂ 1 ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ (ਏ.ਆਈ.ਜੀ.) ਅਸ਼ੀਸ਼ ਕਪੂਰ, ਪੀ.ਪੀ.ਐਸ., ਜੋ ਕਿ ਹੁਣ ਕਮਾਂਡੈਂਟ, ਚੌਥੀ ਆਈ.ਆਰ.ਬੀ, ਪਠਾਨਕੋਟ ਦੇ ਅਹੁਦੇ ‘ਤੇ ਤਾਇਨਾਤ ਹੈ, ਨੂੰ ਅੱਜ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕੀ ਬੀਤੇ ਕੱਲ੍ਹ ਵਿਜੀਲੈਂਸ ਨੇ ਅਸ਼ੀਸ਼ ਕਪੂਰ ਨੂੰ ਵੱਖ-ਵੱਖ ਚੈੱਕਾਂ ਰਾਹੀਂ ਇੱਕ ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਸੀ। ਇਸ ਮੁਕੱਦਮੇ ਵਿੱਚ ਡੀਐਸਪੀ ਇੰਟੈਲੀਜੈਂਸ ਪਵਨ ਕੁਮਾਰ ਅਤੇ ਏਐਸਆਈ ਹਰਜਿੰਦਰ ਸਿੰਘ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਨੇ ਉਪਰੋਕਤ ਤਿੰਨੇ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।