ਰੈਗੂਲਰ ਕਰਨ ਦੀ ਮੰਗ ਕਰ ਰਹੇ ਕੱਚੇ ਅਧਿਆਪਕਾਂ `ਤੇ ਢਾਹੇ ਗਏ ਜ਼ੁਲਮ ਦੀ ਸ: ਸੁਖਦੇਵ ਸਿੰਘ ਢੀਂਡਸਾ ਨੇ ਕੀਤੀ ਨਿੰਦਾ
ਕੈਪਟਨ ਸਿਆਸੀ ਗੋਟੀਆ ਫਿੱਟ ਕਰਨ ਦੇ ਬਜਾਏ ਸੂਬੇ ਦੇ ਮੌਜੂਦਾ ਮੁੱਦਿਆਂ ਦੇ ਹੱਲ ਕਰਨ ਵੱਲ ਧਿਆਨ ਦੇਣ: ਸ.ਢੀਂਡਸਾ

ਚੰਡੀਗੜ੍ਹ, 06 ਜੁਲਾਈ(ਵਿਸ਼ਵ ਵਾਰਤਾ): ਮੋਹਾਲੀ ਵਿੱਚ ਕੱਚੇ ਅਧਿਆਪਕਾਂ ਦੇ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਵਰ੍ਹਾਈਆਂ ਡਾਂਗਾਂ ਅਤੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਢਾਹੇ ਗਏ ਜ਼ੁਲਮ ਦੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਬਰ: ਸ: ਸੁਖਦੇਵ ਸਿੰਘ ਢੀਂਡਸਾ ਨੇ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬੜੇ ਸ਼ਰਮ ਦੀ ਗੱਲ ਹੈ ਕਿ ਪੁਲਿਸ ਨੇ ਡਾਂਗਾਂ ਅਤੇ ਪਾਣੀ ਦੀ ਬੁਛਾੜਾਂ ਮਾਰਨ ਵੇਲੇ ਅਪਾਹਜ ਅਧਿਆਪਕਾਂ ਅਤੇ ਅਧਿਆਪਕਾਵਾਂ ਨੂੰ ਵੀ ਨਹੀ ਬਖ਼ਸਿ਼ਆ ਅਤੇ ਮਹਿਲਾ ਪੁਲਿਸ ਦੇ ਬਜਾਏ ਪੁਲਿਸ ਦੇ ਜਵਾਨਾਂ ਵੱਲੋਂ ਅਧਿਆਪਕਾਵਾਂ ਨਾਲ ਖਿੱਚ-ਧੂਹ ਕੀਤੀ ਗਈ।
ਇਥੇ ਜਾਰੀ ਇੱਕ ਬਿਆਨ ਵਿੱਚ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਨੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨੂੰ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ। ਪਰ ਸਾਢੇ ਚਾਰ ਸਾਲਾਂ ਦਾ ਸਮਾਂ ਬੀਤ ਜਾਣ `ਤੇ ਵੀ ਪੰਜਾਬ ਦੇ ਪੜ੍ਹੇ-ਲਿਖੇ ਨੌਜਵਾਨ ਅਤੇ ਕੱਚੇ ਅਧਿਆਪਕ/ ਅਧਿਆਪਕਾਵਾਂ ਜ਼ੁਲਮ ਸਹਿ ਰਹੇ ਹਨ ਅਤੇ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਅਜਿਹੇ ਹਾਲਾਤ ਵਿੱਚ ਸੂਬੇ ਦੇ ਮੌਜੂਦਾ ਮੁੱਦਿਆਂ ਦਾ ਹੱਲ ਕਰਨ ਦੇ ਬਜਾਏ ‘ਸਿਆਸੀ ਗੋਟੀਆਂ ਫਿੱਟ’ ਕਰਨ ਲਈ ਦਿੱਲੀ ਵਿੱਚ ਕਾਂਗਰਸ ਹਾਈਕਮਾਨ ਨਾਲ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਵਕਤ ਦਿੱਲੀ ਗੇੜੇ ਮਾਰਨ ਨਾਲੋਂ ਪੰਜਾਬ ਵਿੱਚ ਗੇੜੇ ਮਾਰ ਕੇ ਹਾਲਾਤ ਵੇਖਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਕੱਚੇ ਅਧਿਆਪਕਾਂ ਨੇ ਆਪਣੀ ਜਿ਼ੰਦਗੀ ਦਾ ਕੀਮਤੀ ਸਮਾਂ ਸਰਕਾਰੀ ਸਕੂਲਾਂ ਨੂੰ ਦਿੱਤਾ ਅਤੇ ਮਹਿਜ਼ 5 ਤੋਂ 10 ਹਜ਼ਾਰ ਰੁਪਏ ਤੱਕ ਦੀ ਤਨਖ਼ਾਹ `ਤੇ ਕੰਮ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਪਿਛਲੇ ਸਾਢੇ ਚਾਰ ਸਾਲ ਤੋਂ ਇਨ੍ਹਾਂ ਅਧਿਆਪਕਾਂ ਨੂੰ ਰੈਗੁਲਰ ਕਰਨ ਦੇ ਫੋਕੇ ਨਾਅਰੇ ਲਗਾਉਂਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਦੇ ਧਰਨੇ ਵਿੱਚ ਆ ਕੇ ਵਾਅਦਾ ਕੀਤਾ ਸੀ ਕਿ ਕਾਂਗਰਸ ਪਾਰਟੀ ਦੀ ਸਰਕਾਰ ਆਉਣ `ਤੇ ਉਹ ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨਗੇ ਕਿਉਂਕਿ ਇਨ੍ਹਾਂ ਅਧਿਆਪਕਾਂ ਦੀ ਤਨਖ਼ਾਹ ਉਨ੍ਹਾਂ ਦੇ ਆਪਣੇ ਮਾਲੀ ਦੀ ਤਨਖਾਹ ਨਾਲੋਂ ਵੀ ਘੱਟ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ `ਚ ਕੀਤੇ ਵਾਅਦਿਆਂ ਤੋਂ ਮੁੱਕਰਦਿਆਂ ਅਧਿਆਪਕਾਂ `ਤੇ ਅੱਤਿਆਚਾਰ ਹੀ ਕੀਤੇ ਹਨ। ਕਾਂਗਰਸ ਸਰਕਾਰ ਨੇ ਨਾ ਤਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਅਤੇ ਨਾ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ। ਸ: ਢੀਂਡਸਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਈਂ ਸਾਲਾਂ ਤੋਂ ਆਪਣੀ ਨੌਕਰੀ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਨੂੰ ਪੱਕੀ ਨੌਕਰੀ ਦਿੱਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਪੰਜਾਬ ਦੇ ਬੇਰੁਜ਼ਗਾਰ ਨੌਜਵਾਨ ਅਤੇ ਕੱਚੀਆਂ ਨੌਕਰੀਆਂ ਕਰਦੇ ਅਧਿਆਪਕਾਂ ਸਮੇਤ ਸਮੂਹ ਪੰਜਾਬ ਵਾਸੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਵਾਅਦਿਆਂ ਤੋਂ ਮੁੱਕਰਨ ਦਾ ਹਿਸਾਬ ਜ਼ਰੂਰ ਲੈਣਗੇ।






















