ਲਖੀਮਪੁਰ ਖਿਰੀ ਘਟਨਾਕ੍ਰਮ ਖ਼ਿਲਾਫ਼ ਪੰਜਾਬ ਭਰ ‘ਚ ਰੋਸ-ਮੁਜ਼ਾਹਰੇ
ਸੰਯੁਕਤ ਕਿਸਾਨ ਮੋਰਚਾ ਦੇ ਦੇਸ਼-ਵਿਆਪੀ ਸੱਦੇ ਤਹਿਤ ਪੰਜਾਬ ਭਰ ‘ਚ ਰੋਸ-ਮੁਜ਼ਾਹਰੇ
32 ਕਿਸਾਨ-ਜਥੇਬੰਦੀਆਂ ਵੱਲੋਂ ਡਿਪਟੀ-ਕਮਿਸ਼ਨਰਾਂ ਰਾਹੀਂ ਰਾਸ਼ਟਰਪਤੀ ਨੂੰ ਭੇਜੇ ਰੋਸ-ਪੱਤਰ
ਹਾਕਮਾਂ ਦੇ ਕਫਨ ਵਿੱਚ ਆਖਰੀ ਕਿੱਲ ਸਾਬਤ ਹੋਵੇਗਾ ਇਹ ਘਟਨਾਕ੍ਰਮ : ਕਿਸਾਨ ਆਗੂ
‘ਜੈਸੇ ਨੂੰ ਤੈਸਾ’ ਦਾ ਹਿਸਾਬ ਖੱਟੜ ਨਹੀਂ, ਕਿਸਾਨ ਕਰਨਗੇ; ਹਾਕਮਾਂ ਦੇ ਇੱਕ ਇੱਕ ਜ਼ੁਲਮ ਦਾ ਹਿਸਾਬ ਲਿਆ ਜਾਵੇਗਾ : ਕਿਸਾਨ ਆਗੂ
ਦੋ ਮਿੰਟ ਦਾ ਮੌਨ ਧਾਰ ਕੇ ਧਰਨਿਆਂ ‘ਚ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ
ਕਿਸਾਨ-ਆਗੂਆਂ ਵੱਲੋਂ ਸ਼ਾਂਤੀ ਬਣਾਏ ਰੱਖਣ ਅਤੇ ਜਥੇਬੰਦਕ ਸੰਘਰਸ਼ ਦੀ ਅਪੀਲ
ਚੰਡੀਗੜ੍ਹ,4 ਅਕਤੂਬਰ (ਵਿਸ਼ਵ ਵਾਰਤਾ) ;- ਯੂਪੀ ਦੇ ਲਖੀਮਪੁਰ ਖੇੜੀ ‘ਚ ਵਾਪਰੀ ਘਟਨਾ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚਾ ਦੇ ਦੇਸ਼-ਵਿਆਪੀ ਸੱਦੇ ‘ਤੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਸਾਰੇ 23 ਜਿਲ੍ਹਿਆਂ ਦੇ ਡਿਪਟੀ-ਕਮਿਸ਼ਨਰ ਦਫਤਰਾਂ ਸਾਹਮਣੇ ਜ਼ੋਰਦਾਰ ਕੇਂਦਰ ਅਤੇ ਯੂਪੀ ਦੀ ਭਾਜਪਾ ਸਰਕਾਰ ਖ਼ਿਲਾਫ਼ ਰੋਸ-ਮੁਜ਼ਾਹਰੇ ਕਰਦਿਆਂ ਰਾਸ਼ਟਰਪਤੀ ਨੂੰ ਰੋਸ-ਪੱਤਰ ਭੇਜੇ ਗਏ। ਸਾਰੇ ਧਰਨਿਆਂ ‘ਚ 2 ਮਿੰਟ ਮੌਨ ਧਾਰ ਕੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਸੈਂਕੜੇ ਪਿੰਡਾਂ ‘ਚ ਵੀ ਯੋਗੀ, ਖੱਟੜ ਅਤੇ ਮੋਦੀ ਦੇ ਪੁਤਲੇ ਫੂਕਦਿਆਂ ਕਿਸਾਨਾਂ ਨੇ ਰੋਸ ਜ਼ਾਹਰ ਕੀਤਾ।
ਕਿਸਾਨ ਆਗੂਆਂ ਬਲਬੀਰ ਸਿੰਘ ਰਾਜੇਵਾਲ, ਮਨਜੀਤ ਸਿੰਘ ਧਨੇਰ, ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਐਡਵੋਕੇਟ ਪ੍ਰੇਮ ਸਿੰਘ ਭੰਗੂ, ਜੰਗਬੀਰ ਸਿੰਘ ਚੌਹਾਨ ਨੇ ਕਿਹਾ ਕਿ ਕੇਂਦਰ ਸਰਕਾਰ ਪੂਰੀ ਤਰ੍ਹਾਂ ਬੌਖਲਾ ਗਈ ਹੈ। ਇਸ ਨੂੰ ਕਿਸਾਨ ਅੰਦੋਲਨ ਦਾ ਕੋਈ ਤੋੜ੍ਹ ਨਹੀਂ ਲੱਭ ਰਿਹਾ। ਕਿਸਾਨਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਇਸ ਕੋਲ ਕੋਈ ਜਵਾਬ ਨਹੀਂ ਹੈ। 11 ਗੇੜ ਦੀ ਚੱਲੀ ਗੱਲਬਾਤ ਦੌਰਾਨ ਕਿਸਾਨ ਆਗੂ ਸਰਕਾਰ ਨੂੰ ਇਖਲਾਕੀ ਤੌਰ ‘ਤੇ ਹਰਾ ਚੁੱਕੇ ਹਨ। ਕਿਸਾਨ ਅੰਦੋਲਨ ਦੀ ਦਿਨ-ਬ ਦਿਨ ਵਧ ਰਹੀ ਤਾਕਤ ਮੂਹਰੇ ਬੇਬਸ ਸਰਕਾਰ ਹੁਣ ਨੰਗੀ ਚਿੱਟੀ ਗੁੰਡਾਗਰਦੀ ‘ਤੇ ਉਤਰ ਆਈ ਹੈ। ਇੱਕ ਕੇਂਦਰੀ ਮੰਤਰੀ ਦੇ ਹੰਕਾਰੇ ਛੋਹਰ ਨੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉਪਰ ਗੱਡੀ ਚੜ੍ਹਾ ਦਿੱਤੀ। ਪੰਜ ਕਿਸਾਨ ਸ਼ਹੀਦ ਕਰਨ ਬਾਅਦ ਵੀ ਸਰਕਾਰ ਨੇ ਕੋਈ ਅਫਸੋਸ ਪ੍ਰਗਟ ਨਹੀਂ ਕੀਤਾ।
32 ਕਿਸਾਨ-ਜਥੇਬੰਦੀਆਂ ਵੱਲੋਂ ਵੱਖ-ਵੱਖ ਜਿਲ੍ਹਿਆਂ ਦੇ ਡਿਪਟੀ-ਕਮਿਸ਼ਨਰਾਂ ਰਾਹੀਂ ਦੇਸ਼ ਦੇ ਰਾਸ਼ਟਰਪਤੀ ਨੂੰ ਰੋਸ-ਪੱਤਰ ਭੇਜ ਕੇ ਮੰਗ ਕੀਤੀ ਗਈ ਕਿ :-
1.ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ ਅਤੇ ਉਸਦੇ ਵਿਰੁੱਧ ਹਿੰਸਾ ਭੜਕਾਉਣ ਤੇ ਫਿਰਕੂ ਨਫ਼ਰਤ ਫੈਲਾਉਣ ਦਾ ਮੁਕੱਦਮਾ ਦਰਜ਼ ਕੀਤਾ ਜਾਵੇ।
2. ਇਸ ਮੰਤਰੀ ਦੇ ਬੇਟੇ ਅਸ਼ੀਸ਼ ਮਿਸ਼ਰਾ’ਮੋਨੀ’ਅਤੇ ਉਸਦੇ ਗੁੰਡਾ ਸਾਥੀਆਂ ਵਿਰੁੱਧ 302 (ਕਤਲ) ਦਾ ਮੁਕੱਦਮਾ ਦਰਜ਼ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।
3. ਸੰਵਿਧਾਨਕ ਅਹੁਦੇ ‘ਤੇ ਹੁੰਦਿਆਂ ਹਿੰਸਾ ਲਈ ਉਕਸਾਉਣ ਦੇ ਦੋਸ਼ੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਉਨ੍ਹਾਂ ਦੇ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ।
ਧਰਨਿਆਂ ‘ਚ ਬੁਲਾਰਿਆਂ ਨੇ ਕਿਹਾ ਕਿ ਕੱਲ੍ਹ ਹਰਿਆਣਾ ਦੇ ਮੁੱਖਮੰਤਰੀ ਖੱਟਰ ਨੇ ਜੋ ‘ਜੈਸੇ ਨੂੰ ਤੈਸਾ’ ਵਾਲਾ ਬਿਆਨ ਦਿੱਤਾ ਹੈ ਇਹ ਬਿਆਨ ਸਿਰਫ ਗੈਰ- ਸੰਵਿਧਾਨਕ ਤੇ ਗੈਰਕਾਨੂੰਨੀ ਹੀ ਨਹੀਂ, ਇਹ ਅੰਦੋਲਨ ਨੂੰ ਹਿੰਸਾ ਦੇ ਰਾਹ ਪਾਉਣ ਦੀ ਸਾਜਿਸ਼ ਵੀ ਹੈ। ਇੱਕ ਸੰਵਿਧਾਨਕ ਅਹੁਦੇ ‘ਤੇ ਬੈਠੇ ਸ਼ਖਸ ਵੱਲੋਂ ਇਸ ਤਰ੍ਹਾਂ ਦਾ ਬਿਆਨ ਦੇਣਾ ਗੈਰਕਾਨੂੰਨੀ ਹੈ ਜਿਸ ‘ਤੇ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਅਸਲ ਵਿੱਚ ‘ਜੈਸੇ ਨੂੰ ਤੈਸਾ’ ਦਾ ਹਿਸਾਬ ਤਾਂ ਹੁਣ ਭਾਰਤ ਦੇ ਆਮ ਲੋਕ ਇਨ੍ਹਾਂ ਜੋਕਾਂ ‘ਤੋਂ ਲੈਣਗੇ। ਜਾਬਰਾਂ ਤੋਂ ਇਹ ਹਿਸਾਬ ਲੈਣ ਲਈ ਆਉ ਆਪਣੇ ਏਕੇ ਨੂੰ ਹੋਰ ਮਜ਼ਬੂਤ ਕਰੀਏ।
ਬੁਲਾਰਿਆਂ ਨੇ ਕਿਹਾ ਕਿ ਹੁਣ ਤੱਕ ਕਿਸਾਨ ਸੰਘਰਸ਼ ਪ੍ਰਤੀ ਇਸ ਦੀ ਬੇਲਾਗਤਾ ਅਤੇ ਹਰ ਹੀਲੇ ਸਾਮਰਾਜੀ ਨੀਤੀਆਂ ਲਾਗੂ ਕਰਨ ਦਾ ਹਠ ਹਜ਼ਾਰਾਂ ਕਿਸਾਨਾਂ ਦੀ ਜਾਨ ਲੈ ਚੁੱਕਿਆ ਹੈ। ਪਰ ਲੋਕਾਂ ਦਾ ਸਬਰ ਅਜ਼ਮਾਉਣ, ਢੀਠ ਚੁੱਪ ਧਾਰਨ ਕਰਨ ਅਤੇ ਸੰਘਰਸ਼ ਨੂੰ ਲਟਕਾ ਕੇ ਖੋਰਨ ਦਾ ਹਥਿਆਰ ਵੀ ਮਨ ਇੱਛਤ ਸਿੱਟੇ ਨਹੀਂ ਕੱਢ ਸਕਿਆ। ਲੋਕਾਂ ਦਾ ਸਬਰ ਅਜਮਾਉਂਦੀ ਹੋਈ ਹਕੂਮਤ ਦਾ ਆਪਣਾ ਸਬਰ ਦਮ ਤੋੜਦਾ ਜਾ ਰਿਹਾ ਹੈ। ਹੁਣ ਅਜਿਹੀਆਂ ਗੁੰਡਾ ਤਾਕਤਾਂ ਰਾਹੀਂ ਜੂਝ ਰਹੀਆਂ ਕਿਸਾਨ ਸਫ਼ਾਂ ਅੰਦਰ ਦਹਿਸ਼ਤ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਬੀਤੇ ਮਹੀਨਿਆਂ ਵਿੱਚ ਲੋਕ ਲਾਮਬੰਦੀ ਸਦਕਾ ਭਾਜਪਾ ਆਗੂਆਂ ਨੂੰ ਥਾਂ ਥਾਂ ਜ਼ਲੀਲ ਹੋਣਾ ਪਿਆ ਹੈ ਅਤੇ ਉਹ ਮੁਕੰਮਲ ਨਿਖੇੜੇ ਦੀ ਹਾਲਤ ਵਿੱਚ ਸੁੱਟੇ ਗਏ ਹਨ। ਸੱਤਾਧਾਰੀ ਧਿਰ ਦਾ ਲੋਕ ਆਧਾਰ ਬੁਰੀ ਤਰ੍ਹਾਂ ਖੁਰ ਰਿਹਾ ਹੈ ਤੇ ਉਹ ਹਰ ਹੀਲੇ ਇਸ ਹਾਲਤ ਤੋਂ ਜਲਦੀ ਤੋਂ ਜਲਦੀ ਛੁਟਕਾਰਾ ਪਾਉਣਾ ਚਾਹੁੰਦੀ ਹੈ। ਜੂਝ ਰਹੇ ਲੋਕਾਂ ਨੂੰ ਇਸ ਹਕੂਮਤ ਦੇ ਜਾਬਰ ਹਥਕੰਡਿਆਂ ਲਈ ਤਿਆਰ ਰਹਿਣਾ ਚਾਹੀਦਾ ਹੈ ਤੇ ਇਸ ਦੇ ਖ਼ਿਲਾਫ਼ ਅਸਰਦਾਰ ਟਾਕਰਾ ਉਸਾਰਨਾ ਚਾਹੀਦਾ ਹੈ। ਕਿਸਾਨ ਘੋਲ ਦਾ ਹੁਣ ਤੱਕ ਦਾ ਸਫ਼ਰ ਹਰ ਸੱਟ ਦੇ ਨਾਲ ਹੋਰ ਮਜ਼ਬੂਤ ਹੁੰਦੇ ਜਾਣ ਦਾ ਸਫ਼ਰ ਹੈ।