ਲਖੀਮਪੁਰ ਖੀਰੀ ਕਤਲ ਕਾਂਡ ਦੇ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਜਮਾਨਤ ਮਿਲਣਾ ਜਮਹੂਰੀ ਤਾਕਤਾਂ ਲਈ ਗੰਭੀਰ ਚੁਣੌਤੀ- ਕਿਸਾਨ ਆਗੂ
ਪ੍ਰਧਾਨਮੰਤਰੀ ਅਜੈ ਮਿਸ਼ਰਾ ਤੋਂ ਤੁਰੰਤ ਅਸਤੀਫ਼ਾ ਲੈਣ- ਕਿਸਾਨ ਆਗੂ
ਕਿਸਾਨ-ਜਥੇਬੰਦੀਆਂ ਵੱਲੋਂ ਕੇਂਦਰ-ਸਰਕਾਰ ਨੂੰ ਤਿੱਖੇ ਸੰਘਰਸ਼ ਦੀ ਸਖ਼ਤ ਚਿਤਾਵਨੀ
ਚੰਡੀਗੜ੍ਹ 11 ਫਰਵਰੀ (ਵਿਸ਼ਵ ਵਾਰਤਾ)-ਦੇਸ਼ ਭਰ ਦੇ ਸੰਘਰਸ਼ਸ਼ੀਲ ਕਿਸਾਨਾਂ, ਇਨਸਾਫਪਸੰਦ ਲੋਕਾਂ ਦੇ ਦਿਲ ਵਲੂੰਧਰਨ ਵਾਲੀ ਘਟਨਾ ਜਿਸ ‘ਚ ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ ਵਿਖੇ ਭਾਜਪਾ ਦੇ ਗੁੰਡਿਆਂ ਵੱਲੋਂ ਕੀਤੇ ਕਤਲੇਆਮ ਦੇ ਜਖ਼ਮ ਮੁੜ ਹਰੇ ਹੋ ਗਏ ਹਨ। ਇਹ ਬਿਆਨ ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਬੀਕੇਯੂ(ਕਾਦੀਆਂ) ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜਮਹੂਰੀ ਕਿਸਾਨ ਸਭਾ ਦੇ ਕੁਲਵੰਤ ਸਿੰਘ ਸੰਧੂ, ਪੰਜਾਬ ਕਿਸਾਨ ਯੂਨੀਅਨ ਦੇ ਰੁਲਦੂ ਸਿੰਘ ਮਾਨਸਾ, ਕੁੱਲ ਹਿੰਦ ਕਿਸਾਨ ਸਭਾ(ਅਜੈ ਭਵਨ) ਦੇ ਬਲਦੇਵ ਸਿੰਘ ਨਿਹਾਲਗੜ੍ਹ ਨੇ ਸਾਂਝੇ ਪ੍ਰੈੱਸ ਬਿਆਨ ਰਾਹੀ ਕਿਹਾ ਕਿ ਹਕੂਮਤੀ ਦਬਾਅ ਨੇ ਇਸ ਕਤਲ ਕਾਂਡ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਕੇ ਖੁੱਲ੍ਹੀ ਛੁੱਟੀ ਦੇ ਦਿੱਤੀ ਹੈ ਕਿ ਬਾਹਰ ਆ ਕੇ ਇਹ ਕਾਤਲ ਹਰ ਤਰਾਂ ਦੀਆਂ ਗਵਾਹੀਆਂ ਅਤੇ ਤੱਥਾਂ ਨੂੰ ਪ੍ਰਭਾਵਿਤ ਕਰਨ ਦਾ ਯਤਨ ਕਰ ਸਕੇ। ਅਸ਼ੀਸ਼ ਮਿਸ਼ਰਾ ਨੂੰ ਜਮਾਨਤ ਮਿਲਣ ਨਾਲ ਸ਼ਹੀਦ ਕਿਸਾਨ ਪਰਿਵਾਰਾਂ ‘ਤੇ ਵੀ ਡਰਾਉਣ ਧਮਕਾਉਣ ਲਾਲਚ ਦੇਣ ਦੀ ਤਲਵਾਰ ਲਟਕੇਗੀ। ਕਿਸਾਨ ਆਗੂਆਂ ਨੇ ਹੈਰਾਨੀ ਪ੍ਰਗਟ ਕੀਤੀ ਕਿ ਸੁਪਰੀਮ ਕੋਰਟ ਵੱਲੋਂ ਨਿਯੁਕਤ ਪੰਜਾਬ ਹਰਿਆਣਾ ਹਾਈਕੋਰਟ ਦੇ ਸਾਬਕਾ ਜੱਜ ਰਾਕੇਸ਼ ਕੁਮਾਰ ਜੈਨ ਦੀ ਅਗਵਾਈ ‘ਚ ਬਣੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਇਸ ਕਤਲ ਕਾਂਡ ਨੂੰ ਕੋਈ ਅਣਗਹਿਲੀ ਵੱਸ ਹੋਏ ਕਾਰੇ ਦੀ ਥਾਂ ਕਿਸਾਨਾਂ ਨੂੰ ਮਾਰਨ ਲਈ ਬਣਾਈ ਇੱਕ ਸਾਜਿਸ਼ ਕਰਾਰ ਦਿੱਤਾ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲਣਾ ਦੁਖਦਾਇਕ ਹੈ। ਉਨ੍ਹਾਂ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਦੀ ਜ਼ਮਾਨਤ ਰੱਦ ਕਰਾਉਣ ਲਈ ਯੂ ਪੀ ਸਰਕਾਰ ‘ਤੇ ਦਬਾਅ ਪਾਉਣ ਲਈ ਸਮੂਹ ਜਮਹੂਰੀ ਸ਼ਕਤੀਆਂ ਨੂੰ ਆਵਾਜ ਬੁਲੰਦ ਕਰਨ ਦਾ ਸੱਦਾ ਦਿੰਦਿਆ ਕਿਹਾ ਕਿ ਅਸ਼ੀਸ਼ ਮਿਸ਼ਰਾ ਦੀ ਜਮਾਨਤ ਕੈਂਸਲ ਕਰਾਉਣ ਅਤੇ ਅਜੈ ਮਿਸ਼ਰਾ ਟੈਨੀ ਦਾ ਅਸਤੀਫਾ ਦਿਵਾਉਣ ਲਈ ਜੋਰਦਾਰ ਮੁਹਿੰਮ ਲਾਮਬੰਦ ਕਰਨ। ਦੇਸ਼ ਦੇ ਕਿਸਾਨ ਇਹ ਬੇਇਨਸਾਫ਼ੀ ਕਦਾਚਿਤ ਬਰਦਾਸ਼ਤ ਨਹੀਂ ਕਰਨਗੇ। ਬੀਕੇਯੂ-ਡਕੌਂਦਾ ਦੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਲਖੀਮਪੁਰ ਖੇੜੀ ਮਾਮਲੇ ਵਿੱਚ 4 ਕਿਸਾਨਾਂ ਅਤੇ ਇੱਕ ਪੱਤਰਕਾਰ ਦੀ ਹੱਤਿਆ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲਣਾ ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਜਾਣਬੁੱਝ ਕੇ ਕੀਤੀ ਗਈ ਕਮਜ਼ੋਰ ਲਾਬਿੰਗ ਦਾ ਨਤੀਜਾ ਹੈ। ਇਸ ਦੀ ਸਖ਼ਤ ਨਿਖੇਧੀ ਕਰਦਿਆਂ, ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਹਟਾਉਣ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਅਹੁਦੇ ਤੋਂ ਬਰਖਾਸਤ ਕਰਨ ਦੀ ਮੰਗ ਨੂੰ ਦੁਹਰਾਇਆ। ਕਿਸਾਨ-ਆਗੂਆਂ ਨੇ ਕਿਹਾ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਗ੍ਰਹਿ ਮੰਤਰੀ ਅਜੈ ਮਿਸ਼ਰਾ ਟੈਨੀ ਤੋਂ ਤੁਰੰਤ ਅਸਤੀਫ਼ਾ ਲੈਣ, ਨਹੀਂ ਤਾਂ ਇਹ ਸਮਝਿਆ ਹੀ
ਜਾਵੇਗਾ ਕਿ ਇਹ ਸਭ ਉਹਨਾਂ ਦੇ ਇਸ਼ਾਰਿਆਂ ‘ਤੇ ਹੋਇਆ ਹੈ।