ਲਖੀਮਪੁਰ ਖੀਰੀ ਹਿੰਸਾ ਮਾਮਲਾ-ਦੋਸ਼ੀ ਭਾਜਪਾ ਮੰਤਰੀ ਦੇ ਬੇਟੇ ਦੀ ਜ਼ਮਾਨਤ ਦੇ ਖਿਲਾਫ ਪੀੜਤ ਪਰਿਵਾਰਾਂ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
ਚੰਡੀਗੜ੍ਹ,21 ਫਰਵਰੀ(ਵਿਸ਼ਵ ਵਾਰਤਾ)-ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਪੀੜਤ ਪਰਿਵਾਰਾਂ ਨੇ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਹੈ। ਇਨ੍ਹਾਂ ਲੋਕਾਂ ਨੇ ਇਸ ਮਾਮਲੇ ਦੇ ਮੁੱਖ ਦੋਸ਼ੀ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਰੱਦ ਕਰਨ ਦੀ ਮੰਗ ਕੀਤੀ ਹੈ। ਜਿਕਰਯੋਗ ਹੈ ਕਿ ਹਾਲ ਹੀ ‘ਚ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਸੀ। ਕੁਝ ਦਿਨਾਂ ਬਾਅਦ ਉਹ ਜੇਲ੍ਹ ਤੋਂ ਰਿਹਾਅ ਹੋ ਗਿਆ। ਇਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਅਤੇ ਕਿਸਾਨ ਨੇਤਾਵਾਂ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਯੋਗੀ ਸਰਕਾਰ ਨੇ ਇਸ ਮਾਮਲੇ ਵਿੱਚ ਸਹੀ ਢੰਗ ਨਾਲ ਵਕਾਲਤ ਨਹੀਂ ਕੀਤੀ। ਦੂਜੇ ਪਾਸੇ ਭਾਜਪਾ ਆਗੂਆਂ ਨੇ ਕਿਹਾ ਕਿ ਇਹ ਫੈਸਲਾ ਅਦਾਲਤ ਦਾ ਹੈ ਅਤੇ ਸਰਕਾਰ ਅਦਾਲਤ ਦੇ ਕੰਮ ਵਿੱਚ ਦਖ਼ਲ ਨਹੀਂ ਦਿੰਦੀ।